ਪਾਲ ਸਿੰਘ ਨੌਲੀ
ਜਲੰਧਰ, 23 ਅਗਸਤ
ਗੰਨੇ ਦੇ ਬਕਾਏ ਅਤੇ ਭਾਅ ਵਧਾਉਣ ਲਈ ਕਿਸਾਨਾਂ ਵੱਲੋਂ ਛੇੜੇ ਗਏ ਸੰਘਰਸ਼ ਦੌਰਾਨ ਖੇਤੀਬਾੜੀ ਮਾਹਿਰ ਕਿਸਾਨਾਂ ਦੀਆਂ ਦਲੀਲਾਂ ਨਾਲ ਸਹਿਮਤ ਹੋ ਗਏ ਹਨ ਕਿ ਗੰਨੇ ਦੀ ਲਾਗਤ ਪ੍ਰਤੀ ਕੁਇੰਟਲ 470 ਰੁਪਏ ਦੇ ਕਰੀਬ ਆਉਂਦੀ ਹੈ। ਡੀਸੀ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਢਾਈ ਤੋਂ ਤਿੰਨ ਘੰਟੇ ਤੱਕ ਕਿਸਾਨਾਂ ਤੇ ਖੇਤੀਬਾੜੀ ਮਾਹਿਰਾਂ ਵਿੱਚ ਚੱਲੀ ਗੱਲਬਾਤ ਦੌਰਾਨ ਕਈ ਵਾਰ ਤਿੱਖੀ ਨੋਕ-ਝੋਕ ਹੋਈ। ਖੇਤੀਬਾੜੀ ਮਾਹਿਰ ਗੰਨੇ ਦੀ ਲਾਗਤ 345 ਰੁਪਏ ਪ੍ਰਤੀ ਕੁਇੰਟਲ ਦੱਸ ਰਹੇ ਸਨ, ਜਦਕਿ ਕਿਸਾਨ 470 ਰੁਪਏ ਦੱਸ ਰਹੇ ਸਨ। ਇਸੇ ਦੌਰਾਨ ਗੰਨੇ ਦੇ ਭਾਅ ’ਤੇ ਕੋਈ ਸਹਿਮਤੀ ਨਹੀਂ ਹੋ ਸਕੀ, ਜਿਸ ਬਾਰੇ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਿਸਾਨ ਆਗੂਆਂ ’ਚ ਭਲਕੇ 24 ਅਗਸਤ ਨੂੰ ਚੰਡੀਗੜ੍ਹ ’ਚ 3.00 ਵਜੇ ਹੋਣ ਵਾਲੀ ਮੀਟਿੰਗ ਵਿੱਚ ਹੋਣ ਦੀ ਸੰਭਾਵਨਾ ਹੈ। ਕਿਸਾਨ ਆਗੂ ਮਨਜੀਤ ਸਿੰਘ ਰਾਏ ਤੇ ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਜਥੇਬੰਦੀਆਂ ਵੱਲੋਂ 24 ਅਗਸਤ ਨੂੰ ਪੰਜਾਬ ਬੰਦ ਦਾ ਦਿੱਤਾ ਸੱਦਾ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਬਾਰੇ ਫ਼ੈਸਲਾ ਮੁੱਖ ਮੰਤਰੀ ਨਾਲ ਮੀਟਿੰਗ ਹੋਣ ਮਗਰੋਂ ਲਿਆ ਜਾਵੇਗਾ। ਆਗੂਆਂ ਨੇ ਸਪੱਸ਼ਟ ਕੀਤਾ ਕਿ ਕੌਮੀ ਮਾਰਗ ਅਤੇ ਰੇਲ ਮਾਰਗ ਪਹਿਲਾਂ ਵਾਂਗ ਹੀ ਜਾਮ ਰਹਿਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨਾਲ ਜੇਕਰ ਗੱਲ ਕਿਸੇ ਤਣ-ਪੱਤਣ ਨਾ ਲੱਗੀ ਤਾਂ ਚੰਡੀਗੜ੍ਹ ਵਿੱਚ ਹੀ ਕਿਸਾਨ ਜਥੇਬੰਦੀਆਂ ਅਗਲੇ ਸੰਘਰਸ਼ ਦੀ ਰਣਨੀਤੀ ਬਣਾ ਕੇ ਉਸ ਦਾ ਐਲਾਨ ਕਰ ਦੇਣਗੀਆਂ। ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਬਲਬੀਰ ਸਿੰਘ ਰਾਜੇਵਾਲ, ਜਗਜੀਤ ਸਿੰਘ ਡੱਲੇਵਾਲ, ਮੁਕੇਸ਼ ਚੰਦਰ ਤੇ ਹੋਰ ਆਗੂ ਹਾਜ਼ਰ ਸਨ। ਸਰਕਾਰੀ ਧਿਰ ਵੱਲੋਂ ਗੰਨਾ ਕਮਿਸ਼ਨਰ ਡਾ. ਗੁਰਵਿੰਦਰ ਸਿੰਘ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸੁਖਦੇਵ ਸਿੰਘ ਸਿੱਧੂ ਤੇ ਖੇਤੀਬਾੜੀ ਕਮਿਸ਼ਨਰ ਬਲਵਿੰਦਰ ਸਿੰਘ ਸਿੱਧੂ ਹਾਜ਼ਰ ਸਨ।
ਇਸੇ ਦੌਰਾਨ ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਜਥੇ ਨੇ ਧਰਨੇ ਵਿੱਚ ਸ਼ਮੂਲੀਅਤ ਕੀਤੀ ਗਈ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਆਗੂ ਸੰਤੋਖ ਸਿੰਘ ਸੰਧੂ, ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਤਰਪ੍ਰੀਤ ਸਿੰਘ ਉੱਪਲ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਕਸਮੀਰ ਸਿੰਘ ਘੁੱਗਸ਼ੋਰ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਕਿਸਾਨਾਂ ਨਾਲ ਕੇਂਦਰ ਵਰਗਾ ਵਿਵਹਾਰ ਕਰ ਰਹੀ ਹੈ।
ਮੀਟਿੰਗ ਵਿੱਚ ਵਿਸਥਾਰ ਨਾਲ ਚਰਚਾ ਹੋਈ: ਖੇਤੀਬਾੜੀ ਕਮਿਸ਼ਨਰ
ਖੇਤੀਬਾੜੀ ਕਮਿਸ਼ਨਰ ਬਲਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਵਿਸਥਾਰ ਨਾਲ ਚਰਚਾ ਹੋਈ। ਉਨ੍ਹਾਂ ਦਾਅਵਾ ਕੀਤਾ ਕਿ ਗੱਲਬਾਤ ਬੜੇ ਸੁਖਾਵੇਂ ਤੇ ਹਾਂ-ਪੱਖੀ ਮਾਹੌਲ ’ਚ ਹੋਈ ਹੈ।