ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਸਤੰਬਰ
ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦਾ ਸਾਰਾ ਬਕਾਇਆ ਜਾਰੀ ਕਰਦਿਆਂ ਉਨ੍ਹਾਂ ਦੇ ਖਾਤਿਆਂ ਵਿੱਚ 75 ਕਰੋੜ ਰੁਪਏ ਆਖਰੀ ਕਿਸ਼ਤ ਵਜੋਂ ਜਮ੍ਹਾਂ ਕਰਵਾ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਬੁੱਧਵਾਰ ਸੱਤ ਸਤੰਬਰ ਨੂੰ ਕਿਸਾਨਾਂ ਨੂੰ ਅਦਾਇਗੀ ਵਜੋਂ 75 ਕਰੋੜ ਰੁਪਏ ਸ਼ੂਗਰਫੈੱਡ, ਪੰਜਾਬ ਰਾਹੀਂ ਜਾਰੀ ਕਰ ਦਿੱਤੇ ਹਨ। ਅੱਜ ਸਬੰਧਤ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਇਹ ਰਕਮ ਜਮ੍ਹਾਂ ਕਰਵਾ ਦਿੱਤੀ ਹੈ। ਇਸ ਅਦਾਇਗੀ ਤੋਂ ਬਾਅਦ ਅਜਨਾਲਾ, ਬਟਾਲਾ, ਬੁੱਢੇਵਾਲ, ਭੋਗਪੁਰ, ਫਾਜ਼ਿਲਕਾ, ਗੁਰਦਾਸਪੁਰ, ਮੋਰਿੰਡਾ, ਨਕੋਦਰ ਅਤੇ ਨਵਾਂਸ਼ਹਿਰ ਖੰਡ ਮਿੱਲਾਂ ਵੱਲ ਗੰਨਾ ਕਾਸ਼ਤਕਾਰਾਂ ਦਾ ਕੋਈ ਬਕਾਇਆ ਨਹੀਂ ਰਿਹਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਕਾਇਆ ਅਦਾਇਗੀਆਂ ਸੀਜ਼ਨ 2021-22 ਨਾਲ ਸਬੰਧਤ ਹਨ ਅਤੇ ਪਹਿਲੀ ਦਫ਼ਾ ਕਿਸਾਨਾਂ ਦੇ ਸਾਰੇ ਬਕਾਏ ਜਾਰੀ ਕੀਤੇ ਗਏ ਹਨ।