ਗੰਨੇ ਦਾ ਬਕਾਇਆ: ਕਿਸਾਨਾਂ ਵੱਲੋਂ ਕੌਮੀ ਮਾਰਗ ਜਾਮ : The Tribune India

ਗੰਨੇ ਦਾ ਬਕਾਇਆ: ਕਿਸਾਨਾਂ ਵੱਲੋਂ ਕੌਮੀ ਮਾਰਗ ਜਾਮ

ਸਰਕਾਰੀ ਭਰੋਸੇ ਦੇ ਬਾਵਜੂਦ ਕਿਸਾਨਾਂ ਨੇ ਨਾ ਚੁੱਕਿਆ ਧਰਨਾ

ਗੰਨੇ ਦਾ ਬਕਾਇਆ: ਕਿਸਾਨਾਂ ਵੱਲੋਂ ਕੌਮੀ ਮਾਰਗ ਜਾਮ

ਫਗਵਾੜਾ ਦੀ ਗੋਲਡਨ ਸੰਧੜ ਖੰਡ ਮਿੱਲ ਬਾਹਰ ਕਿਸਾਨਾਂ ਵੱਲੋਂ ਟਰੈਕਟਰ-ਟਰਾਲੀਆਂ ਖੜ੍ਹੀਆਂ ਕਰਕੇ ਰੋਕਿਆ ਗਿਆ ਕੌਮੀ ਮਾਰਗ। -ਫੋਟੋ: ਸਰਬਜੀਤ ਸਿੰਘ

ਜਸਬੀਰ ਸਿੰਘ ਚਾਨਾ

ਫਗਵਾੜਾ, 12 ਅਗਸਤ

ਫਗਵਾੜਾ ਖੰਡ ਮਿੱਲ ਵੱਲ ਖੜ੍ਹਾ ਗੰਨੇ ਦਾ 72 ਕਰੋੜ ਰੁਪਏ ਬਕਾਇਆ ਲੈਣ ਲਈ ਅੱਜ ਸਵੇਰੇ ਕਿਸਾਨ ਜਥੇਬੰਦੀਆਂ ਨੇ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਦੇ ਦੋਵੇਂ ਪਾਸੇ ਧਰਨਾ ਲਾ ਕੇ ਆਵਾਜਾਈ ਠੱਪ ਕਰ ਦਿੱਤੀ। ਕਿਸਾਨ ਪਿਛਲੇ ਕਈ ਦਿਨਾਂ ਤੋਂ ਖੰਡ ਮਿਲ ਨੇੜੇ ਕੌਮੀ ਮਾਰਗ ’ਤੇ ਇਕ ਪਾਸੇ ਧਰਨਾ ਲਾਈ ਬੈਠੇ ਹਨ ਅਤੇ ਸਰਕਾਰ ਆਪਣੇ ਕੋਲੋਂ ਗੰਨੇ ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਦੀਆਂ 31 ਜਥੇਬੰਦੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ 25 ਅਗਸਤ ਤੱਕ ਸਮੂਹ ਗੰਨਾ ਮਿੱਲਾਂ ਦਾ ਬਕਾਇਆ ਜਾਰੀ ਨਾ ਕੀਤਾ ਗਿਆ ਤਾਂ ਸੂਬਾ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ। ਕਿਸਾਨਾਂ ਦੇ ਧਰਨੇ ਕਾਰਨ ਕੌਮੀ ਮਾਰਗ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਪੁਲੀਸ ਨੇ ਆਵਾਜਾਈ ਬਹਾਲ ਰੱਖਣ ਲਈ ਬਦਲਵੇਂ ਰਸਤਿਆਂ ਦਾ ਪ੍ਰਬੰਧ ਵੀ ਕੀਤਾ ਪਰ ਕੌਮੀ ਮਾਰਗ ਹੋਣ ਕਾਰਨ ਇਥੇ ਸਾਰਾ ਦਿਨ ਜਾਮ ਰਿਹਾ। ਦੇਰ ਸ਼ਾਮ ਖ਼ਬਰ ਲਿਖੇ ਜਾਣ ਤੱਕ ਕਿਸਾਨਾਂ ਦਾ ਧਰਨਾ ਜਾਰੀ ਸੀ। ਇਸੇ ਦੌਰਾਨ ਸ਼ਾਮੀਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਮੰਗਾਂ ਮੰਨਣ ਦਾ ਭਰੋਸਾ ਦਿੱਤਾ। ਉਨ੍ਹਾਂ ਆਖਿਆ ਕਿ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਉਹ ਧਰਨਾ ਸਮਾਪਤ ਕਰ ਦੇਣ। ਕੈਬਨਿਟ ਮੰਤਰੀ ਨਾਲ ਮੀਟਿੰਗ ਮਗਰੋਂ ਕਿਸਾਨ ਆਗੂ ਮਨਜੀਤ ਰਾਏ ਨੇ ਆਖਿਆ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਭਲਕੇ ਸਵੇਰੇ ਮੀਟਿੰਗ ਕੀਤੀ ਜਾਵੇਗੀ, ਜਿਸ ’ਚ ਧਰਨਾ ਖ਼ਤਮ ਕਰਨ ਜਾਂ ਨਾ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ ਤੇ ਫ਼ਿਲਹਾਲ ਧਰਨਾ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਫ਼ਿਲਹਾਲ ਕਿਸਾਨ ਸਰਕਾਰ ਦੇ ਭਰੋਸੇ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਨਹੀਂ ਹਨ। ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਦੀਆਂ 31 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਗੁਰਦੁਆਰਾ ਗਿਆਨਸਰ ਵਿੱਚ ਹੋਈ। ਮੀਟਿੰਗ ਮਗਰੋਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਦੇਵ ਸਿੰਘ ਸੰਧੂ ਨੇ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਹੁਣ ਤੱਕ ਖਜ਼ਾਨਾ ਮੰਤਰੀ ਤੇ ਖੇਤੀ ਮੰਤਰੀ ਨਾਲ ਹੋਈਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ, ਜਿਸ ਤੋਂ ਨਿਰਾਸ਼ ਹੋ ਕੇ ਇਹ ਸੰਘਰਸ਼ ਵਿੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਫਗਵਾੜਾ ਖੰਡ ਮਿੱਲ ਦੀ ਭੂਨਾ ਹਰਿਆਣਾ ’ਚ ਪਈ ਮਿੱਲ ਦੀ ਰਜਿਸਟਰੀ ਵਿੱਚ ਸਰਕਾਰ ਵੱਲੋਂ ਅੜਿੱਕਾ ਡਾਹਿਆ ਗਿਆ ਜਿਸ ਕਰਕੇ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੂਹ ਗੰਨਾ ਮਿੱਲਾਂ ਤੋਂ ਬਕਾਇਆ ਰਾਸ਼ੀ ਦੀ ਅਦਾਇਗੀ ਕਰਵਾ ਕੇ ਹੀ ਇਹ ਸੰਘਰਸ਼ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਹਰ ਸਾਲ ਕਰੋੜਾਂ ਰੁਪਏ ਦਾ ਸ਼ੂਗਰ ਸੈੱਸ ਵਸੂਲਦੀ ਹੈ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਕਿਸਾਨਾਂ ਦੀ ਬਕਾਇਆ ਰਾਸ਼ੀ ਜਾਰੀ ਕਰਵਾਏ। ਇਸ ਦੇ ਨਾਲ ਹੀ ਉਨ੍ਹਾਂ 17 ਅਗਸਤ ਨੂੰ ਲਖੀਮਪੁਰ ਖੀਰੀ ’ਚ ਦਿੱਤੇ ਜਾਣ ਵਾਲੇ ਧਰਨੇ ਵਿੱਚ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਗੱਲ ਆਖੀ। ਉਨ੍ਹਾਂ ਇਸ ਬਿਮਾਰੀ ਕਾਰਨ ਮਰਨ ਵਾਲੇ ਪਸ਼ੂਆਂ ਦੇ ਮਾਲਕਾਂ ਨੂੰ ਪ੍ਰਤੀ ਪਸ਼ੂ ਇੱਕ ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ।

ਫਤਿਹਾਬਾਦ ਦੇ ਡੀਸੀ ਨੂੰ ਜਾਰੀ ਚਿੱਠੀ ਵਾਪਸ ਲਈ: ਧਾਲੀਵਾਲ

ਫਗਵਾੜਾ: ਪੰਜਾਬ ਦੇ ਖੇਤੀਬਾੜੀ ਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਨਗਰ ਨਿਗਮ ਹਾਲ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆ ਨੂੰ ਤੁਰੰਤ ਹੱਲ ਕਰਨ ਦਾ ਭਰੋਸਾ। ਸ੍ਰੀ ਧਾਲੀਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ੂਗਰ ਮਿੱਲ ਚੌਕ ’ਚ ਲਾਇਆ ਧਰਨਾ ਸਮਾਪਤ ਕਰ ਦੇਣ। ਕਿਸਾਨ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਹਿੱਤਾਂ ਲਈ ਪੂਰੀ ਤਰ੍ਹਾਂ ਗੰਭੀਰ ਹੈ, ਜਿਹੜੀ ਚਿੱਠੀ ਪੰਜਾਬ ਸਰਕਾਰ ਨੇ ਰਜਿਸਟਰੀ ਰੁਕਵਾਉਣ ਲਈ ਡੀਸੀ ਫਤਿਹਾਬਾਦ ਨੂੰ ਜਾਰੀ ਕੀਤੀ ਸੀ ਉਹ ਚਿੱਠੀ ਪੰਜਾਬ ਸਰਕਾਰ ਨੇ ਵਾਪਸ ਲੈ ਲਈ ਹੈ, ਜਿਸ ਨਾਲ 24 ਕਰੋੜ ਰੁਪਏ ਦੀ ਰਾਸ਼ੀ ਲਗਪਗ ਰਜਿਸਟਰੀ ਹੋਣ ’ਤੇ ਕਿਸਾਨਾਂ ਨੂੰ ਮਿਲ ਜਾਵੇਗੀ ਅਤੇ ਬਾਕੀ ਅਦਾਇਗੀ ਕਰਨ ਲਈ ਵੀ ਸਰਕਾਰ ਮਿੱਲ ਦੀ ਜ਼ਮੀਨ ਦੀ ਕੁਰਕੀ ਕਰਨ ਸਮੇਤ ਹੋਰ ਰਾਹ ਲੱਭ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All