ਨਿੱਜੀ ਪੱਤਰ ਪ੍ਰੇਰਕ
ਜਲੰਧਰ, 26 ਮਈ
ਪੰਜਾਬ ਦੇ ਸਹਿਕਾਰਤਾ ਅਤੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ 16 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਅਹਿਮ ਵਿਚਾਰਾਂ ਕਰਦਿਆਂ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੇ ਮਸਲਿਆਂ ਨੂੰ ਨਬਿੇੜਨ ਲਈ ਸੂਬਾ ਸਰਕਾਰ ਪੂਰੇ ਸੁਹਿਰਦ ਯਤਨ ਕਰ ਰਹੀ ਹੈ ਅਤੇ ਆਉਂਦੀ 3 ਜੂਨ ਨੂੰ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਦੇ ਹੱਲ ਲਈ ਚੰਡੀਗੜ੍ਹ ’ਚ ਮੀਟਿੰਗ ਸੱਦੀ ਗਈ ਹੈ।
ਸਥਾਨਕ ਸਰਕਟ ਹਾਊਸ ’ਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਵਿਸਥਾਰ ਵਿੱਚ ਗੰਨਾ ਕਾਸ਼ਤਕਾਰਾਂ ਦੇ ਮਸਲਿਆਂ ਬਾਬਤ ਗੱਲਬਾਤ ਕਰਨ ਉਪਰੰਤ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਕਾਸ਼ਤਕਾਰਾਂ ਦੇ ਸਹਿਕਾਰੀ ਅਤੇ ਨਿੱਜੀ ਖੰਡ ਮਿੱਲਾਂ ਵੱਲ ਖੜ੍ਹੇ ਬਕਾਏ ਵੀ ਜਲਦ ਤੋਂ ਜਲਦ ਦਿਵਾਉਣ ਲਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਇਨ੍ਹਾਂ ਕਾਸ਼ਤਕਾਰਾਂ ਦੇ ਵੱਖ-ਵੱਖ ਲੰਬਿਤ ਮਾਮਲਿਆਂ ਦੇ ਨਬਿੇੜੇ ਲਈ ਆਉਂਦੇ 10 ਦਿਨਾਂ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਵਿਸ਼ੇਸ਼ ਮੀਟਿੰਗ ਕਰਵਾਈ ਜਾਵੇਗੀ ਤਾਂ ਜੋ ਕਿਸਾਨਾਂ ਦੀਆਂ ਵਾਜਬਿ ਮੰਗਾਂ ਦਾ ਹੱਲ ਕੀਤਾ ਜਾ ਸਕੇ।
ਇਸ ਮੌਕੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ, ਵਧੀਕ ਮੁੱਖ ਸਕੱਤਰ (ਵਿੱਤ) ਕੇਏਪੀ ਸਿਨਹਾ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ, ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ, ਕਿਸਾਨ ਜਥੇਬੰਦੀਆਂ ਦੇ ਆਗੂ ਹਰਮੀਤ ਸਿੰਘ ਕਾਦੀਆਂ, ਮਨਜੀਤ ਸਿੰਘ ਰਾਏ, ਨਿਰਭੈਅ ਸਿੰਘ ਢੁੱਡੀਕੇ, ਸਤਨਾਮ ਸਿੰਘ ਸਾਹਨੀ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਸਤਨਾਮ ਸਿੰਘ ਸੰਧੂ, ਅਮਰੀਕ ਸਿੰਘ, ਕਿਰਨਜੀਤ ਸਿੰਘ ਸੇਖੋਂ, ਲਖਵਿੰਦਰ ਸਿੰਘ, ਮੁਕੇਸ਼ ਚੰਦਰ ਸ਼ਰਮਾ, ਫੁਰਮਾਨ ਸਿੰਘ ਸੰਧੂ, ਕੁਲਦੀਪ ਸਿੰਘ ਬਜੀਦਪੁਰ, ਮੁਖਤਾਰ ਸਿੰਘ ਮੱਲ੍ਹਾ ਅਤੇ ਸਤਨਾਮ ਸਿੰਘ ਆਦਿ ਮੌਜੂਦ ਸਨ।