ਦਿੱਲੀ ਦੇ ਰੇਲਵੇ ਸਟੇਸ਼ਨ ਦਾ ਨਾਮ ਗੁਰੂ ਤੇਗ ਬਹਾਦਰ ਦੇ ਨਾਂ ’ਤੇ ਰੱਖਣ ਦਾ ਸੁਝਾਅ
ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਦੌਰਾਨ ਦਿੱਲੀ ਦੇ ਰੇਲਵੇ ਸਟੇਸ਼ਨ ਦਾ ਨਾਂਅ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਂਅ ’ਤੇ ਰੱਖਣ ਦਾ ਸੁਝਾਅ ਪੇਸ਼ ਕੀਤਾ ਗਿਆ ਹੈ। ਇਹ ਸੁਝਾਅ ਅੱਜ ਭਾਰਤੀ ਰੇਲਵੇ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਮਨਾਉਣ ਲਈ ਤਿਆਰੀ ਸਬੰਧੀ ਕੀਤੀ ਗਈ ਉਚ ਪੱਧਰੀ ਮੀਟਿੰਗ ਵਿੱਚ ਪੇਸ਼ ਕੀਤਾ ਗਿਆ। ਇਹ ਮੀਟਿੰਗ ਨਵੀਂ ਦਿੱਲੀ ਰੇਲ ਭਵਨ ਵਿੱਚ ਹੋਈ ਜਿਸ ਵਿੱਚ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੰਬੋਧਨ ਕੀਤਾ।
ਕੇਂਦਰੀ ਰਾਜ ਮੰਤਰੀ ਬਿੱਟੂ ਨੇ ਦੱਸਿਆ ਕਿ ਭਾਰਤੀ ਰੇਲਵੇ ਵਿਭਾਗ ਵੱਲੋਂ ਗੁਰੂ ਸਾਹਿਬ ਦੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦੀ ਦਿਵਸ ਮਨਾਉਣ ਲਈ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਇਤਿਹਾਸਿਕ ਸ਼ਤਾਬਦੀ ਦੀ ਯਾਦ ਵਿੱਚ ਸਿੱਖ ਸੰਸਥਾਵਾਂ ਦੇ ਆਗੂਆਂ ਵੱਲੋਂ ਕਈ ਸੁਝਾਅ ਦਿੱਤੇ ਗਏ ਹਨ ਜੋ ਸਵਾਗਤਯੋਗ ਹਨ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਹੈ ਜਦੋਂ ਸ਼ਤਾਬਦੀ ਸਮਾਰੋਹ ਮਨਾਉਣ ਵਾਸਤੇ ਪ੍ਰਮੁੱਖ ਸਿੱਖ ਸੰਸਥਾਵਾਂ ਦੇ ਪ੍ਰਤਿਨਿਧ ਸੱਦੇ ਗਏ ਹਨ ਅਤੇ ਉਨ੍ਹਾਂ ਕੋਲੋਂ ਸੁਝਾਅ ਲੈ ਕੇ ਚਰਚਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੇਸ਼ ਭਰ ਵਿੱਚ ਸਾਰੇ ਰੇਲਵੇ ਸਟੇਸ਼ਨ ਅਤੇ ਰੇਲ ਗੱਡੀਆਂ ਵਿੱਚ ਗੁਰੂ ਸਾਹਿਬ ਦੇ ਸਲੋਕਾਂ ਨੂੰ ਪ੍ਰਦਰਸ਼ਤ ਕੀਤਾ ਜਾਵੇਗਾ। ਸ਼ਤਾਬਦੀ ਸਮਾਗਮਾਂ ਦੌਰਾਨ ਵੱਖ ਵੱਖ ਥਾਵਾਂ ਤੋਂ ਵਿਸ਼ੇਸ਼ ਯਾਦਗਰੀ ਰੇਲ ਗੱਡੀਆਂ ਚਲਾਈਆਂ ਜਾਣਗੀਆਂ, ਪਟਨਾ ਸਾਹਿਬ, ਹਜ਼ੂਰ ਸਾਹਿਬ ਅਤੇ ਹਰਿਆਣਾ ਵਿੱਚ ਤੇ ਹੋਰ ਰੇਲਵੇ ਸਟੇਸ਼ਨਾਂ ’ਤੇ ਪੰਜਾਬੀ ਵਿੱਚ ਸਾਈਨ ਬੋਰਡ ਲਾਏ ਜਾਣਗੇ, ਸੱਚਖੰਡ ਐਕਸਪ੍ਰੈੱਸ ਅਤੇ ਹੋਰ ਅਜਿਹੀਆਂ ਗੱਡੀਆਂ ਵਿੱਚ ਸਫਾਈ ਪ੍ਰਬੰਧਾਂ ਵਿੱਚ ਸੁਧਾਰ ਕੀਤਾ ਜਾਵੇਗਾ ਅਤੇ ਲੰਗਰ ਮੁਹੱਈਆ ਕਰਵਾਇਆ ਜਾਵੇਗਾ।