ਗੁਰਨਾਮ ਸਿੰਘ ਅਕੀਦਾ
ਪਟਿਆਲਾ, 8 ਅਕਤੂਬਰ
ਅੱਜ ਇੱਥੇ ਹੋਏ ਮੁਜ਼ਾਹਰੇ ਵਿੱਚ ਔਰਤਾਂ ਦੀ ਸ਼ਮੂਲੀਅਤ ਅਤੇ ਰੋਹ ਦੇਖਣ ਵਾਲਾ ਸੀ। ਸੀਪੀਆਈ (ਐੱਮਐੱਲ) ਲਬਿਰੇਸ਼ਨ ਦੀ ਪੰਜਾਬ ਇਕਾਈ ਵੱਲੋਂ ਅੱਜ ਇੱਥੇ ਪੁੱਡਾ ਗਰਾਊਂਡ ਵਿੱਚ ਹਜ਼ਾਰਾਂ ਔਰਤਾਂ, ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੀ ਹਾਜ਼ਰੀ ’ਚ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਭਾਵਸ਼ਾਲੀ ਰੈਲੀ ਕੀਤੀ ਗਈ। ਰੈਲੀ ਦੌਰਾਨ ਬੁਲਾਰਿਆਂ ਨੇ ਖੱਬੇਪੱਖੀਆਂ ਨੂੰ ਇਕਜੁੱਟ ਹੋ ਕੇ ਖੇਤੀ ਵਿਰੋਧੀ ਕਾਨੂੰਨਾਂ ਦੀ ਮੂਹਰੇ ਹੋ ਕੇ ਅਗਵਾਈ ਕਰਨ ਦੀ ਅਪੀਲ ਕਰਦਿਆਂ ਸੰਵਿਧਾਨਕ ਸੰਸਥਾਵਾਂ ਨੂੰ ਲਾਈ ਢਾਹ ਲਈ ਮੋਦੀ ਸਰਕਾਰ ਨੂੰ ਭੰਡਿਆ। ਬੁਲਾਰਿਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਔਰਤਾਂ ਸਿਰ ਚੜ੍ਹੇ ਕਰਜ਼ੇ ਮੁਆਫ਼ ਕਰੇ ਤੇ ਕਰਜ਼ਾ ਵਸੂਲੀ ਲਈ ਔਰਤਾਂ ਨੂੰ ਘਰ ਜਾ ਕੇ ਜ਼ਲੀਲ ਕਰਨ ਵਾਲੇ ਕੰਪਨੀ ਅਧਿਕਾਰੀਆਂ ਤੇ ਏਜੰਟਾਂ ਖ਼ਿਲਾਫ਼ ਕਾਰਵਾਈ ਕਰੇ। ਜਥੇਬੰਦੀਆਂ ਨੇ ਦਲਿਤ ਭਾਈਚਾਰੇ ਵੱਲੋਂ ਦਿੱਤੇ 10 ਅਕਤੂਬਰ ਦੇ ਬੰਦ ਦੇ ਸੱਦੇ ਦੀ ਵੀ ਹਮਾਇਤ ਕੀਤੀ। ਪਾਰਟੀ ਦੇ ਸੂੁਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖ਼ਤਪੁਰ ਨੇ ਕਿਹਾ ਕਿ ਮੋਦੀ ਸਰਕਾਰ ਸੰਵਿਧਾਨਕ ਸੰਸਥਾਵਾਂ ਨੂੰ ਗੰਭੀਰ ਢਾਹ ਲਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਫ਼ਰਜ਼ ਬਣਦਾ ਸੀ ਉਹ ਲੌਕਡਾਊਨ ਦੌਰਾਨ ਹੋਰਨਾਂ ਮੁਲਕਾਂ ਵਾਂਗ ਗੁਜ਼ਾਰੇ ਲਈ ਦੇਸ਼ ਦੇ ਸਾਰੇ ਗ਼ਰੀਬ ਪਰਿਵਾਰਾਂ ਨੂੰ ਪ੍ਰਤੀ ਮਹੀਨਾ ਦਸ ਹਜ਼ਾਰ ਰੁਪਏ ਗੁਜ਼ਾਰਾ ਭੱਤਾ ਦਿੰਦੀ, ਪਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਉੱਤੇ ਹਰ ਪੱਖ ਤੋਂ ਹਮਲੇ ਕੀਤੇ ਜਾ ਰਹੇ ਹਨ। ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਉਂ ਨੇ ਮੰਗ ਕੀਤੀ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਮੁਤਾਬਕ ਔਰਤਾਂ ਸਿਰ ਚੜ੍ਹੇ ਫਾਇਨਾਂਸ ਕੰਪਨੀਆਂ ਦੇ ਕਰਜ਼ੇ ਮੁਆਫ਼ ਕਰੇ ਅਤੇ ਸਾਰੇ ਜ਼ਿਲ੍ਹਿਆਂ ਦੇ ਪੁਲੀਸ ਮੁਖੀਆਂ ਨੂੰ ਹਦਾਇਤ ਕਰੇ ਕਿ ਉਹ ਕਰਜ਼ਾ ਵਸੂਲੀ ਲਈ ਘਰੀਂ ਜਾ ਕੇ ਮਜਬੂਰ ਔਰਤਾਂ ਨੂੰ ਜ਼ਲੀਲ ਕਰਨ ਵਾਲੇ ਕੰਪਨੀਆਂ ਦੇ ਅਫ਼ਸਰਾਂ ਤੇ ਏਜੰਟਾਂ ਖ਼ਿਲਾਫ਼ ਕਾਰਵਾਈ ਕਰੇ। ਆਲ ਇੰਡੀਆ ਕਿਸਾਨ ਮਹਾਂਸਭਾ ਦੇ ਕੌਮੀ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਆਪਣੇ ਸੰਬੋਧਨ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ, ਖੇਤ ਮਜ਼ਦੂਰ ਅਤੇ ਛੋਟੇ ਵਪਾਰੀਆਂ ਵੱਲੋਂ ਵਿੱਢੇ ਸੰਘਰਸ਼ ਦਾ ਜ਼ਿਕਰ ਕੀਤਾ। ਕਾਮਰੇਡ ਰਾਜਵਿੰਦਰ ਸਿੰਘ ਰਾਣਾ ਨੇ ਸਮੂਹ ਇਨਕਲਾਬੀ ਤੇ ਖੱਬੇਪੱਖੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਮੌਕਾਪ੍ਰਸਤ ਸਰਮਾਏਦਾਰ ਪਾਰਟੀਆਂ ਵੱਲੋਂ ਸੰਘਰਸ਼ਾਂ ਦੇ ਨਾਂ ’ਤੇ ਕੀਤੀਆਂ ਜਾ ਰਹੀਆਂ ਨੁਮਾਇਸ਼ੀ ਕਸਰਤਾਂ ਦਾ ਪਰਦਾਫਾਸ਼ ਕਰਨ ਲਈ ਇਕਮੁੱਠ ਹੋ ਕੇ ਅੱਗੇ ਆਉਣ। ਇਸ ਦੌਰਾਨ ਲਬਿਰੇਸ਼ਨ ਪਾਰਟੀ ਨੇ ਦਲਿਤ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਵਜ਼ੀਫ਼ੇ ਵਿੱਚ ਹੋਏ ਕਰੋੜਾਂ ਰੁਪਏ ਦੇ ਘਪਲੇ ਦੀ ਜਾਂਚ, 10 ਅਕਤੂਬਰ ਦੇ ਦਲਿਤਾਂ ਵੱਲੋਂ ਪੰਜਾਬ ਬੰਦ ਦੇ ਸੱਦੇ ਦੀ ਡਟਵੀਂ ਹਮਾਇਤ, ਭੀਮਾ ਕੋਰੇਗਾਓਂ ਝੂਠੇ ਕੇਸ ਅਤੇ ਦਿੱਲੀ ਵਿੱਚ ਭਾਜਪਾ ਆਗੂਆਂ ਵੱਲੋਂ ਮੁਸਲਿਮ ਭਾਈਚਾਰੇ ਖ਼ਿਲਾਫ਼ ਭੜਕਾਈ ਸਾੜਫੂਕ ਤੇ ਕਤਲੋਗਾਰਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਖੱਬੇ ਤੇ ਜਮਹੂਰੀ ਵਿਚਾਰਾਂ ਵਾਲੇ ਸਾਰੇ ਆਗੂਆਂ, ਬੁੱਧੀਜੀਵੀਆਂ, ਚਿੰਤਕਾਂ ਤੇ ਪੱਤਰਕਾਰਾਂ ਨੂੰ ਤੁਰੰਤ ਰਿਹਾਅ ਕਰਨ ਨਾਲ ਸਬੰਧਤ ਮਤੇ ਪਾਸ ਕੀਤੇ।
ਰੈਲੀ ਨੂੰ ਪ੍ਰਗਤੀਸ਼ੀਲ ਇਸਤਰੀ ਸਭਾ ਦੀ ਕੌਮੀ ਆਗੂ ਜਸਬੀਰ ਕੌਰ ਨੱਤ, ਔਰਤ ਕਰਜ਼ਾ ਮੁਕਤੀ ਅੰਦੋਲਨ ਦੀਆਂ ਜ਼ਿਲ੍ਹਾ ਆਗੂਆਂ ਕੁਲਵਿੰਦਰ ਕੌਰ ਰੇਤਗੜ੍ਹ, ਪਰਮਜੀਤ ਕੌਰ ਮੁਦਕੀ, ਜਸਵਿੰਦਰ ਕੌਰ ਹੁਸ਼ਿਆਰਪੁਰ, ਅਨੀਤਾ ਕੌਰ ਬੱਸੀ ਪਠਾਣਾਂ, ਪਰਮਜੀਤ ਕੌਰ ਫ਼ਰੀਦਕੋਟ ਆਦਿ ਨੇ ਵੀ ਸੰਬੋਧਨ ਕੀਤਾ।