ਪੱਤਰ ਪ੍ਰੇਰਕ
ਮਾਨਸਾ, 16 ਅਕਤੂਬਰ
ਮਾਨਸਾ ਨੇੜਲੇ ਪਿੰਡ ਮੂਸਾ ਦੇ ਮਜ਼ਦੂਰ ਜਗਸੀਰ ਸਿੰਘ (39) ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਮਜ਼ਦੂਰ ਆਪਣੇ ਪਿੱਛੇ ਬਿਰਧ ਮਾਤਾ ਤੇ ਪਤਨੀ ਸਮੇਤ ਦੋ ਬੱਚੇ ਛੱਡ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਜਗਸੀਰ ਸਿੰਘ ਜਵਾਹਰਕੇ ਨੇ ਦੱਸਿਆ ਕਿ ਪੀੜਤ ਮਜ਼ਦੂਰ ਦੇ ਸਿਰ ’ਤੇ ਚਾਰ ਲੱਖ ਰੁਪਏ ਦਾ ਕਰਜ਼ਾ ਸੀ। ਉਨ੍ਹਾਂ ਦੱਸਿਆ ਕਿ ਲੱਖ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਸਿਰ ਉੱਪਰੋਂ ਕਰਜ਼ਾ ਨਾ ਲਹਿਣ ਕਾਰਨ ਮਜ਼ਦੂਰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਮਜ਼ਦੂਰ ਨੇ ਕੀਟਨਾਸ਼ਕ ਪੀ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਜ਼ਦੂਰ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਪਰਿਵਾਰ ਨੂੰ 10 ਲੱਖ ਰੁਪਏ ਦੀ ਮਾਲੀ ਮਦਦ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਕਰਜ਼ਈ ਕਿਸਾਨ ਵੱਲੋਂ ਖੁਦਕੁਸ਼ੀ
ਝੁਨੀਰ (ਪੱਤਰ ਪ੍ਰੇਰਕ): ਨੇੜਲੇ ਪਿੰਡ ਭੰਮੇ ਖੁਰਦ ਵਿੱਚ ਅੱਜ ਕਰਜ਼ੇ ਅਤੇ ਫ਼ਸਲਾਂ ਦੀ ਬਰਬਾਦੀ ਤੋਂ ਤੰਗ ਆਏ ਇਕ ਛੋਟੇ ਕਿਸਾਨ ਜਸਵੀਰ ਸਿੰਘ ਉਰਫ ਜੱਸੀ ਨੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਪਿੰਡ ਇਕਾਈ ਦੇ ਪ੍ਰਧਾਨ ਸਰਬਜੀਤ ਸਿੰਘ ਭੰਮਾ ਨੇ ਦੱਸਿਆ ਕਿ ਕਿਸਾਨ ਜਸਵੀਰ ਸਿੰਘ ਦੇ ਸਿਰ ’ਤੇ ਬੈਂਕਾਂ ਅਤੇ ਆੜ੍ਹਤੀਆਂ ਦਾ ਅੱਠ ਲੱਖ ਰੁਪਏ ਦਾ ਕਰਜ਼ਾ ਸੀ। ਦੂਸਰਾ ਇਸ ਵਾਰ ਗੁਲਾਬੀ ਸੁੰਡੀ ਅਤੇ ਬੇਮੌਸਮੇ ਮੀਂਹ ਨੇ ਉਸ ਦੀ ਨਰਮੇ ਅਤੇ ਝੋਨੇ ਦੀ ਫ਼ਸਲ ਵੀ ਬਰਬਾਦ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕ ਕਿਸਾਨ ਦੇ ਮਾਤਾ-ਪਿਤਾ, ਵਿਧਵਾ ਅਤੇ ਦੋ ਛੋਟੇ ਬੱਚਿਆਂ ਦਾ ਭਵਿੱਖ ਬਿਲਕੁਲ ਧੁੰਦਲਾ ਹੋ ਗਿਆ ਹੈ। ਯੂਨੀਅਨ ਦੇ ਬਲਾਕ ਪ੍ਰਧਾਨ ਮਲਕੀਤ ਸਿੰਘ ਕੋਟਧਰਮੂ, ਕੁਲਦੀਪ ਸਿੰਘ ਚਚੋਹਰ ਅਤੇ ਪਿੰਡ ਦੇ ਕਿਸਾਨਾਂ ਨੇ ਮ੍ਰਿਤਕ ਕਿਸਾਨ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਦੇ ਨਾਲ-ਨਾਲ ਉਸ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਕੀਤੀ ਹੈ।