ਖ਼ੁਦਕੁਸ਼ੀ ਕਾਂਡ: ਆਈ ਪੀ ਐੱਸ ਅਫਸਰ ਦਾ ਨਾ ਹੋਇਆ ਪੋਸਟਮਾਟਰਮ
ਇਥੇ ਖ਼ੁਦਕੁਸ਼ੀ ਕਰਨ ਵਾਲੇ ਹਰਿਆਣਾ ਦੇ ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦਾ ਅੱਜ ਪੋਸਟਮਾਰਟਮ ਨਹੀਂ ਹੋ ਸਕਿਆ। ਵਾਈ ਪੂਰਨ ਕੁਮਾਰ ਦੀ ਪਤਨੀ ਤੇ ਸੀਨੀਅਰ ਆਈ ਏ ਐੱਸ ਅਧਿਕਾਰੀ ਅਮਨੀਤ ਪੀ ਕੁਮਾਰ ਅੱਜ ਜਾਪਾਨ ਤੋਂ ਚੰਡੀਗੜ੍ਹ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਵੱਡੀ ਧੀ ਦੇ ਅਮਰੀਕਾ ਤੋਂ ਪਰਤਣ ਤੋਂ ਬਾਅਦ ਹੀ ਪੋਸਟ ਮਾਰਟਮ ਕਰਵਾਇਆ ਜਾਵੇਗਾ ਤੇ ਸਸਕਾਰ ਕੀਤਾ ਜਾਵੇਗਾ। ਚੰਡੀਗੜ੍ਹ ਪੁਲੀਸ ਵੱਲੋਂ ਵਾਈ ਪੂਰਨ ਕੁਮਾਰ ਦੀ ਲਾਸ਼ ਨੂੰ ਚੰਡੀਗੜ੍ਹ ਦੇ ਸੈਕਟਰ-16 ਸਥਿਤ ਹਸਪਤਾਲ ਵਿੱਚ ਰੱਖਿਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਆਈ ਏ ਐੱਸ ਅਧਿਕਾਰੀ ਅਮਨੀਤ ਪੀ ਕੁਮਾਰ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਾਈ ਪੂਰਨ ਕੁਮਾਰ ਦੀ ਖ਼ੁਦਕੁਸ਼ੀ ਦੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ। ਖ਼ੁਦਕੁਸ਼ੀ ਪੱਤਰ ਵਿੱਚ ਜਿਨ੍ਹਾਂ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ, ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਚੰਡੀਗੜ੍ਹ ਦੇ ਥਾਣਾ ਸੈਕਟਰ-11 ਦੀ ਪੁਲੀਸ ਵੱਲੋਂ ਘਟਨਾ ਸਥਾਨ ਤੋਂ ਮਿਲੇ ਖ਼ੁਦਕੁਸ਼ੀ ਪੱਤਰ ਦੇ ਆਧਾਰ ’ਤੇ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਦਾ ਕਹਿਣਾ ਹੈ ਕਿ ਪੋਸਟ ਮਾਰਟਮ ਅਤੇ ਸੀ ਐੱਫ ਐੱਸ ਐੱਲ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਮੰਗਲਵਾਰ ਦੁਪਹਿਰ ਸਮੇਂ ਹਰਿਆਣਾ ਦੇ ਸੀਨੀਅਰ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਨੇ ਖ਼ੁਦਕੁਸ਼ੀ ਕਰ ਲਈ ਸੀ।