ਜ਼ਮੀਨੀ ਵਿਵਾਦ ਕਾਰਨ ਖੁਦਕੁਸ਼ੀ
ਸ਼ਹਿਰ ਦੇ ਇੱਕ ਵਿਅਕਤੀ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਦਵਾਈ ਪੀਣ ਤੋਂ ਪਹਿਲਾਂ ਉਸ ਨੇ ਵੀਡੀਓ ਬਣਾਈ ਜਿਸ 'ਚ ਆਪਣੇ ਭਰਾ, ਭਤੀਜੇ, ਜੀਜੇ ਅਤੇ ਭਾਣਜੇ 'ਤੇ ਜ਼ਮੀਨ ਨਾ ਦੇਣ ਦੇ ਦੋਸ਼ ਲਾਏ ਹਨ। ਪੁਲੀਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਚਾਰ ਜਣਿਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਾਤੜਾਂ ਦੇ ਰਹਿਣ ਵਾਲੇ ਪ੍ਰਗਟ ਸਿੰਘ ਨੇ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਵੀਡੀਓ 'ਚ ਕਿਹਾ ਹੈ ਕਿ ਉਸ ਦੀ 5 ਕਨਾਲ ਜ਼ਮੀਨ ਉੱਤੇ ਉਸ ਦਾ ਭਰਾ ਨਾਲ ਵਿਵਾਦ ਚੱਲ ਰਿਹਾ ਹੈ। ਉਸ ਵਾਰ-ਵਾਰ ਆਪਣਾ ਹੱਕ ਮੰਗ ਰਿਹਾ ਹੈ ਪਰ ਇਸ ਦੇ ਬਾਵਜੂਦ ਉਹ ਜ਼ਮੀਨ ਦੇ ਨਹੀਂ ਰਿਹਾ, ਇਸ ਲਈ ਉਹ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰ ਰਿਹਾ ਹੈ। ਮ੍ਰਿਤਕ ਦੀ ਪਤਨੀ ਰਾਣੀ ਕੌਰ ਨੇ ਦੱਸਿਆ ਹੈ ਕਿ ਜਦੋਂ ਉਸ ਦੇ ਪਤੀ ਨੇ ਆਪਣੇ ਭਰਾ ਨੂੰ ਘਰ ਪਾਉਣ ਲਈ ਥਾਂ ਦੇਣ ਲਈ ਕਿਹਾ ਤਾਂ ਉਨ੍ਹਾਂ ਵੱਲੋਂ ਧੱਕੇ ਮਾਰ ਕੇ ਕੱਢ ਦਿੱਤਾ ਗਿਆ ਜਿਸ ਤੋਂ ਦੁਖੀ ਹੋ ਕੇ ਉਸ ਨੇ ਜ਼ਹਿਰੀਲੀ ਦਵਾਈ ਪੀ ਲਈ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਤਾਂ ਹਸਪਤਾਲ ਵਿੱਚ ਦਾਖਲ ਕਰਵਾਇਆ ਪਰ ਉਸ ਦੀ ਮੌਤ ਹੋ ਚੁੱਕੀ ਸੀ। ਦੂਜੇ ਪਾਸੇ ਮ੍ਰਿਤਕ ਦੇ ਭਰਾ ਸੁਖਦੇਵ ਸਿੰਘ ਨੇ ਕਿਹਾ ਕਿ ਉਨ੍ਹਾਂ ਪ੍ਰਗਟ ਸਿੰਘ ਨਾਲ ਕੋਈ ਧੱਕਾ ਨਹੀਂ ਕੀਤਾ ਤੇ ਉਹ ਆਪਣੇ ਹਿੱਸੇ ਦੀ ਜ਼ਮੀਨ ਵੇਚ ਚੁੱਕਿਆ ਹੈ। ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਖਿਲਾਫ਼ ਦਰਜ ਕੇਸ ਦੀ ਡੂੰਘਾਈ ਨਾਲ ਪੜਤਾਲ ਕਰਕੇ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ। ਇਸ ਸਬੰਧੀ ਪੜਤਾਲੀਆ ਅਫ਼ਸਰ ਬਲਜਿੰਦਰ ਕੁਮਾਰ ਨੇ ਕਿਹਾ ਕਿ ਮ੍ਰਿਤਕ ਦੀ ਪਤਨੀ ਦੇ ਬਿਆਨ ਦੇ ਆਧਾਰ ’ਤੇ ਸੁਖਦੇਵ ਸਿੰਘ, ਮਹਿੰਦਰ ਸਿੰਘ, ਸੁਰਜੀਤ ਸਿੰਘ ਅਤੇ ਉਸ ਦੇ ਲੜਕੇ ਦੇ ਖਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਛੇਤੀ ਹੀ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
