ਮਹਿੰਦਰ ਸਿੰਘ ਰੱਤੀਆਂ
ਮੋਗਾ, 22 ਮਈ
ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਕੱਲ੍ਹ ਹੋਏ ਦੇਹਾਂਤ ’ਤੇ ਅੱਜ ਕਈ ਸਿਆਸੀ ਆਗੂਆਂ ਨੇ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦਾ ਸਸਕਾਰ ਪਿੰਡ ਦੁਨੇਕੇ ਵਿੱਚ 24 ਮਈ ਨੂੰ ਹੋਵੇਗਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਫ਼ਰੀਦਕੋਟ ਤੋਂ ਕਾਂਗਰਸੀ ਸੰਸਦ ਮੈਂਬਰ ਮੁਹੰਮਦ ਸਦੀਕ, ਧਰਮਕੋਟ ਤੋਂ ‘ਆਪ’ ਵਿਧਾਇਕ ਦੇਵਿੰਦਰਜੀਤ ਸਿੰਘ ਲਾਡੀ ਢੋਸ, ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ, ਭਾਜਪਾ ਆਗੂ ਮੋਹਣ ਲਾਲ ਸੇਠੀ, ਡਾ. ਜਸਵਿੰਦਰ ਸਿੰਘ ਬਰਾੜ ਤੇ ਹੋਰ ਸਿਆਸੀ ਤੇ ਧਾਰਮਿਕ ਆਗੂਆਂ ਨੇ ਤੋਤਾ ਸਿੰਘ ਦੀ ਪਤਨੀ ਮੁਖਤਿਆਰ ਕੌਰ ਅਤੇ ਉਨ੍ਹਾਂ ਦੇ ਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਨਾਲ ਦੁੱਖ ਸਾਂਝਾ ਕੀਤਾ। ਤੋਤਾ ਸਿੰਘ ਮੋਗਾ ਵਿਧਾਨ ਸਭਾ ਸੀਟ ਤੋਂ ਸਾਲ 1997 ਵਿੱਚ ਪਹਿਲੀ ਵਾਰ ਚੋਣ ਜਿੱਤ ਕੇ ਸੂਬੇ ਦੇ ਸਿੱਖਿਆ ਮੰਤਰੀ ਬਣੇ। ਇਸ ਮਗਰੋਂ 2012 ਤੋਂ 2017 ਤੱਕ ਉਹ ਸੂਬੇ ਦੇ ਖੇਤੀਬਾੜੀ ਮੰਤਰੀ ਰਹੇ। ਉਨ੍ਹਾਂ ਮੋਗਾ ਵਿੱਚ ਸਕੂਲ ਸਿੱਖਿਆ ਬੋਰਡ ਦਾ ਖੇਤਰੀ ਦਫ਼ਤਰ ਸਥਾਪਤ ਕੀਤਾ। 1985 ਤੋਂ 1987 ਤੱਕ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਉਨ੍ਹਾਂ ਸੂਬੇ ਵਿੱਚ ਖੇਤਾਂ ਨੂੰ ਜਾਂਦੇ ਕੱਚੇ ਰਸਤਿਆਂ ਨੂੰ ਸੜਕਾਂ ਬਣਾ ਕੇ ਲਿੰਕ ਸੜਕਾਂ ਦਾ ਜਾਲ ਵਿਛਾਇਆ।
ਸ਼੍ਰੋਮਣੀ ਕਮੇਟੀ ਨੇ ਅੱਧਾ ਦਿਨ ਦਫ਼ਤਰ ਬੰਦ ਰੱਖੇ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਤੋਤਾ ਸਿੰਘ ਨਮਿਤ ਅੱਜ ਕਮੇਟੀ ਦਫ਼ਤਰ ਵਿੱਚ ਸ਼ੋਕ ਸਭਾ ਕਰ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਅੱਜ ਅੱਧਾ ਦਿਨ ਦਫ਼ਤਰ ਵੀ ਬੰਦ ਰੱਖੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਤੋਤਾ ਸਿੰਘ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਵੱਡਾ ਪੰਥਕ ਘਾਟਾ ਕਰਾਰ ਦਿੱਤਾ।