ਹਰਪ੍ਰੀਤ ਕੌਰ
ਹੁਸ਼ਿਆਰਪੁਰ, 3 ਸਤੰਬਰ
ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਸੰਵਿਧਾਨ ਰੱਖਣ ਦੇ ਮਾਮਲੇ ’ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਕੱਤਰ ਜਨਰਲ ਡਾ. ਦਲਜੀਤ ਸਿੰਘ ਚੀਮਾ ਇਥੇ ਵਧੀਕ ਚੀਫ਼ ਜੁਡੀਸ਼ਲ ਮੈਜਿਸਟਰੇਟ ਰੁਪਿੰਦਰ ਸਿੰਘ ਦੀ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਹਾਜ਼ਰੀ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਵਕੀਲਾਂ ਵੱਲੋਂ ਅਦਾਲਤ ਦੇ ਕਾਰਜ ਖੇਤਰ ਸਬੰਧੀ ਦਾਇਰ ਕੀਤੀ ਗਈ ਪਟੀਸ਼ਨ ’ਤੇ ਬਹਿਸ ਹੋਈ, ਜਿਸ ਦੌਰਾਨ ਸ਼ਿਕਾਇਤਕਰਤਾ ਦੇ ਵਕੀਲਾਂ ਨੇ ਇਸ ਦਰਖਾਸਤ ਨੂੰ ਅਦਾਲਤ ਦੇ ਸਮੇਂ ਦੀ ਬਰਬਾਦੀ ਦੱਸਿਆ। ਅਦਾਲਤ ਵੱਲੋਂ ਇਸ ਸਬੰਧੀ ਅਗਲੀ ਤਰੀਕ 13 ਸਤੰਬਰ ਤੈਅ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੀ ਪੇਸ਼ੀ ਵੇਲੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਐੱਸਐੱਸ ਕਲੇਰ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਰਾਹੀਂ ਮਾਮਲੇ ਦੀ ਸੁਣਵਾਈ ਹੁਸ਼ਿਆਰਪੁਰ ਵਿੱਚ ਹੋਣ ਸਬੰਧੀ ਅਧਿਕਾਰ ਖੇਤਰ ’ਤੇ ਸਵਾਲ ਉਠਾਉਂਦਿਆਂ ਦਰਖਾਸਤ ਦਾਇਰ ਕੀਤੀ ਗਈ ਸੀ। ਸ਼ਿਕਾਇਤਕਰਤਾ ਬਲਵੰਤ ਸਿੰਘ ਖੇੜਾ ਦੇ ਵਕੀਲਾਂ ਐਡਵੋਕੇਟ ਬੀਐੱਸ ਰਿਆੜ ਤੇ ਐਡਵੋਕੇਟ ਹਿਤੇਸ਼ ਪੁਰੀ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਹੀ ਕੇਸ ਦੀ ਸੁਣਵਾਈ ਹੁਸ਼ਿਆਰਪੁਰ ਵਿੱਚ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਸਾਰੇ ਜ਼ਿਲ੍ਹਿਆਂ ਵਿੱਚ ਹਨ। ਇਸ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਇਰ ਕੀਤੀ ਗਈ ਦਰਖਾਸਤ ਦਾ ਕੋਈ ਤਰਕ ਨਹੀਂ ਹੈ। ਸ਼ਿਕਾਇਤਕਰਤਾ ਦੇ ਵਕੀਲਾਂ ਨੇ ਕਿਹਾ ਕਿ ਵਿਰੋਧੀ ਧਿਰ ਵੱਲੋਂ ਮਾਮਲਾ ਲਟਕਾਉਣ ਦਾ ਯਤਨ ਕਰਨ ਦੇ ਦੋਸ਼ ਲਾਏ।
ਵਰਣਨਯੋਗ ਹੈ ਕਿ ਇਸ ਮਾਮਲੇ ਵਿੱਚ ਮੁਲਜ਼ਮ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਕੱਤਰ ਜਨਰਲ ਡਾ. ਦਲਜੀਤ ਸਿੰਘ ਚੀਮਾ ਪਿਛਲੀਆਂ ਤਰੀਕਾਂ ’ਚ ਅਦਾਲਤ ’ਚ ਪੇਸ਼ ਹੋ ਕੇ ਆਪਣੀਆਂ ਜ਼ਮਾਨਤਾਂ ਕਰਵਾ ਚੁੱਕੇ ਹਨ। ਹੁਣ ਇਸ ਕੇਸ ’ਚ ਟਰਾਇਲ ਚੱਲਣੇ ਸਨ, ਪਰ ਅਕਾਲੀ ਦਲ ਦੀ ਦਰਖਾਸਤ ਕਾਰਨ ਟਰਾਇਲ ਨਹੀਂ ਚਲਾਏ ਜਾ ਸਕੇ।