ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਅਗਸਤ
‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਪੰਜਾਬ ਦੇ ਲੋਕਾਂ ਅਤੇ ਵਿਰੋਧੀ ਧਿਰ ਦੇ ਸਵਾਲਾਂ ਤੋਂ ਭੱਜਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕ ਸੁਖਬੀਰ ਸਿੰਘ ਬਾਦਲ ਦੇ 10 ਸਾਲਾਂ ਦੇ ਮਾਫ਼ੀਆ ਰਾਜ ਨੂੰ ਦਹਾਕੇ ਤਾਂ ਕੀ, ਸਦੀਆਂ ਤੱਕ ਵੀ ਨਹੀਂ ਭੁੱਲ ਸਕਦੇ। ਇਸ ਰਾਜ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਤੇ ਇਨਸਾਫ਼ ਲਈ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੀ ਸੰਗਤ ’ਤੇ ਗੋਲੀਆਂ ਚਲਾਈਆਂ ਗਈਆਂ। ਅਰੋੜਾ ਨੇ ਕਿਹਾ ਕਿ ਇਸੇ ਤਰ੍ਹਾਂ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਖੇਤੀ ਕਾਨੂੰਨਾਂ ਨੂੰ ਦਿੱਤੇ ਸਮਰਥਨ ਸਬੰਧੀ ਵੀ ਕੋਈ ਜਵਾਬ ਨਹੀਂ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਕੋਲ ਐੱਸਵਾਈਐੱਲ ਸਣੇ ‘ਆਪ’ ਆਗੂਆਂ ਵੱਲੋਂ ਪੁੱਛੇ ਗਏ 14 ਸਵਾਲਾਂ ਵਿੱਚੋਂ ਕਿਸੇ ਦਾ ਵੀ ਜਵਾਬ ਨਹੀਂ ਮਿਲਿਆ।