ਸੁਖਬੀਰ ਬਾਦਲ ਵੱਲੋਂ ਭਗਵੰਤ ਮਾਨ ਨੂੰ ਚੁਣੌਤੀ
ਆਤਿਸ਼ ਗੁਪਤਾ
ਚੰਡੀਗੜ੍ਹ, 28 ਜੂਨ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬਾ ਸਰਕਾਰ ’ਤੇ ਨਿਸ਼ਾਨੇ ਸੇਧੇ। ਸ੍ਰੀ ਬਾਦਲ ਨੇ ਇੱਥੇ ਕਿਹਾ ਕਿ ਮਜੀਠੀਆ ਨੂੰ ਸਰਾਇਆ ਇੰਡਸਟਰੀਜ਼ ਵਿੱਚ ਜੱਦੀ ਪੁਸ਼ਤੀ 11 ਫ਼ੀਸਦ ਹਿੱਸਾ ਮਿਲਿਆ ਹੋਇਆ ਹੈ। ਉਨ੍ਹਾਂ ਨੇ ਮਜੀਠੀਆ ਖ਼ਿਲਾਫ਼ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਹੈ। ਸ੍ਰੀ ਬਾਦਲ ਨੇ ਕਿਹਾ ਕਿ ਸਰਾਇਆ ਇੰਡਸਟਰੀਜ਼ ਨੂੰ 2007 ਤੋਂ ਅੱਜ ਤੱਕ ਇਕ ਰੁਪਿਆ ਵੀ ਵਿਦੇਸ਼ੀ ਫੰਡਿੰਗ ਪ੍ਰਾਪਤ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਸਰਾਇਆ ਇੰਡਸਟਰੀਜ਼ ਦਾ ਸਾਰਾ ਲੈਣ ਦੇਣ ਹਰ ਸਾਲ ਇਨਕਮ ਟੈਕਸ ਵਿਭਾਗ ਵੱਲੋਂ ਚੈੱਕ ਕੀਤਾ ਜਾਂਦਾ ਹੈ। ਇਸ ਤੋਂ ਸਾਫ਼ ਹੈ ਕਿ ਸਰਾਇਆ ਇੰਡਸਟਰੀਜ਼ ਵਿਚ 540 ਕਰੋੜ ਰੁਪਏ ਦੇ ਵਿਦੇਸ਼ੀ ਨਿਵੇਸ਼ ਦੀ ਦਲੀਲ ਬੇਤੁਕੀ ਹੈ। ਉਨ੍ਹਾਂ ਕਿਹਾ ਕਿ ਸਰਾਇਆ ਇੰਡਸਟਰੀਜ਼ ਦੇ ਰੋਜ਼ਾਨਾ ਕੰਮਕਾਜ ਵਿਚ ਮਜੀਠੀਆ ਦਾ ਕੋਈ ਲੈਣ ਦੇਣ ਨਹੀਂ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਿਕਰਮ ਮਜੀਠੀਆ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਵਜ਼ੀਰਾਂ ਵੱਲੋਂ ਕੀਤੀ ਜਾਂਦੀ ਧੱਕੇਸ਼ਾਹੀ ਨੂੰ ਬੇਨਕਾਬ ਕੀਤਾ ਜਾ ਰਿਹਾ ਸੀ। ਇਸੇ ਕਰਕੇ ਸੂਬਾ ਸਰਕਾਰ ਨੇ ਮਜੀਠੀਆ ਦੀ ਆਵਾਜ਼ ਨੂੰ ਦਬਾਉਣ ਲਈ ਉਸ ਵਿਰੁੱਧ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਕੋਲ ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਦੇ ਭ੍ਰਿਸ਼ਟਾਚਾਰ ਦੇ ਸਪੱਸ਼ਟ ਸਬੂਤ ਮੌਜੂਦ ਹਨ, ਜੋ ਉਨ੍ਹਾਂ ਵੱਲੋਂ ਸਾਰੇ ਗ਼ੈਰਕਾਨੂੰਨੀ ਲੈਣ-ਦੇਣ ਕਰ ਰਹੇ ਸਨ ਤੇ ਉਹ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਭ ਨੂੰ ਜਵਾਬਦੇਹ ਠਹਿਰਾਉਣਗੇ।
ਖੇਤਰੀ ਪਾਰਟੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖੀਬਰ ਬਾਦਲ ਨੇ ਕਿਹਾ ਕਿ ਰਾਜਸੀ ਪਾਰਟੀਆਂ ਵੱਲੋਂ ਅਕਾਲੀ ਦਲ ਵਰਗੀ ਖੇਤਰੀ ਪਾਰਟੀ ਨੂੰ ਕਮਜ਼ੋਰ ਕਰਨ ਜਾਂ ਖਤਮ ਕਰਨ ਦੀ ਸਾਜਿਸ਼ ਤਹਿਤ ਅਜਿਹੇ ਦੋਸ਼ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਬਤੌਰ ਮੁੱਖ ਮੰਤਰੀ ਉਨ੍ਹਾਂ ’ਤੇ 3500 ਕਰੋੜ ਰੁਪਏ ਦੀ ਜਾਇਦਾਦ ਬਣਾਉਣ ਦੇ ਦੋਸ਼ ਲਗਾਏ ਸਨ, ਪਰ ਉਸ ਵਿੱਚ ਸਰਕਾਰ ਦੇ ਹੱਥ ਕੁਝ ਨਹੀਂ ਲੱਗਿਆ ਸੀ। ਇਸ ਤੋਂ ਬਾਅਦ 2021 ਵਿੱਚ ਚਰਨਜੀਤ ਸਿੰਘ ਚੰਨੀ ਨੇ ਬਤੌਰ ਮੁੱਖ ਮੰਤਰੀ ਹੁੰਦਿਆਂ ਬਿਕਰਮ ਸਿੰਘ ਮਜੀਠੀਆ ਵਿਰੁੱਧ ਕੇਸ ਦਰਜ ਕੀਤਾ ਸੀ, ਪਰ ਉਸ ਵਿੱਚ ਵੀ ਕੁਝ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ 4 ਸਾਲਾਂ ਵਿੱਚ ਚਾਲਾਨ ਵੀ ਪੇਸ਼ ਨਹੀਂ ਕਰ ਸਕੀ।