ਚੰਡੀਗੜ੍ਹ(ਟਨਸ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਤੇ ਹੋਰ ਮਾਮਲਿਆਂ ’ਚ ਪੰਜਾਬ ਦੇ ਬਣਦੇ ਹੱਕਾਂ ਨਾਲ ਸਮਝੌਤਾ ਕਰਨ ਤੇ ਪੰਜਾਬ ਵਿਰੋਧੀ ਬਿਆਨ ਦੇਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵਿਹਾਰ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਇਸ ਦਾ ਬਣਦਾ ਹੱਕ ਖੋਹਣ ਲਈ ਡੂੰਘੀ ਸਾਜ਼ਿਸ਼ ਰਚੀ ਗਈ ਹੈ ਤੇ ਪੰਜਾਬ ਦੇ ਮੁੱਖ ਮੰਤਰੀ ਇਸ ਸਾਜ਼ਿਸ਼ ਦਾ ਹਿੱਸਾ ਬਣ ਗਏ ਹਨ। ਸ੍ਰੀ ਬਾਦਲ ਨੇ ਕਿਹਾ ਕਿ ਕੇਂਦਰ ਨੂੰ ਚੰਡੀਗੜ੍ਹ ਦੀ ਇਕ ਇੰਚ ਵੀ ਥਾਂ ਹਰਿਆਣਾ ਨੂੰ ਦੇਣ ਦਾ ਹੱਕ ਨਹੀਂ ਹੈ ਕਿਉਂਕਿ ਇਹ ਸ਼ਹਿਰ ਸਿਰਫ ਪੰਜਾਬ ਦਾ ਹੈ ਤੇ ਇਸ ਦਾ ਕੇਂਦਰ ਸ਼ਾਸਤ ਪ੍ਰਦੇਸ਼ ਦਾ ਰੁਤਬਾ ਸਿਰਫ ਪੰਜਾਬ ਹਵਾਲੇ ਕਰਨ ਤੱਕ ਆਰਜ਼ੀ ਪ੍ਰਬੰਧ ਹੈ। ਚੰਡੀਗੜ੍ਹ ਤੋਂ ਕੁਝ ਵੀ ਹਰਿਆਣਾ ਨੂੰ ਦੇਣ ਦੇ ਬਿਆਨ ਦੀ ਥਾਂ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਪੰਜਾਬ ਨੂੰ ਦੇਣ ਬਾਰੇ ਕੀਤੇ ਆਪਣੇ ਲਿਖਤੀ ਇਕਰਾਰ ਨੂੰ ਅਮਲੀ ਜਾਮਾ ਪਹਿਨਾਉਣਾ ਚਾਹੀਦਾ ਹੈ।