ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਮਾਰਚ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ, ਜਿਸ ਨੂੰ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੇ ਰੱਦ ਕਰ ਦਿੱਤਾ। ਸੁਖਬੀਰ ਬਾਦਲ ਨੇ ਜ਼ਿਲ੍ਹਾ ਪ੍ਰਧਾਨਾਂ ਤੇ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗਾਂ ਦੌਰਾਨ ਆਖਿਆ ਕਿ ਉਹ ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ ਲਈ ਤਿਆਰ ਹਨ ਪਰ ਪਾਰਟੀ ਲੀਡਰਸ਼ਿਪ ਨੇ ਇਸ ਪੇਸ਼ਕਸ਼ ਨੂੰ ਰੱਦ ਕਰ ਦਿੱਤਾ।
ਆਗੂਆਂ ਨੇ ਕਿਹਾ ਕਿ ਭਾਵੇਂ ਨਤੀਜੇ ਆਸ ਮੁਤਾਬਕ ਨਹੀਂ ਆਏ ਪਰ ਪਾਰਟੀ ਪ੍ਰਧਾਨ ਦਾ ਕੋਈ ਕਸੂਰ ਨਹੀਂ ਕੱਢਿਆ ਜਾ ਸਕਦਾ। ਲੋਕਾਂ ਨੇ ਬਦਲਾਅ ਵਾਸਤੇ ਵੋਟਾਂ ਪਾਈਆਂ ਹਨ। ਸ੍ਰੀ ਬਾਦਲ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦੱਸਿਆ ਕਿ ਪਾਰਟੀ ਹਾਰ ਦੇ ਕਾਰਨਾਂ ਬਾਰੇ ਫੀਡ ਬੈਕ ਨਾਲ-ਨਾਲ ਲੋਕਾਂ ਦੀ ਰਾਇ ਵੀ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਕਸਦ ਵਾਸਤੇ ਇੱਕ ਉੱਚ ਪੱਧਰੀ ਕਮੇਟੀ ਬਣਾਈ ਜਾ ਰਹੀ ਹੈ।