ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਨਿੱਜੀ ਦਖਲ ਮੰਗਦਿਆਂ ਅਪੀਲ ਕੀਤੀ ਕਿ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਨੂੰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਛੇਤੀ ਰਿਹਾਈ ਸਬੰਧੀ ਕੇਂਦਰ ਸਰਕਾਰ ਵੱਲੋਂ ਦਿੱਤੀ ਵਿਸ਼ੇਸ਼ ਛੋਟ ਤੋਂ ਜਾਣੂ ਕਰਵਾ ਕੇ ਉਨ੍ਹਾਂ ਦੀ ਰਿਹਾਈ ਕਰਵਾਈ ਜਾਵੇ। ਅਕਾਲੀ ਦਲ ਦੇ ਪ੍ਰਧਾਨ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਇਸ ਸਬੰਧੀ ਪੱਤਰ ਲਿਖ ਕੇ ਕਿਹਾ ਕਿ ਇਹ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ ਕਿ ਦਿੱਲੀ ਦੇ ਸਜ਼ਾ ਸਮੀਖਿਆ ਬੋਰਡ ਨੇ ਪ੍ਰੋ. ਭੁੱਲਰ ਦੀ ਰਿਹਾਈ ਦੀ ਤਜਵੀਜ਼ ਰੱਦ ਕਰ ਦਿੱਤੀ ਹੈ, ਜਦਕਿ ਚੋਣਾਂ ਵੇਲੇ ਕੇਜਰੀਵਾਲ ਨੇ ਖ਼ੁਦ ਕਿਹਾ ਸੀ ਕਿ ਉਨ੍ਹਾਂ ਸਮੀਖਿਆ ਬੋਰਡ ਨੂੰ ਹਦਾਇਤ ਕੀਤੀ ਹੈ ਕਿ ਉਹ ਪ੍ਰੋ. ਭੁੱਲਰ ਦੀ ਰਿਹਾਈ ਰੋਕਣ ਦੇ ਆਪਣੇ ਫੈ਼ਸਲੇ ’ਤੇ ਮੁੜ ਵਿਚਾਰ ਕਰੇ। ਸ੍ਰੀ ਬਾਦਲ ਨੇ ਕਿਹਾ ਕਿ ਸਿੱਖ ਕੈਦੀ ਦੀ ਛੇਤੀ ਰਿਹਾਈ ਨਾਲ ਪੰਜਾਬ ਵਿੱਚ ਅਮਨ ਸ਼ਾਂਤੀ ਮਜ਼ਬੂਤ ਹੋਵੇਗੀ।