ਸੁਖਬੀਰ ਵੱਲੋਂ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ
ਗਿੱਦੜਬਾਹਾ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਵਿੱਚ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿੰਨਾ ਵਿਕਾਸ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਨੇ ਕੀਤਾ ਹੈ, ਉਹ ਕਿਸੇ ਹੋਰ ਪਾਰਟੀ ਨਹੀਂ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਕਈ ਸਾਲ ਪਿੱਛੇ ਧੱਕ ਦਿੱਤਾ ਹੈ। ਉਨ੍ਹਾਂ ਨੇ ਮੱਲਣ ਜ਼ੋਨ ਤੋਂ ਜ਼ਿਲ੍ਹਾ ਪਰਿਸ਼ਦ ਉਮੀਦਵਾਰ ਬਲਕਰਨ ਸਿੰਘ ਬਾਲੀ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ ਵਿੱਚ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਦੀਆਂ ਸੜਕਾਂ, ਮੰਡੀਆਂ ਅਤੇ ਸਿੰਜਾਈ ਪ੍ਰਣਾਲੀ ਪ੍ਰਕਾਸ਼ ਸਿੰਘ ਬਾਦਲ ਦੀ ਦੇਣ ਹਨ। ਉਨ੍ਹਾਂ ਕਾਂਗਰਸ ਅਤੇ ‘ਦਿੱਲੀ ਵਾਲਿਆਂ’ ਨੂੰ ਪੰਜਾਬ ਦੀ ਬਰਬਾਦੀ ਲਈ ਜ਼ਿੰਮੇਵਾਰ ਕਰਾਰ ਦਿੱਤਾ ਅਤੇ ਕਿਹਾ ਕਿ ਲੋਕਾਂ ਨੂੰ 2027 ਵਿਚ ਅਕਾਲੀ ਸਰਕਾਰ ਬਣਾਉਣ ਲਈ ਹੁਣ ਦੀਆਂ ਪੰਚਾਇਤੀ ਚੋਣਾਂ ਵਿੱਚ ਅਕਾਲੀ ਉਮੀਦਵਾਰਾਂ ਨੂੰ ਵੋਟ ਪਾਉਣੀਆਂ ਚਾਹੀਦੀਆਂ ਹਨ। ਇਸ ਮੌਕੇ ਕਈ ਅਕਾਲੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
