ਜਸਵੰਤ ਜੱਸ
ਫ਼ਰੀਦਕੋਟ, 31 ਮਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਯੂਥ ਅਕਾਲੀ ਦਲ ਵੱਲੋਂ ਬਣਾਏ 25 ਬੈੱਡਾਂ ਦੇ ਕਰੋਨਾ ਕੇਅਰ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸੂਬੇ ਵਿੱਚ ਕਰੋਨਾ ਕੇਸਾਂ ਵਿੱਚ ਕਮੀ ਆਉਣ ਦੇ ਦਾਅਵੇ ਅਸਲ ਤਸਵੀਰ ਪੇਸ਼ ਨਹੀਂ ਕਰਦੇ ਅਤੇ ਸਰਕਾਰ ਨੂੰ ਦਿਹਾਤੀ ਇਲਾਕਿਆਂ ਵਿੱਚ ਮਹਾਮਾਰੀ ਦੇ ਪਸਾਰ ਦਾ ਸਾਹਮਣਾ ਕਰਨ ਲਈ ਸਾਰੇ ਬਲਾਕਾਂ ਵਿੱਚ ਕਰੋਨਾ ਕੇਅਰ ਸੈਂਟਰ ਖੋਲ੍ਹਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਯੂਥ ਅਕਾਲੀ ਦਲ ਵੱਲੋਂ ਖੋਲ੍ਹੇ ਕਰੋਨਾ ਕੇਅਰ ਸੈਂਟਰ ਵਿੱਚ ਮੈਡੀਕਲ ਸੰਭਾਲ, ਦਵਾਈਆਂ, ਆਕਸੀਜਨ ਅਤੇ ਖਾਣਾ ਮਰੀਜ਼ਾਂ ਨੂੰ ਮੁਫਤ ਦਿੱਤਾ ਜਾਵੇਗਾ।
ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਦੱਸਿਆ ਕਿ ਇਸ ਸੈਂਟਰ ਨੂੰ ਚਲਾਉਣ ਵਾਸਤੇ ਜਿੰਨਾ ਵੀ ਖਰਚਾ ਹੋਵੇਗਾ, ਉਹ ਖ਼ੁਦ ਆਪਣੇ ਖਾਤੇ ਵਿੱਚੋਂ ਕਰਨਗੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਵਿੱਚ ਗੈਂਗਸਟਰਾਂ ਨੂੰ ਕਥਿਤ ਤੌਰ ’ਤੇ ਸ਼ਹਿ ਦੇ ਰਹੀ ਹੈ। ਉਨ੍ਹਾਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਮੁਨਾਫ਼ੇ ਵਾਲੇ ਧੰਦਿਆਂ ’ਤੇ ਕਾਬਜ਼ ਹਨ, ਇਸੇ ਕਰਕੇ ਉਹ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿੱਚ ਭੁਗਤ ਰਹੇ ਹਨ।
ਬਠਿੰਡਾ(ਮਨੋਜ ਸ਼ਰਮਾ): ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਜ਼ਿਲ੍ਹਾ ਬਠਿੰਡਾ ਦੇ ਦੋ ਸਿਵਲ ਹਸਪਤਾਲਾਂ ਤਲਵੰਡੀ ਸਾਬੋ ਅਤੇ ਗੋਨਿਆਣਾ ਮੰਡੀ ਵਿੱਚ ਦੋ ਆਕਸੀਜਨ ਪਲਾਂਟ ਲਾਉਣ ਲਈ ਐੱਮਪੀ ਕੋਟੇ ਵਿੱਚੋਂ ਡੇਢ ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਦੋ ਆਕਸੀਜਨ ਪਲਾਂਟ ਲਾਉਣ ਦਾ ਮਨਜ਼ੂਰੀ ਪੱਤਰ ਅੱਜ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਦੀ ਲੀਡਰਸ਼ਿਪ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਬੀ ਸ੍ਰੀਨਿਵਾਸਨ ਨੂੰ ਸੌਂਪਿਆ ਗਿਆ। ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਬਲਕਾਰ ਸਿੰਘ ਬਰਾੜ, ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਦਰਸ਼ਨ ਸਿੰਘ ਕੋਟਫੱਤਾ ਸਾਬਕਾ ਵਿਧਾਇਕ ਅਤੇ ਜਗਸੀਰ ਸਿੰਘ ਜੱਗਾ ਕਲਿਆਣ ਤੇ ਅਵਤਾਰ ਸਿੰਘ ਮੈਨੂੰਆਣਾ ਨੇ ਇਹ ਮਨਜ਼ੂਰੀ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ।
ਕਰੋਨਾ ਦੌਰ ’ਚ ਕਾਂਗਰਸ ਵਿਚਲੀ ਚੌਧਰ ਦੀ ਜੰਗ ਨਿੰਦਣਯੋਗ: ਅਕਾਲੀ ਦਲ
ਚੰਡੀਗੜ੍ਹ (ਦਵਿੰਦਰ ਪਾਲ): ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਕਰੋਨਾ ਕਾਲ ਦੌਰਾਨ ਵਿਚਾਲੇ ਛੱਡ ਕੇ ਕੁਰਸੀ ਖ਼ਾਤਰ ਦਿੱਲੀ ਪੁੱਜਣ ਦੇ ਤਰੀਕੇ ਦੀ ਨਿਖੇਧੀ ਕੀਤੀ ਹੈ। ਐਤਵਾਰ ਦੇਰ ਸ਼ਾਮ ਹੋਈ ਕੋਰ ਕਮੇਟੀ ਦੀ ਮੀਟਿੰਗ ਵਿੱਚ ਇਹ ਗੱਲ ਵਿਚਾਰੀ ਗਈ ਕਿ ਕਾਂਗਰਸ ਦੇ ਮੰਤਰੀ ਤੇ ਵਿਧਾਇਕ ਕਰੋਨਾ ਨਾਲ ਜੂਝ ਰਹੇ ਲੋਕਾਂ ਦੀਆਂ ਮੁਸ਼ਕਿਲਾਂ ਪ੍ਰਤੀ ਬੇਰੁਖ਼ ਹੋ ਗਏ ਹਨ ਤੇ ਕੁਰਸੀ ਦੀ ਦੌੜ ਵਿੱਚ ਇਕ-ਦੂਜੇ ਤੋਂ ਅੱਗੇ ਲੰਘਣ ਦੀ ਲੜਾਈ ਵਿੱਚ ਲੱਗੇ ਹੋਏ ਹਨ। ਕੋਰ ਕਮੇਟੀ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਸਾਰੇ ਵਰਤਾਰੇ ਦੀ ਪ੍ਰਧਾਨਗੀ ਕਰਨ ਤੇ ਆਪਣੇ ਆਪ ਨੂੰ ਕੁਰਸੀ ਬਚਾਉਣ ਵਿੱਚ ਰੁੱਝੇ ਰੱਖਣ ਤੇ ਕਰੋਨਾ ਖ਼ਿਲਾਫ਼ ਲੜਾਈ ਦੌਰਾਨ ਨਿਗਰਾਨੀ ਵਾਸਤੇ ਬਾਹਰ ਨਾ ਨਿਕਲਣ ਦੀ ਨਿਖੇਧੀ ਕੀਤੀ। ਕਮੇਟੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਧੁਨਿਕ ਨੀਰੋ ਵਾਂਗ ਵਿਹਾਰ ਕਰ ਰਹੇ ਹਨ। ਸ੍ਰੀ ਬਾਦਲ ਨੇ ਮੀਟਿੰਗ ਵਿੱਚ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਦੇ ਮੰਤਰੀ ਤੇ ਵਿਧਾਇਕ ਮੁੱਖ ਮੰਤਰੀ ਦੀ ਕੁਰਸੀ ਵਾਸਤੇ ਤੇ ਕੈਬਨਿਟ ਵਿੱਚ ਅਹੁਦੇ ਹਾਸਲ ਕਰਨ ਲਈ ਦਿੱਲੀ ਚਲੇ ਗਏ ਹਨ ਪਰ ਮੁੱਖ ਮੰਤਰੀ ਕਦੇ ਜੀਵਨ ਰੱਖਿਅਕ ਦਵਾਈਆਂ, ਆਕਸੀਜਨ ਕੰਸਨਟਰੇਟਰ ਲੈਣ ਵਾਸਤੇ ਦਿੱਲੀ ਨਹੀਂ ਗਏ। ਕਾਂਗਰਸ ਸਰਕਾਰ ਨੂੰ ਮਨੁੱਖਤਾ ਨੂੰ ਪਹਿਲ ਦੇਣ ਲਈ ਆਖਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਨੂੰ ਹਦਾਇਤ ਦੇਣੀ ਚਾਹੀਦੀ ਹੈ ਕਿ ਉਹ ਤੁਰੰਤ ਪੰਜਾਬ ਪਰਤ ਆਉਣ ਤੇ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਮਦਦ ਵਿੱਚ ਜੁੱਟ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਖ਼ੁਦ ਮਿਸਾਲ ਕਾਇਮ ਕਰਨੀ ਚਾਹੀਦੀ ਹੈ ਤੇ ਬਲਾਕ ਪੱਧਰ ’ਤੇ ਕਰੋਨਾ ਕੇਅਰ ਸੈਂਟਰ ਖੋਲ੍ਹਣੇ ਚਾਹੀਦੇ ਹਨ। ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਲੌਕਡਾਊਨ ਦੌਰਾਨ ਕੰਮ ਪ੍ਰਭਾਵਿਤ ਹੋਣ ਵਾਲਿਆਂ ਲਈ ਵਿੱਤੀ ਰਾਹਤ ਪੈਕੇਜ ਐਲਾਨਣਾ ਚਾਹੀਦਾ ਹੈ। ਉਨ੍ਹਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਵੱਲੋਂ ਕਾਂਗਰਸੀਆਂ ਨੂੰ ਅਜਿਹੇ ਨਾਜ਼ੁਕ ਮੌਕੇ ਦਿੱਲੀ ਆਉਣ ਲਈ ਉਤਸ਼ਾਹਿਤ ਕਰਨ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਦੋਵਾਂ ਨੂੰ ਪੰਜਾਬ ਵਿਰੋਧੀ ਕਾਰਵਾਈਆਂ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਦੌਰਾਨ ਕਮੇਟੀ ਨੇ ਸਰਕਾਰ ਦੇ ‘ਗ਼ੈਰਹਾਜ਼ਰ’ ਹੋਣ ’ਤੇ ਅਮਨ ਕਾਨੂੰਨ ਦੀ ਸਥਿਤੀ ’ਚ ਵਿਗਾੜ ਆਉਣ ਦਾ ਵੀ ਨੋਟਿਸ ਲਿਆ। ਇਹ ਵੀ ਕਿਹਾ ਕਿ ਗੈਂਗਸਟਰ ਕਾਰੋਬਾਰੀਆਂ ਨੂੰ ਧਮਕੀਆਂ ਦੇ ਕੇ ਫਿਰੌਤੀਆਂ ਵਸੂਲ ਰਹੇ ਹਨ।