ਬੀ.ਐਸ.ਚਾਨਾ
ਸ੍ਰੀ ਆਨੰਦਪੁਰ ਸਾਹਿਬ, 15 ਜੁਲਾਈ
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਾਉਣ ਲਈ ਪਾਈ ਗਈ ਪੁਸ਼ਾਕ ਸੁਖਬੀਰ ਸਿੰਘ ਬਾਦਲ ਵੱਲੋਂ ਭਿਜਵਾਉਣ ਦੇ ਲੱਗ ਰਹੇ ਦੋਸ਼ਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਜਵਾਬ ਦੇਣਾ ਚਾਹੀਦਾ ਹੈ। ਵਿਸ਼ੇਸ਼ ਗੱਲਬਾਤ ਕਰਦੇ ਹੋਏ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਜਾਂਚ ਚੱਲ ਰਹੀ ਹੈ ਅਤੇ ਸੰਗਤ ਦੇ ਸਾਹਮਣੇ ਸੱਚ ਆਉਣਾ ਚਾਹੀਦਾ ਹੈ।
ਸੁਖਬੀਰ ਬਾਦਲ ਵੱਲੋਂ ਡੇਰਾ ਸਾਧ ਨੂੰ ਭੇਜੀ ਗਈ ਪੁਸ਼ਾਕ ਦੇ ਲੱਗ ਰਹੇ ਦੋਸ਼ਾਂ ਬਾਰੇ ਉਨ੍ਹਾਂ ਕਿਹਾ ਕਿ ਇਸ ਬਾਬਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣਾ ਪੱਖ ਜਨਤਕ ਕਰਕੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖਤ ਵਿਖੇ ਤਲਬ ਕਰਨ ਦੀ ਉੱਠੀ ਮੰਗ ਬਾਰੇ ਉਨ੍ਹਾਂ ਕਿਹਾ ਕਿ ਜੇ ਕੋਈ ਸਾਫ ਤੌਰ ’ਤੇ ਦੋਸ਼ੀ ਸਿੱਧ ਹੋਵੇਗਾ ਤਾਂ ਉਸ ਨੂੰ ਤਲਬ ਵੀ ਕੀਤਾ ਜਾਵੇਗਾ ਤੇ ਉਸ ਖ਼ਿਲਾਫ਼ ਕਾਰਵਾਈ ਲਈ ਵਿਚਾਰਾਂ ਵੀ ਹੋਣਗੀਆਂ। ਪਰ ਫਿਲਹਾਲ ਕੋਈ ਦੋਸ਼ ਸਿੱਧ ਨਹੀਂ ਹੋਇਆ।
ਜੇ ਚੋਣਾਂ ’ਚ ਡੇਰੇ ਦੀ ਹਮਾਇਤ ਹੁੰਦੀ ਤਾਂ ਅਕਾਲੀ ਦਲ ਦਾ ਇਹ ਹਸ਼ਰ ਨਾ ਹੁੰਦਾ: ਚਾਵਲਾ
ਪਿਛਲੀਆਂ ਚੋਣਾਂ ’ਚ ਡੇਰਾ ਸਿਰਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ ਦੇ ਲੱਗ ਰਹੇ ਦੋਸ਼ਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਇਹ ਬਿਆਨ ਬੇਬੁਨਿਆਦ ਹੈ। ਜੇ ਪਾਰਟੀ ਨੂੰ ਡੇਰੇ ਦੀਆਂ ਵੋਟਾਂ ਪਈਆਂ ਹੁੰਦੀਆਂ ਤਾਂ ਅਕਾਲੀਆਂ ਦਾ ਏਨਾ ਮਾੜਾ ਹਸ਼ਰ ਨਾ ਹੁੰਦਾ। ਉਨ੍ਹਾਂ ਕਿਹਾ ਕਿ ਡੇਰੇ ਦੀਆਂ ਵੋਟਾਂ ਸ਼੍ਰੋਮਣੀ ਅਕਾਲੀ ਦਲ ਨੂੰ ਨਹੀਂ ਸਗੋਂ ਕਾਂਗਰਸ ਨੂੰ ਪਈਆਂ ਹਨ।
ਸੁਖਬੀਰ ਦਾ ਫ਼ੈਸਲਾ ਨਿੱਜੀ ਹੋ ਸਕਦੈ: ਢੀਂਡਸਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਜੁਲਾਈ
ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਆਖਿਆ ਕਿ ਡੇਰਾ ਮੁਖੀ ਨੂੰ ਪੁਸ਼ਾਕ ਭੇਜਣ ਦਾ ਫ਼ੈਸਲਾ ਸੁਖਬੀਰ ਸਿੰਘ ਬਾਦਲ ਦਾ ਨਿੱਜੀ ਹੋ ਸਕਦਾ ਹੈ। ਇਹ ਸ਼੍ਰੋਮਣੀ ਅਕਾਲੀ ਦਲ ਦਾ ਫ਼ੈਸਲਾ ਨਹੀਂ ਸੀ। ਉਨ੍ਹਾਂ ਕਿਹਾ ਕਿ ਜੇ ਸੁਖਬੀਰ ਬਾਦਲ ਖ਼ਿਲਾਫ਼ ਦੋਸ਼ ਸਾਬਤ ਹੁੰਦੇ ਹਨ ਤਾਂ ਉਨ੍ਹਾਂ ਨੂੰ ਪੰਥ ’ਚੋਂ ਛੇਕ ਦੇਣਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਢੀਂਡਸਾ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਦੇ ਸਾਬਕਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਦਾ ਸਾਥੀਆਂ ਸਣੇ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਇੱਕਜੁੱਟ ਹੋਣ ਦੀ ਲੋੜ ਹੈ। ਪਾਰਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦਾ ਜਵਾਬ ਸ਼੍ਰੋਮਣੀ ਕਮੇਟੀ ਚੋਣਾਂ ਲੜ ਕੇ ਦਿੱਤਾ ਜਾਵੇਗਾ ਤੇ ਫਿਰ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਸ਼੍ਰੋਮਣੀ ਅਕਾਲੀ ਦਲ (ਡ) ਦੇ ਚੋਣ ਏਜੰਡੇ ਸਬੰਧੀ ਢੀਂਡਸਾ ਨੇ ਕਿਹਾ ਕਿ ਜਲਦ ਹੀ ਪਾਰਟੀ ਵੱਲੋਂ ਸੀਨੀਅਰ ਆਗੂਆਂ ਦੀ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ 15-16 ਮੁੱਦੇ ਰੱਖੇ ਜਾਣਗੇ। ਇਸ ਮੀਟਿੰਗ ਤੋਂ ਬਾਅਦ ਪਾਰਟੀ ਦੇ ਏਜੰਡੇ ਤੈਅ ਕੀਤੇ ਜਾਣਗੇ। ਇਸ ਮੌਕੇ ਕਰਨੈਲ ਸਿੰਘ, ਡਾ. ਸੁਖਦੇਵ ਸਿੰਘ, ਹਿੰਮਤ ਸਿੰਘ, ਸੁਰਜੀਤ ਸਿੰਘ, ਬਲਵੀਰ ਸਿੰਘ ਅਤੇ ਹਰਵਿੰਦਰ ਸਿੰਘ ਵੀ ਸ਼੍ਰੋਮਣੀ ਅਕਾਲੀ ਦਲ (ਡ) ਵਿੱਚ ਸ਼ਾਮਿਲ ਹੋਏ, ਜਿਨ੍ਹਾਂ ਦਾ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਤੇ ਪਰਮਜੀਤ ਸਿੰਘ ਗੁਲਸ਼ਨ ਸਮੇਤ ਹੋਰ ਪਾਰਟੀ ਆਗੂਆਂ ਤੇ ਵਰਕਰਾਂ ਨੇ ਸਵਾਗਤ ਕੀਤਾ।