ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 2 ਜਨਵਰੀ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਹੱਦ ’ਤੇ ਮੋਰਚੇ ਲਾ ਕੇ ਬੈਠੇ ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਪ੍ਰਾਪਤੀ ਲਈ ਤੇ ਮੋਰਚੇ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਚ ਅਖੰਡ ਪਾਠ ਕਰਵਾਇਆ ਗਿਆ। ਅਖੰਡ ਪਾਠ ਦੀ ਸਮਾਪਤੀ ਮੌਕੇ ਅਰਦਾਸ ਕੀਤੀ ਗਈ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸੁਖਬੀਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਸ਼ਬਦੀ ਹਮਲੇ ਕੀਤੇ।
ਇਸ ਮੌਕੇ ਤਖ਼ਤ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਮਾਤਾ ਸਾਹਿਬ ਕੌਰ ਸੁੰਦਰ ਕੌਰ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਭੋਗ ਉਪਰੰਤ ਅਕਾਲੀ ਦਲ ਵੱਲੋਂ ਭਾਈ ਡੱਲ ਸਿੰਘ ਦੀਵਾਨ ਹਾਲ ਵਿਚ ਸ਼ਰਧਾਂਜਲੀ ਸਮਾਗਮ ਕੀਤਾ ਗਿਆ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਸਾਨੀ ਮੋਰਚੇ ਵਿੱਚ ਸ਼ਹਾਦਤ ਪ੍ਰਾਪਤ ਕਰ ਚੁੱਕੇ ਕਿਸਾਨਾਂ ਨੂੰ ਸਿਜਦਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੰਤਰੀਆਂ ਹੱਥ ਕਮਾਨ ਦੇਣ ਦੀ ਬਜਾਏ ਖੁਦ ਜਾ ਕੇ ਕਿਸਾਨਾਂ ਨਾਲ ਗੱਲ ਕਰਨ ਅਤੇ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਕਰਨ ਦਾ ਐਲਾਨ ਕਰਨ। ਸੰਸਦ ਮੈਂਬਰ ਨੇ ਵਿਰੋਧੀ ਧਿਰਾਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਇਹ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਖੇਤੀ ਕਾਨੂੰਨਾਂ ’ਤੇ ਉਨ੍ਹਾਂ ਦੇ ਦਸਤਖਤ ਹਨ। ਉਨ੍ਹਾਂ ਕਿਹਾ ਕਿ ਜੇ ਕੋਈ ਸਾਬਿਤ ਕਰ ਦੇਵੇ ਕਿ ਖੇਤੀ ਕਾਨੂੰਨਾਂ ’ਤੇ ਉਨ੍ਹਾਂ ਦੇ ਦਸਤਖਤ ਹਨ ਤਾਂ ਉਹ ਰਾਜਨੀਤੀ ਕਰਨੀ ਛੱਡ ਦੇਣਗੇ।
ਸੁਖਬੀਰ ਬਾਦਲ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਦਿੱਲੀ ਮੋਰਚੇ ਵਿੱਚ ਬੈਠੇ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ ਕਰਨ ਅਤੇ ਖੇਤਾਂ ਦੀ ਸਾਂਭ ਸੰਭਾਲ ਲਈ ਵੀ ਵਰਕਰ ਅੱਗੇ ਆਉਣ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤੁਲਨਾ ਹੰਕਾਰੀ ਨਾਲ ਕੀਤੀ। ਇਸ ਮੌਕੇ ਅਕਾਲੀ ਦਲ ਕੋਰ ਕਮੇਟੀ ਮੈਂਬਰ ਜਗਮੀਤ ਸਿੰਘ ਬਰਾੜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਹਲਕਾ ਵਿਧਾਇਕ ਜੀਤ ਮੁਹਿੰਦਰ ਸਿੰਘ ਸਿੱਧੂ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਦਰਸ਼ਨ ਸਿੰਘ ਕੋਟਫੱਤਾ ਨੇ ਵੀ ਸੰਬੋਧਨ ਕੀਤਾ।