ਪੱਤਰ ਪ੍ਰੇਰਕ
ਲਹਿਰਾਗਾਗਾ, 17 ਜੂਨ
ਪੰਜਾਬ ਦੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ’ਚ ਸ਼ਰਾਬ ਮਾਫ਼ੀਆ, ਰੇਤ, ਟਰਾਂਸਪੋਰਟ ਅਤੇ ਭੂ ਮਾਫ਼ੀਆ ਸੁਖਬੀਰ ਸਿੰਘ ਬਾਦਲ ਵੱਲੋਂ ਪੈਦਾ ਕੀਤੇ ਗਏ ਹਨ ਜਿਨ੍ਹਾਂ ਨੂੰ ਭਗਵੰਤ ਮਾਨ ਸਰਕਾਰ ਨੇ ਜੜ੍ਹੋਂ ਉਖਾੜਨ ਦਾ ਤਹੱਈਆ ਕੀਤਾ ਹੋਇਆ ਹੈ। ਸ੍ਰੀ ਚੀਮਾ ਨੇ ਇਹ ਗੱਲ ਇੱਥੇ ਸ਼ਹਿਰ ਨਾਲ ਲੱਗਦੇ ਪਿੰਡਾਂ ’ਚ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਕਹੀ। ਕਾਂਗਰਸ ਨਾਲ ਸਬੰਧਤ ਸਾਬਕਾ ਮੰਤਰੀਆਂ ਬਾਰੇ ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਜਾਣ ਵਾਲੇ ਇਹ ਮੰਤਰੀ ਦਾਗੀ ਹਨ ਜੋ ਕੇਂਦਰ ਦਾ ਸਹਾਰਾ ਲੈਂਦੇ ਹੋਏ ਭਾਜਪਾ ਵਿੱਚ ਜਾ ਰਹੇ ਹਨ ਪਰ ਜੇਕਰ ਦੋਸ਼ ਸਾਬਤ ਹੋਏ ਤਾਂ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਪਟਨ ਆਖਿਆ ਸੀ ਕਿ ਉਹ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਸਬੂਤ ਦੇਣਗੇ ਪਰ ਉਨ੍ਹਾਂ ਨੇ ਨਾ ਲਿਸਟਾਂ ਦਿੱਤੀਆਂ ਤੇ ਨਾ ਸਬੂਤ ਦਿੱਤੇ। ਸਗੋਂ ਆਪਣੇ ਸਾਥੀਆਂ ਨੂੰ ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ਾਂ ਤੋਂ ਬਚਾਉਣ ਲਈ ਭਾਜਪਾ ਵਿੱਚ ਸ਼ਾਮਲ ਕਰਵਾ ਕੇ ‘ਦੁੱਧ ਧੋਤੇ’ ਬਣਾ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਪੰਜਾਬ ਵਿੱਚ ਆਪਣੀ ਸਾਖ ਗੁਆ ਚੁੱਕੀਆਂ ਹਨ। ਉਨ੍ਹਾਂ ਆਖਿਆ ਕਿ ਭਗਵੰਤ ਮਾਨ ਦੀ ਸਰਕਾਰ ਦੇ ਰਾਜ ਦੌਰਾਨ ਹਰੇਕ ਮਹਿਕਮੇ ਦਾ ਅਫ਼ਸਰ ਕੰਮ ਕਰਵਾਉਣ ਬਦਲੇ ਰਿਸ਼ਵਤ ਲੈਣ ਤੋਂ ਤੌਬਾ ਕਰਨ ਲੱਗ ਪਿਆ ਹੈ। ਇਸ ਦੌਰਾਨ ਵੱਡੀ ਗਿਣਤੀ ਪੰਚ-ਸਰਪੰਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ
ਗੈਂਗਸਟਰਾਂ ਨਾਲ ਸਬੰਧਤ ਆਗੂ ਤੇ ਅਫ਼ਸਰ ਜਾਣਗੇ ਜੇਲ੍ਹ: ਚੀਮਾ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਸੱਤਾ ’ਤੇ ਕਾਬਜ਼ ਰਹੀਆਂ ਰਵਾਇਤੀ ਪਾਰਟੀਆਂ ਦੇ ਆਗੂ ਹਮੇਸ਼ਾਂ ਗੈਂਗਸਟਰਾਂ ਨੂੰ ਬਚਾਉਂਦੇ ਰਹੇ ਹਨ ਪਰ ‘ਆਪ’ ਸਰਕਾਰ ਡੂੰਘਾਈ ਨਾਲ ਜਾਂਚ ਕਰਵਾ ਰਹੀ ਹੈ। ਜਾਂਚ ਦੌਰਾਨ ਜੇਕਰ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਜਾਂ ਕਿਸੇ ਅਫ਼ਸਰ ਦੇ ਸਬੰਧ ਗੈਗਸਟਰਾਂ ਨਾਲ ਪਾਏ ਗਏ ਤਾਂ ਉਹ ਵੀ ਸਲਾਖ਼ਾਂ ਪਿੱਛੇ ਹੋਣਗੇ। ਭ੍ਰਿਸ਼ਟਾਚਾਰ ਬਾਰੇ ਚੀਮਾ ਨੇ ਕਿਹਾ ਕਿ ਇਹ ਵੀ ਇਤਿਹਾਸ ਹੈ ਕਿ ਮੁੱਖ ਮੰਤਰੀ ਮਾਨ ਨੇ ਆਪਣੇ ਮੰਤਰੀ ਨੂੰ ਵੀ ਨਹੀਂ ਬਖਸ਼ਿਆ ਅਤੇ ਉਸ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ਜੇਲ੍ਹ ਭੇਜਿਆ ਹੈ। ਉਨ੍ਹਾਂ ਕਿਹਾ ਕਿ ਅਤਿਵਾਦ ਦੌਰਾਨ ਪੰਜਾਬ ਪੁਲੀਸ ਨੇ ਸ਼ਾਂਤੀ ਕਾਇਮ ਰੱਖਣ ਲਈ ਕੰਮ ਕੀਤਾ ਸੀ ਅਤੇ ਹੁਣ ਗੈਂਗਸਟਰਾਂ ਖ਼ਿਲਾਫ਼ ਵੀ ਪੁਲੀਸ ਦੀ ਭੂਮਿਕਾ ਸਾਰਥਕ ਹੈ।