ਰਾਮ ਸ਼ਰਨ ਸੂਦ
ਅਮਲੋਹ, 11 ਜੁਲਾਈ
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਪਾਰਟੀ ’ਚ ਲੋਕਤੰਤਰੀ ਰਵਾਇਤਾਂ ਦਾ ਗਲ ਘੁੱਟਣ ਦਾ ਦੋਸ਼ ਲਾਉਂਦਿਆ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਮਿਲੀ ਹਾਰ ਸਮੇਂ ਬਾਦਲ ਤੋਂ ਕੀਤੀ ਗਈ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀ ਮੰਗ ਦੇ ਬਾਵਜੂਦ ਉਨ੍ਹਾਂ ਅਜਿਹਾ ਨਹੀਂ ਕੀਤਾ। ਜਦਕਿ ਸਾਰੀਆਂ ਪਾਰਟੀਆਂ ਦਾ ਸਿਧਾਂਤ ਹੈ ਕਿ ਹਾਰ ਤੋਂ ਬਾਅਦ ਫ਼ੈਸਲਾ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ’ਤੇ ਛੱਡਿਆ ਜਾਂਦਾ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜ ਪ੍ਰਣਾਲੀ ਵਿਚ ਵੀ ਵੱਡੇ ਪੱਧਰ ’ਤੇ ਨਿਘਾਰ ਦਾ ਦੋਸ਼ ਲਾਉਂਦਿਆਂ ਇਸ ਲਈ ਵੀ ਬਾਦਲਾਂ ਨੂੰ ਹੀ ਜ਼ਿੰਮੇਵਾਰ ਦੱਸਿਆ।