ਦਵਿੰਦਰ ਪਾਲ
ਚੰਡੀਗੜ੍ਹ, 29 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਭੰਗ ਕਰ ਕੇ ਪਾਰਟੀ ’ਚ ਨਵੀਂ ਰੂਹ ਫੂਕਣ ਲਈ ਸੁਖਬੀਰ ਸਿੰਘ ਬਾਦਲ ਵੱਲੋਂ ਲਏ ਗਏ ਫ਼ੈਸਲੇ ’ਤੇ ਸਵਾਲ ਉੱਠਣ ਲੱਗੇ ਹਨ। ਸੀਨੀਅਰ ਅਕਾਲੀ ਆਗੂਆਂ ਦਾ ਆਖਣਾ ਹੈ ਕਿ ਅਕਾਲੀ ਦਲ ਦੇ ਵਿਧਾਨ ਮੁਤਾਬਕ ਸੁਖਬੀਰ ਪਾਰਟੀ ਦੀ ਵਰਕਿੰਗ ਕਮੇਟੀ ਭੰਗ ਕਰਨ ਦਾ ਅਖਤਿਆਰ ਨਹੀਂ ਰੱਖਦੇ। ਪ੍ਰੇਮ ਸਿੰਘ ਚੰਦੂਮਾਜਰਾ ਨੇ ‘ਪੰਜਾਬੀ ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਦੀ ਵਰਕਿੰਗ ਕਮੇਟੀ ਹੀ ਇੱਕ ਅਜਿਹੀ ‘ਬਾਡੀ’ ਹੈ, ਜਿਸ ਦਾ ਗਠਨ ਜਨਰਲ ਇਜਲਾਸ ਵੱਲੋਂ ਕੀਤਾ ਜਾਂਦਾ ਹੈ। ਇਸ ਲਈ ਜੇਕਰ ਵਰਕਿੰਗ ਕਮੇਟੀ ਭੰਗ ਹੋ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਹੀ ਭੰਗ ਹੋ ਗਿਆ ਸਮਝ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਧਾਨ ਮੁਤਾਬਕ ਪ੍ਰਧਾਨ ਨੂੰ ਮੀਟਿੰਗ ਬੁਲਾ ਕੇ ਹੀ ਇਸ ਤਰ੍ਹਾਂ ਦੇ ਅਹਿਮ ਫ਼ੈਸਲੇ ਲੈਣੇ ਚਾਹੀਦੇ ਸਨ। ਚੰਦੂਮਾਜਰਾ ਨੇ ਕਿਹਾ ਕਿ ਮਰਹੂਮ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਵੀ ਪ੍ਰਧਾਨ ਹੁੰਦਿਆਂ ਇਸ ਤਰ੍ਹਾਂ ਵਰਕਿੰਗ ਕਮੇਟੀ ਅਤੇ ਵਿੰਗ ਭੰਗ ਕਰਨ ਦਾ ਐਲਾਨ ਕਰ ਦਿੱਤਾ ਸੀ ਪਰ ਪਾਰਟੀ ਅੰਦਰ ਪੈਦਾ ਹੋਏ ਰੋਹ ਤੋਂ ਬਾਅਦ ਉਨ੍ਹਾਂ ਨੂੰ ਵੀ ਆਪਣਾ ਫ਼ੈਸਲਾ ਵਾਪਸ ਲੈਣਾ ਪਿਆ ਸੀ। ਚੰਦੂਮਾਜਰਾ ਨੇ ਕਿਹਾ ਕਿ ਵਰਕਿੰਗ ਕਮੇਟੀ ਭੰਗ ਕਰਨ ਦਾ ਫੈਸਲਾ ਵਾਪਸ ਕਰਾਉਣ ਅਤੇ ਪਾਰਟੀ ਦੇ ਹੋਰਨਾਂ ਅਹਿਮ ਮਾਮਲਿਆਂ ’ਤੇ ਚਰਚਾ ਕਰਨ ਲਈ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਸੁਖਬੀਰ ਨਾਲ ਮੁਲਾਕਾਤ ਕਰੇਗਾ।
ਸ਼੍ਰੋਮਣੀ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਭੰਗ ਕਰਨ ਤੋਂ ਬਾਅਦ ਜਿਸ ਤਰ੍ਹਾਂ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੱਲੋਂ ਸੁਖਬੀਰ ਦੀ ਖੁੱਲ੍ਹੇਆਮ ਨੁਕਤਾਚੀਨੀ ਕੀਤੀ ਜਾਣ ਲੱਗੀ ਹੈ, ਉਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਦੀ ਸੱਤਾ ’ਤੇ ਲੰਮਾ ਸਮਾਂ ਦਬਦਬਾ ਬਣਾ ਕੇ ਰੱਖਣ ਤੋਂ ਬਾਅਦ ਡੂੰਘੇ ਸਿਆਸੀ ਸੰਕਟ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੀਆਂ ਚੁਣੌਤੀਆਂ ਘਟਣ ਦੀ ਥਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਬੇਹੱਦ ਮਾੜੀ ਕਾਰਗੁਜ਼ਾਰੀ ਦੇ ਮੁੱਦੇ ’ਤੇ ਪਾਰਟੀ ਪ੍ਰਧਾਨ ਲਗਾਤਾਰ ਘਿਰਦੇ ਦਿਖਾਈ ਦੇ ਰਹੇ ਹਨ। ਕੋਰ ਕਮੇਟੀ ਦੀਆਂ ਮੀਟਿੰਗਾਂ ਦੌਰਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਹੁਦਾ ਛੱਡਣ ਦੀ ਪੇਸ਼ਕਸ਼ ਵੀ ਕੀਤੀ ਗਈ ਸੀ ਪਰ ਸ੍ਰੀ ਬਾਦਲ ਦਾ ਬਦਲ ਕੀ ਹੋਵੇ ਇਸ ਬਾਰੇ ਪਾਰਟੀ ਵੱਲੋਂ ਫੈਸਲਾ ਨਹੀਂ ਲਿਆ ਜਾ ਸਕਿਆ।
ਸੁਖਬੀਰ ਨੇ ਅਸਤੀਫ਼ਾ ਦੇਣ ਦੀ ਬਜਾਏ ਜਥੇਬੰਦਕ ਢਾਂਚਾ ਹੀ ਭੰਗ ਕਰ ਦਿੱਤਾ: ਢੀਂਡਸਾ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਆਖਿਆ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫਾ ਦੇਣ ਦੀ ਬਜਾਏ ਸ਼੍ਰੋਮਣੀ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਹੀ ਭੰਗ ਕਰ ਦਿੱਤਾ ਗਿਆ। ਉਨ੍ਹਾਂ ਅਕਾਲੀ ਵਰਕਰਾਂ ਨੂੰ ਬਾਦਲ ਪਰਿਵਾਰ ਦੀ ਬਜਾਏ ਪੰਥ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਸੁਖਬੀਰ ਬਾਦਲ ਦੇ ਇਸ ਫ਼ੈਸਲੇ ਨੂੰ ਨਿਰਾ ਡਰਾਮਾ ਦੱਸਿਆ।