ਪੱਤਰ ਪ੍ਰੇਰਕ
ਗੁਰਾਇਆ/ਫਿਲੌਰ, 17 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਅੱਜ ਇਸ ਹਲਕੇ ’ਚ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਖਹਿਰਾ ਦੀ ਹਮਾਇਤ ’ਚ ਕਈ ਪ੍ਰੋਗਰਾਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਸੀ ਕਿ ਉਹ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ। ਇਸੇ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਗੱਠਜੋੜ ਦੀ ਸਰਕਾਰ ਬਣਨ ’ਤੇ ਦੇਸ਼-ਵਿਦੇਸ਼ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਐਜੂਕੇਸ਼ਨ ਕਾਰਡ ਬਣਾ ਕੇ, ਉਨ੍ਹਾਂ ਨੂੰ 10 ਲੱਖ ਰੁਪਏ ਤੱਕ ਐਜੂਕੇਸ਼ਨ ਲੋਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਾਂਸ਼ੀ ਰਾਮ ਦੇ ਨਾਂ ’ਤੇ ਮੈਡੀਕਲ ਕਾਲਜ ਖੋਲ੍ਹਣ ਅਤੇ ਡਾ. ਅੰਬੇਡਕਰ ਦੇ ਨਾਂ ’ਤੇ ਯੂਨੀਵਰਸਿਟੀ ਖੋਲ੍ਹਣ ਦਾ ਐਲਾਨ ਵੀ ਕੀਤਾ।