ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 1 ਸਤੰਬਰ
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਆਪਣੀ ਗ੍ਰਿਫ਼ਤਾਰੀ ਦੇ ਡਰੋਂ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੀ ਜਾਂਚ ’ਚ ਸ਼ਾਮਲ ਨਹੀਂ ਹੋਏ। ਪਿਛਲੇ ਦਿਨੀਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਉਨ੍ਹਾਂ ਨੂੰ ਅੱਜ ਪਹਿਲੀ ਸਤੰਬਰ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਵਿਜੀਲੈਂਸ ਥਾਣੇ ਵਿੱਚ ਤਲਬ ਕੀਤਾ ਗਿਆ ਸੀ। ਸੈਣੀ ਨੇ ਅੱਜ ਸਵੇਰੇ ਹੀ ਆਪਣੇ ਵਕੀਲ ਰਾਹੀਂ ਵਿਜੀਲੈਂਸ ਬਿਊਰੋ ਦੇ ਦਫ਼ਤਰ ਨੂੰ ਈਮੇਲ ਤੇ ਇਕ ਪੱਤਰ ਭੇਜ ਕੇ ਦੱਸਿਆ ਕਿ ਉਹ ਅੱਜ ਕਿਸੇ ਕਾਰਨ ਜਾਂਚ ਵਿੱਚ ਸ਼ਾਮਲ ਨਹੀਂ ਹੋ ਸਕਦੇ। ਲਿਹਾਜ਼ਾ ਉਨ੍ਹਾਂ ਨੂੰ ਘੱਟੋ-ਘੱਟ 15 ਦਿਨਾਂ ਦੀ ਮੋਹਲਤ ਦਿੱਤੀ ਜਾਵੇ। ਇਸ ਗੱਲ ਦੀ ਪੁਸ਼ਟੀ ਵਿਜੀਲੈਂਸ ਬਿਊਰੋ ਦੇ ਇੱਕ ਸੀਨੀਅਰ ਅਧਿਕਾਰੀ ਨੇ ਕੀਤੀ ਹੈ।
ਸਾਬਕਾ ਡੀਜੀਪੀ ਨੇ ਜਾਂਚ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਤੋਂ ਭਰੋਸਾ ਮੰਗਿਆ ਹੈ ਕਿ ਜਦੋਂ ਉਹ ਜਾਂਚ ਵਿੱਚ ਸ਼ਾਮਲ ਹੋਣ ਲਈ ਆਉਣ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ।
ਹਾਈ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਜੁਟਾਉਣ ਦੇ ਤਾਜ਼ਾ ਮਾਮਲੇ ਵਿੱਚ ਸੁਮੇਧ ਸੈਣੀ ਨੂੰ ਕੁਝ ਦਿਨ ਪਹਿਲਾਂ ਅਗਾਊਂ ਜ਼ਮਾਨਤ ਦਿੰਦਿਆਂ ਉਸ ਨੂੰ ਹਫ਼ਤੇ ਦੇ ਅੰਦਰ-ਅੰਦਰ ਵਿਜੀਲੈਂਸ ਕੋਲ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ। ਬੀਤੀ 18 ਅਗਸਤ ਨੂੰ ਸਾਬਕਾ ਡੀਜੀਪੀ ਦੇਰ ਸ਼ਾਮ ਕਰੀਬ ਅੱਠ ਵਜੇ ਇਸ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਵਿਜੀਲੈਂਸ ਦੀ ਪੜਤਾਲੀਆ ਟੀਮ ਅੱਗੇ ਪੇਸ਼ ਹੋਏ ਸੀ ਅਤੇ ਲੰਮੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਨੇ ਡਬਲਿਊ. ਡਬਲਿਊ. ਆਈ. ਸੀ. ਐੱਸ ਦੇ ਡਾਇਰੈਕਟਰ ਦਵਿੰਦਰ ਸੰਧੂ ਖ਼ਿਲਾਫ਼ ਦਰਜ ਪੁਰਾਣੇ ਮਾਮਲੇ ਵਿੱਚ ਨਾਮਜ਼ਦ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ।