ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 28 ਸਤੰਬਰ
ਸਿਟਕੋ ਦੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਆਖਰਕਾਰ ਅੱਜ ਜਾਂਚ ਵਿੱਚ ਸ਼ਾਮਲ ਹੋਣ ਲਈ ਮਟੌਰ ਥਾਣੇ ਪੁੱਜੇ। ਮੁਹਾਲੀ ਪੁਲੀਸ ਵੱਲੋਂ ਸੈਣੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਬੀਤੇ ਦਿਨੀਂ ਦੂਜਾ ਨੋਟਿਸ ਜਾਰੀ ਕੀਤਾ ਗਿਆ ਸੀ। ਸਾਬਕਾ ਡੀਜੀਪੀ ਅੱਜ ਆਪਣੇ ਵਕੀਲਾਂ ਅਤੇ ਸੁਰੱਖਿਆ ਅਮਲੇ ਨਾਲ ਸਵੇਰੇ 11 ਵਜੇ ਮਟੌਰ ਥਾਣੇ ਪੁੱਜੇ। ਇਸ ਦੌਰਾਨ ਵਕੀਲਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਮੁਹਾਲੀ ਦੇ ਐਸਪੀ (ਡੀ) ਅਤੇ ਸਿੱਟ ਮੁਖੀ ਹਰਮਨਦੀਪ ਸਿੰਘ ਹਾਂਸ, ਡੀਐਸਪੀ (ਡੀ) ਬਿਕਰਮਜੀਤ ਸਿੰਘ ਬਰਾੜ ਅਤੇ ਥਾਣਾ ਮੁਖੀ ਇੰਸਪੈਕਟਰ ਰਾਜੀਵ ਕੁਮਾਰ ਨੇ ਸੈਣੀ ਤੋਂ ਲਗਾਤਾਰ 6 ਘੰਟੇ ਪੁੱਛਗਿੱਛ ਕੀਤੀ। ਸੈਣੀ ਤੋਂ ਪੁੱਛਗਿੱਛ ਦੌਰਾਨ ਕੀ ਕੁੱਝ ਪੁੱਛਿਆ ਗਿਆ, ਇਸ ਬਾਰੇ ਪੁਲੀਸ ਦਾ ਕੋਈ ਵੀ ਅਧਿਕਾਰੀ ਆਪਣਾ ਮੂੰਹ ਖੋਲ੍ਹਣ ਨੂੰ ਤਿਆਰ ਨਹੀਂ ਹੈ।
ਪਤਾ ਲੱਗਾ ਹੈ ਕਿ ਸੈਣੀ ਕੋਲੋਂ ਛੇ ਘੰਟੇ ਸਿੱਖ ਨੌਜਵਾਨ ਨੂੰ ਘਰੋਂ ਚੁੱਕ ਕੇ ਲਿਜਾਉਣ ਅਤੇ ਬਾਅਦ ਵਿੱਚ ਉਸ ਨਾਲ ਕੀ ਵਾਪਰਿਆ ਬਾਰੇ ਸਵਾਲ ਪੁੱਛੇ ਗਏ। ਇਹ ਵੀ ਪਤਾ ਕਰਨ ਦੀ ਕੋਸ਼ਿਸ਼ ਕੀਤੀ ਗਈ ਕਿ ਕੀ ਉਨ੍ਹਾਂ (ਸੈਣੀ) ’ਤੇ ਬੰਬ ਧਮਾਕਾ ਕੀਤਾ ਗਿਆ ਸੀ ਤਾਂ ਕੀ ਉਸ ਵਿੱਚ ਮੁਲਤਾਨੀ ਦਾ ਹੱਥ ਸੀ। ਸੂਤਰ ਦੱਸਦੇ ਹਨ ਕਿ ਸੈਣੀ ਨੇ ਪੁਲੀਸ ਦੇ ਕਿਸੇ ਵੀ ਸਵਾਲ ਦਾ ਸਿੱਧੇ ਮੂੰਹ ਜਵਾਬ ਨਹੀਂ ਦਿੱਤਾ ਅਤੇ ਨਾ ਹੀ ਪੁਲੀਸ ਨੇ ਸਖ਼ਤੀ ਨਾਲ ਪੁੱਛਗਿੱਛ ਕਰਨ ਦੀ ਹਿੰਮਤ ਦਿਖਾਈ। ਅੱਜ ਸੈਣੀ ਘਬਰਾਏ ਹੋਏ ਨਜ਼ਰ ਆਏ।
ਕਾਲੇ ਰੰਗ ਦੇ ਪੈਂਟ ਕੋਟ ਵਿੱਚ ਮੂੰਹ ’ਤੇ ਰੁਮਾਲ ਬੰਨ੍ਹ ਕੇ ਆਏ ਸਾਬਕਾ ਡੀਜੀਪੀ ਨੇ ਮੀਡੀਆ ਤੋਂ ਪੂਰੀ ਤਰ੍ਹਾਂ ਦੂਰੀ ਬਣਾ ਕੇ ਰੱਖੀ। ਦੱਸਣਯੋਗ ਹੈ ਕਿ ਬੀਤੀ 15 ਸਤੰਬਰ ਨੂੰ ਸੁਪਰੀਮ ਕੋਰਟ ’ਚੋਂ ਆਰਜ਼ੀ ਜ਼ਮਾਨਤ ਕਰਵਾਉਣ ਦੇ ਬਾਵਜੂਦ ਸਾਬਕਾ ਡੀਜੀਪੀ ਜਾਂਚ ਵਿੱਚ ਸ਼ਾਮਲ ਹੋਣ ਤੋਂ ਟਾਲਾ ਵੱਟਦੇ ਆ ਰਹੇ ਸਨ। ਜਦੋਂਕਿ ਸੁਪਰੀਮ ਕੋਰਟ ਨੇ ਸੈਣੀ ਦੀ ਗ੍ਰਿਫ਼ਤਾਰੀ ’ਤੇ ਆਰਜ਼ੀ ਰੋਕ ਲਗਾਉਣ ਸਮੇਂ ਉਸ ਨੂੰ ਪੁਲੀਸ ਜਾਂਚ ਵਿੱਚ ਸਹਿਯੋਗ ਦੇਣ ਲਈ ਕਿਹਾ ਸੀ।
ਮੁਹਾਲੀ ਪੁਲੀਸ ਨੇ 21 ਸਤੰਬਰ ਨੂੰ ਸੈਣੀ ਨੂੰ ਨੋਟਿਸ ਭੇਜ ਕੇ 23 ਸਤੰਬਰ ਨੂੰ ਸਿੱਟ ਸਾਹਮਣੇ ਪੇਸ਼ ਹੋਣ ਲਈ ਆਖਿਆ ਸੀ ਪਰ ਉਹ ਉਸ ਦਿਨ ਥਾਣੇ ਨਹੀਂ ਪਹੁੰਚੇ ਤੇ ਦੋ ਦਿਨਾਂ ਮਗਰੋਂ 25 ਸਤੰਬਰ ਨੂੰ ਚੁੱਪ ਚੁਪੀਤੇ ਜ਼ਿਲ੍ਹਾ ਪੁਲੀਸ ਹੈੱਡਕੁਆਰਟਰ ਪਹੁੰਚ ਗਏ।