ਦਰਸ਼ਨ ਸਿੰਘ ਸੋਢੀ
ਮੁਹਾਲੀ, 20 ਅਗਸਤ
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤਹਿਤ ਮੁਹਾਲੀ ਅਦਾਲਤ ਨੇ ਵੀਰਵਾਰ ਰਾਤ 2 ਵਜੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਰਿਹਾਅ ਕਰ ਦਿੱਤਾ। ਵਿਜੀਲੈਂਸ ਵੱਲੋਂ ਸੈਣੀ ਨੂੰ ਬੁੱਧਵਾਰ ਨੂੰ ਦੁਪਹਿਰ ਕਰੀਬ ਸਾਢੇ 12 ਵਜੇ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਦੇਰ ਰਾਤ 2 ਵਜੇ ਤੱਕ ਕੋਰਟ ਰੂਮ ਵਿੱਚ ਰਹੇ। ਦੋ ਵਜੇ ਮੁਹਾਲੀ ਅਦਾਲਤ ਦੇ ਜੱਜ ਨੇ ਹਾਈ ਕੋਰਟ ਦੇ 32 ਪੰਨਿਆਂ ਦੀ ਜੱਜਮੈਂਟ ਪੜ੍ਹਨ ਤੋਂ ਬਾਅਦ ਸੈਣੀ ਨੂੰ ਰਿਹਾਅ ਕਰਨ ਦੀ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੀ। ਸੈਣੀ ਆਪਣੀ ਬੁਲੇਟ-ਪਰੂਫ ਗੱਡੀ ਵਿੱਚ ਘਰ ਪਹੁੰਚੇ। ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਜੈੱਡ ਪਲੱਸ ਸੁਰੱਖਿਆ ਰਿਲੀਵ ਕਰ ਦਿੱਤੀ ਗਈ ਸੀ ਪਰ ਅਦਾਲਤ ਵੱਲੋਂ ਜ਼ਮਾਨਤ ਮਨਜ਼ੂਰ ਕਰਨ ਤੋਂ ਬਾਅਦ ਜੈੱਡ ਪਲੱਸ ਸੁਰੱਖਿਆ ਵਾਪਸ ਮੰਗਵਾਈ ਗਈ। ਉਧਰ, ਸੈਣੀ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਹੀ ਸਰਕਾਰ ’ਤੇ ਵੱਡਾ ਹਮਲਾ ਕਰਦਿਆਂ ਤਿੰਨ ਉੱਚ ਅਫ਼ਸਰਾਂ ਨੂੰ ਤੁਰੰਤ ਪ੍ਰਭਾਵ ਨਾਲ ਹਟਾਉਣ ਦੀ ਮੰਗ ਕੀਤੀ ਹੈ।ਉਨ੍ਹਾਂ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵਿਜੀਲੈਂਸ ਦੀ ਹਿਰਾਸਤ ’ਚੋਂ ਰਿਹਾਅ ਕਰਨ ਦੇ ਹਾਈ ਕੋਰਟ ਵੱਲੋਂ ਹੁਕਮ ਜਾਰੀ ਕਰਨ ਤੋਂ ਬਾਅਦ ਟਵੀਟ ਕਰ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਪ੍ਰੋਫੈਸ਼ਨਲ ਤਰੀਕੇ ਨਾਲ ਕੰਮ ਕਰਨ ਵਿੱਚ ਕਥਿਤ ਤੌਰ ’ਤੇ ਨਾਕਾਮ ਰਹਿਣ ਕਾਰਨ ਐਡਵੋਕੇਟ ਜਨਰਲ ਸਕੱਤਰ, ਗ੍ਰਹਿ ਸਕੱਤਰ ਤੇ ਚੀਫ ਡਾਇਰੈਕਟਰ ਵਿਜੀਲੈਂਸ ਨੂੰ ਤੁਰੰਤ ਅਹੁਦੇ ਤੋਂ ਹਟਾਇਆ ਜਾਵੇ।