ਮਹਿੰਦਰ ਸਿੰਘ ਰੱਤੀਆਂ
ਮੋਗਾ, 30 ਜੁਲਾਈ
ਯੂਥ ਅਕਾਲੀ ਦਲ ਦੇ ਸੂਬਾਈ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਉੱਤੇ ਬਰਗਾੜੀ ਬੇਅਦਬੀ ਮਾਮਲੇ ’ਚ ਰਾਜਨੀਤੀ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਾਂਗਰਸ ਨੂੰ ਚੋਣਾਂ ਦੌਰਾਨ ਕੀਤੇ ਦਾਅਵਿਆਂ ਤੇ ਵਾਅਦਿਆਂ ਉੱਤੇ ਵੀ ਘੇਰਿਆ। ਇੱਥੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਨਿਵਾਸ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੰਟੀ ਰੋਮਾਣਾ ਨੇ ਕਿਹਾ ਕਿ ਬਰਗਾੜੀ ਮਾਮਲੇ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਤੇ ਮੁੱਖ ਮੰਤਰੀ ਨੂੰ ਇਸ ਅਤਿ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਦੀ ਜਾਣਕਾਰੀ ਯੂਥ ਕਾਂਗਰਸ ਨੂੰ ਦੇਣ ਲਈ ਅਫਸਰਾਂ ਦੀ ਤਾਇਨਾਤੀ ਕਰਨ ਤੋਂ ਪਤਾ ਲੱਗਦਾ ਹੈ ਕਿ ਬਰਗਾੜੀ ਬੇਅਦਬੀ ਮਾਮਲੇ ’ਤੇ ਸਿਆਸਤ ਕਰਨ ਦੀ ਡੂੰਘੀ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਸਵਾਲ ਕੀਤਾ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਇਹ ਹਦਾਇਤ ਉਨ੍ਹਾਂ ਨੇ ਇਸ ਕਰ ਕੇ ਕੀਤੀ ਹੈ ਕਿ ਇਸ ਨੂੰ ਸਿਆਸੀ ਮਾਮਲਾ ਬਣਾਈ ਰੱਖਿਆ ਜਾਵੇ ਤੇ ਕਾਂਗਰਸ ਪਾਰਟੀ ਇਸ ’ਤੇ ਰਾਜਨੀਤੀ ਕਰਦੀ ਰਹੇ। ਇਸ ਮੌਕੇ ਬਰਜਿੰਦਰ ਸਿੰਘ ਮੱਖਣ ਬਰਾੜ ਵੀ ਮੌਜੂਦ ਸਨ। ਉਨ੍ਹਾਂ ਪੰਜਾਬ ਕਾਂਗਰਸ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਉਹ ਭਗੌੜੇ ਹੋ ਚੁੱਕੇ ਹਨ ਕਿਉਂਕਿ ਪਿਛਲੀ ਵਾਰ ਲੋਕ ਸਭਾ ਚੋਣਾਂ ਦੌਰਾਨ ਅਕਾਲੀ ਦਲ ਨੇ ਉਨ੍ਹਾਂ ਨੂੰ ਮਾਤ ਦਿੱਤੀ ਸੀ। ਜੇਕਰ ਉਨ੍ਹਾਂ ਦੀ ਦਿੱਖ ਚੰਗੀ ਹੁੰਦੀ ਤਾਂ ਉਹ ਆਪਣੇ ਹਲਕੇ ਵਿੱਚ ਐਮਐਲਏ ਦੀ ਸੀਟ ਕਿਉਂ ਹਾਰੇ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵੇਲੇ ਹੀ ਹਰ ਵਰਗ ਨੂੰ ਸਹੂਲਤਾਂ ਦਿੱਤੀਆਂ ਗਈਆਂ ਅਤੇ ਵਿਕਾਸ ਕਾਰਜ ਕੀਤੇ ਗਏ ਹਨ ਜਦਕਿ ਕਾਂਗਰਸ ਸਰਕਾਰ ਸਮੇਂ ਵਿਕਾਸ ਦੇ ਕੰਮ ਠੱਪ ਪਏ ਹਨ। ਉਨ੍ਹਾਂ ਕਿਹਾ ਕਿ ਲੋਕ ਦੁਬਾਰਾ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ।