ਗੁਰਦੇਵ ਸਿੰਘ ਗਹੂੰਣ
ਬਲਾਚੌਰ, 30 ਅਕਤੂਬਰ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਬਲਾਚੌਰ ਤਹਿਸੀਲ ਵਿਚ ਸਥਿਤ ਸਨਫਾਰਮਾ ਫੈਕਟਰੀ ਟੌਂਸਾ ਨੂੰ ਪ੍ਰਦੂਸ਼ਣ ਫੈਲਾਉਣ ਦੇ ਦੋਸ਼ ਹੇਠ ਦੋ ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਰੋਪੜ ਦੇ ਕਾਰਜਕਾਰੀ ਇੰਜੀਨੀਅਰ ਕੰਵਲਜੀਤ ਕੌਰ ਨੇ ਦੱਸਿਆ ਕਿ ਪਹਿਲੀ ਅਕਤੂਬਰ ਨੂੰ ਉਨ੍ਹਾਂ ਦੀ ਟੀਮ ਵਲੋਂ ਸਨਫਾਰਮਾ ਫੈਕਟਰੀ ਟੌਂਸਾ ਦਾ ਨਿਰੀਖਣ ਕੀਤਾ ਗਿਆ ਸੀ, ਜਿਸ ਦੌਰਾਨ ਫੈਕਟਰੀ ਏਰੀਏ ਵਿੱਚ ਗੰਦਾ ਪਾਣੀ ਖੜ੍ਹਾ ਮਿਲਿਆ ਜਿਸ ਨੂੰ ਸੋਧਿਆ ਨਹੀਂ ਗਿਆ ਸੀ। ਉਨ੍ਹਾਂ ਵਲੋਂ ਭੇਜੀ ਗਈ ਰਿਪੋਰਟ ਦੇ ਆਧਾਰ ’ਤੇ ਦੋ ਅਕਤੂਬਰ ਨੂੰ ਦੁਬਾਰਾ ਫਿਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫਤਰ ਦੀ ਟੀਮ ਵਲੋਂ ਜਾਂਚ ਕੀਤੀ ਗਈ ਜਿਸ ਦੇ ਆਧਾਰ ’ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਵਲੋਂ ਫੈਕਟਰੀ ਨੂੰ 2 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬਲਾਚੌਰ ਤਹਿਸੀਲ ਦੇ ਆਸਰੋਂ ਅਤੇ ਟੌਂਸਾ ਸਨਅਤੀ ਕੇਂਦਰ ’ਚ ਸਥਿਤ ਫੈਕਟਰੀਆਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਵਾਟਰ ਟਰੀਟਮੈਂਟ ਪਲਾਂਟ ਲਗਾਉਣ ਦੀ ਥਾਂ ਫੈਕਟਰੀਆਂ ਦੇ ਜ਼ਹਿਰੀਲੇ ਪਾਣੀ ਨੂੰ ਧਰਤੀ ਹੇਠਾਂ ਸੁੱਟਿਆ ਜਾ ਰਿਹਾ ਹੈ ਜਿਸ ਦੇ ਸਿੱਟੇ ਵਜੋਂ ਇਸ ਖੇਤਰ ਦੇ ਦਰਜਨ ਭਰ ਪਿੰਡਾਂ ਦਾ ਪੀਣ ਵਾਲਾ ਪਾਣੀ ਜ਼ਹਿਰੀਲਾ ਹੋ ਚੁੱਕਾ ਹੈ, ਜਿਸ ਕਾਰਨ ਖੇਤਰ ਵਾਸੀ ਇਹ ਜ਼ਹਿਰੀਲਾ ਪਾਣੀ ਪੀਣ ਨਾਲ ਦਮੇ ਅਤੇ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਅਤੇ ਵੱਡੀ ਗਿਣਤੀ ਲੋਕ ਇਨ੍ਹਾਂ ਬਿਮਾਰੀਆਂ ਕਾਰਨ ਰੱਬ ਨੂੰ ਪਿਆਰੇ ਹੋ ਚੁੱਕੇ ਹਨ ਪਰ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ।