ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 30 ਅਗਸਤ
ਦੇਸ਼ ਵਿਦੇਸ਼ ਤੋਂ ਪੁੱਜਦੀ ਸੰਗਤ ਨੂੰ ਦਰਬਾਰ ਸਾਹਿਬ ਨਾਲ ਸਬੰਧਤ ਜਾਣਕਾਰੀ ਦੇਣ ਲਈ ਸ਼੍ਰੋਮਣੀ ਕਮੇਟੀ ਨੇ ਸਹਾਇਤਾ ਕੇਂਦਰ ਸਥਾਪਿਤ ਕੀਤਾ ਹੈ, ਜਿਸ ਦਾ ਉਦਘਾਟਨ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਇਹ ਸਹਾਇਤਾ ਕੇਂਦਰ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ ਵਿੱਚ ਬਣਾਇਆ ਗਿਆ ਹੈ। ਇਸ ਮੌਕੇ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਤੋਂ ਬਾਹਰੋਂ ਆਉਂਦੀ ਸੰਗਤ ਨੂੰ ਕਈ ਵਾਰ ਜਾਣਕਾਰੀ ਨਾ ਹੋਣ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਨੂੰ ਦੇਖਦਿਆਂ ਸਹਾਇਤਾ ਕੇਂਦਰ ਸਥਾਪਿਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਰਬਾਰ ਸਾਹਿਬ ਨਤਮਸਤਕ ਹੋਣ ਦੌਰਾਨ ਪ੍ਰਸ਼ਾਸਨ ਵੱਲੋਂ ਸੰਗਤ ਨੂੰ ਰੋਕਿਆ ਗਿਆ ਅਤੇ ਪ੍ਰੇਸ਼ਾਨ ਕੀਤਾ ਗਿਆ ਹੈ, ਜੋ ਕਿ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਰਸਤਿਆਂ ਵਿੱਚ ਅਤੇ ਪਲਾਜ਼ਾ ਵਿੱਚ ਸੰਗਤ ਨੂੰ ਲੰਮਾਂ ਸਮਾਂ ਰੋਕਿਆ ਗਿਆ।
ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਯਤਨਸ਼ੀਲ ਸ਼੍ਰੋਮਣੀ ਕਮੇਟੀ ਵੱਲੋਂ ਅਗਲੇ ਪ੍ਰੋਗਰਾਮ ਸਬੰਧੀ ਵਿਚਾਰ-ਵਟਾਂਦਰਾ ਕਰਨ ਵਾਸਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਮੀਟਿੰਗ 2 ਸਤੰਬਰ ਨੂੰ ਸੱਦੀ ਗਈ ਹੈ।
ਨਿਹੰਗ ਸਿੰਘਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਇਸਾਈ ਮੱਤ ਵਿੱਚ ਸ਼ਾਮਲ ਕਰਨ ਵਾਲੇ ਪ੍ਰੋਗਰਾਮ ਨੂੰ ਰੱਦ ਕਰਵਾਉਣ ਵਾਲੇ ਨਿਹੰਗ ਸਿੰਘਾਂ ਖ਼ਿਲਾਫ਼ ਦਰਜ ਕੀਤੇ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਇਕ ਵੀਡੀਓ ਬਿਆਨ ਰਾਹੀਂ ਆਖਿਆ ਹੈ ਕਿ ਜੇਕਰ ਸਰਕਾਰ ਨੇ ਨਿੰਹਗ ਸਿੰਘਾਂ ਖ਼ਿਲਾਫ਼ ਦਰਜ ਕੇਸ ਰੱਦ ਨਾ ਕੀਤੇ ਤਾਂ ਕੁਝ ਦਿਨਾਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਣ ਵਾਲੇ ਸਮਾਗਮ ਵਿੱਚ ਇਸ ਦੇ ਖ਼ਿਲਾਫ਼ ਕੋਈ ਵੱਡਾ ਫ਼ੈਸਲਾ ਲਿਆ ਜਾਵੇਗਾ। ਇਸੇ ਤਰ੍ਹਾਂ ਦਿੱਲੀ ਕਮੇਟੀ ਦੀ ਪੰਜਾਬ ਵਿੱਚ ਸ਼ੁਰੂ ਕੀਤੀ ਗਈ ਧਰਮ ਜਾਗਰੂਕਤਾ ਲਹਿਰ ਤਹਿਤ ਅੱਜ 12 ਸਿੱਖ ਪਰਿਵਾਰਾਂ ਨੇ ਇਸਾਈ ਧਰਮ ਛੱਡ ਕੇ ਮੁੜ ਸਿੱਖ ਧਰਮ ’ਚ ਘਰ ਵਾਪਸੀ ਕੀਤੀ ਹੈ।