ਜਗਤਾਰ ਸਿੰਘ ਲਾਂਬਾ/ ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 7 ਦਸੰਬਰ
ਵੱਖ-ਵੱਖ ਸਿੱਖ ਧਾਰਮਿਕ ਜਥੇਬੰਦੀਆਂ ਅਤੇ ਸ਼ਖ਼ਸੀਅਤਾਂ ਨੇ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਭਲਕੇ 8 ਦਸੰਬਰ ਦੇ ਭਾਰਤ ਬੰਦ ਦਾ ਸਮਰਥਨ ਕੀਤਾ ਹੈ। ਉਨ੍ਹਾਂ ਨੇ ਸਿੱਖ ਸੰਗਤ ਨੂੰ ਵੀ ਬੰਦ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਹੈ।
ਸਾਬਕਾ ਪੰਜ ਪਿਆਰੇ ਭਾਈ ਮੇਜਰ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਬਲਬੀਰ ਸਿੰਘ ਅਰਦਾਸੀਆ, ਭਾਈ ਜੋਗਿੰਦਰ ਸਿੰਘ, ਭਾਈ ਕੋਮਲ ਸਿੰਘ ਨੇ ਕੇਂਦਰ ਦੇ ਖੇਤੀ ਮਾਰੂ ਕਾਨੂੰਨਾਂ ਦਾ ਵਿਰੋਧ ਕਰਦਿਆਂ ਕਿਸਾਨ ਸੰਘਰਸ਼ ਦਾ ਸਮਰਥਨ ਕੀਤਾ। ਉਨ੍ਹਾਂ ਨੇ ਸਮੂਹ ਸਿੱਖ ਸੰਗਤ ਨੂੰ ਭਲਕੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲ ਕਰਦਿਆਂ ਆਖਿਆ ਕਿ ਕਿਸਾਨ ਸੰਘਰਸ਼ ਦਾ ਸਮਰਥਨ ਕਰ ਕੇ ਸੁੱਤੀ ਸਰਕਾਰ ਨੂੰ ਜਗਾਇਆ ਜਾਵੇ। ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਆਖਿਆ ਕਿ ਸਰਕਾਰ ਜ਼ਿੱਦ ਛੱਡ ਕੇ ਕਿਸਾਨਾਂ ਦੇ ਮਸਲੇ ਹੱਲ ਕਰੇ।
ਚੀਫ਼ ਖਾਲਸਾ ਦੀਵਾਨ ਨੇ ਵੀ ਭਲਕੇ 8 ਦਸੰਬਰ ਨੂੰ ਭਾਰਤ ਬੰਦ ਦਾ ਸਮਰਥਨ ਕਰਦਿਆਂ ਦੀਵਾਨ ਨਾਲ ਜੁੜੇ ਸਮੂਹ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਸੰਸਥਾ ਦੇ ਪ੍ਰਧਾਨ ਨਿਰਮਲ ਸਿੰਘ ਨੇ ਦੀਵਾਨ ਦੇ ਮੈਂਬਰਾਂ, ਪ੍ਰਿੰਸੀਪਲਾਂ ਅਤੇ ਸਕੂਲ ਅਮਲੇ ਨੂੰ ਕਿਸਾਨਾਂ ਦੇ ਹੱਕ ਵਿੱਚ ਅਰਦਾਸ ਕਰਨ ਦੀ ਅਪੀਲ ਕੀਤੀ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਹਰੇਕ ਵਿਅਕਤੀ ਨੂੰ ਭਾਰਤ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਜਥੇਬੰਦੀ ਦੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਖਿਆ ਕਿ ਜੇ 9 ਦਸੰਬਰ ਨੂੰ ਕਿਸਾਨਾਂ ਨਾਲ ਗੱਲਬਾਤ ਮਗਰੋਂ ਕੇਂਦਰ ਸਰਕਾਰ ਨੇ ਕਾਲੇ ਕਾਨੂੰਨ ਵਾਪਸ ਨਾ ਲਏ ਤਾਂ 10 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਕਾਰਕੁਨ ਵੀ ਦਿੱਲੀ ਵੱਲ ਕੂਚ ਕਰਨਗੇ। ਇਸੇ ਤਰ੍ਹਾਂ ਹਵਾਰਾ ਕਮੇਟੀ ਤੇ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਨੇ ਵੀ ਭਲਕੇ ਭਾਰਤ ਬੰਦ ਦੀ ਡਟਵੀਂ ਹਮਾਇਤ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਇੰਡੀਅਨ ਨੈਸ਼ਨਲ ਲੋਕ ਦਲ ਦੇ ਜਨਰਲ ਸਕੱਤਰ ਅਭੈ ਚੌਟਾਲਾ ਨੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਤੇ ‘ਭਾਰਤ ਬੰਦ’ ਦੇ ਸੱਦੇ ਦੀ ਹਮਾਇਤ ਦਾ ਐਲਾਨ ਕੀਤਾ ਹੈ।
ਆਪਣਾ ਪੰਜਾਬ ਪਾਰਟੀ ਵੱਲੋਂ ਬੰਦ ਨੂੰ ਸਫ਼ਲ ਬਣਾਉਣ ਦਾ ਸੱਦਾ
ਡੇਰਾ ਬਾਬਾ ਨਾਨਕ (ਨਿੱਜੀ ਪੱਤਰ ਪ੍ਰੇਰਕ): ‘ਆਪਣਾ ਪੰਜਾਬ’ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ 8 ਦਸੰਬਰ ਦੇ ਭਾਰਤ ਬੰਦ ਦਾ ਸਮਰਥਨ ਕੀਤਾ ਹੈ। ਉਨ੍ਹਾਂ ਆਖਿਆ ਕਿ ਕਿਸਾਨ, ਮਜ਼ਦੂਰ ਤੇ ਵਪਾਰੀ ਵਰਗ ਭਲਕੇ ਮੰਗਲਵਾਰ ਨੂੰ ਭਾਰਤ ਬੰਦ ਕਰਨ ਤਾਂ ਜੋ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਮਜਬੂਰ ਹੋ ਜਾਵੇ।
ਮੁਲਾਜ਼ਮ ਛੁੱਟੀ ਲੈ ਕੇ ਬਣਨਗੇ ‘ਬੰਦ’ ਦਾ ਹਿੱਸਾ
ਚੰਡੀਗੜ੍ਹ/ਪਟਿਆਲਾ (ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ): ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਭਰ ਵਿੱਚ ਛਿੜੇ ਕਿਸਾਨ ਅੰਦੋਲਨ ਨੂੰ ਮੁਲਾਜ਼ਮ ਜਥੇਬੰਦੀਆਂ ਨੇ ਸਮੂਹਿਕ ਛੁੱਟੀ ਲੈ ਕੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਮੇਘ ਸਿੰਘ ਸਿੱਧੂ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਚੰਡੀਗੜ੍ਹ ਦੇ ਸੂਬਾ ਕਨਵੀਨਰ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਕੇਂਦਰ ਵਿਚਲੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀ ਕਾਨੂੰਨਾਂ ਦਾ ਦੇਸ਼ ਭਰ ਵਿੱਚ ਵਿਰੋਧ ਹੋ ਰਿਹਾ ਹੈ, ਜਿਸ ਤਹਿਤ ਪੰਜਾਬ ਨੇ ਅੰਦੋਲਨ ਦੀ ਅਗਵਾਈ ਕਰ ਕੇ ਇਤਿਹਾਸ ਰਚ ਦਿੱਤਾ ਹੈ। ਮੁਲਾਜ਼ਮ ਜਥੇਬੰਦੀਆਂ ਨੇ ਫ਼ੈਸਲਾ ਲਿਆ ਹੈ ਕਿ 8 ਦਸੰਬਰ ਨੂੰ ਪੰਜਾਬ ਅਤੇ ਸਿਵਲ ਸਕੱਤਰੇਤ ਅਤੇ ਡਾਇਰੈਕਟੋਰੇਟ ਦੇ ਸਮੁੱਚੇ ਕਲੈਰੀਕਲ ਕਾਮੇ ਸਮੂਹਿਕ ਛੁੱਟੀ ਲੈ ਕੇ ਇਸ ਵੱਡੇ ਅੰਦੋਲਨ ਦਾ ਹਿੱਸਾ ਬਣਨਗੇ। ਇਸੇ ਤਰ੍ਹਾਂ ਤੇਜਿੰਦਰ ਸਿੰਘ ਸੰਘਰੇੜੀ ਤੇ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਪ੍ਰਮੱਖ ਜਥੇਬੰਦੀਆਂ ਐਂਪਲਾਈਜ਼ ਫੈਡਰੇਸ਼ਨ ਬਿਜਲੀ ਬੋਰਡ, ਅਧਿਆਪਕ ਦਲ ਪੰਜਾਬ, ਕਰਮਚਾਰੀ ਦਲ ਪੀਆਰਟੀਸੀ ਅਤੇ ਕਰਮਚਾਰੀ ਦਲ ਪੰਜਾਬ ਵੱਲੋਂ ਵੀ ‘ਭਾਰਤ ਬੰਦ’ ਨੂੰ ਸਮਰਥਨ ਦਿੱਤਾ ਜਾਵੇਗਾ।