ਆਤਿਸ਼ ਗੁਪਤਾ
ਚੰਡੀਗੜ੍ਹ, 14 ਜੁਲਾਈ
ਸੁਪਰੀਮ ਕੋਰਟ ਨੇ ਅੱਜ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਸੂਬੇ ਵਿੱਚ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਰੱਦ ਕਰ ਦਿੱਤੀ ਹੈ। ਸਿਖਰਲੀ ਅਦਾਲਤ ਦੇ ਜਸਟਿਸ ਸੁਧਾਂਸ਼ੂ ਧੂਲੀਆ ਅਤੇ ਜਸਟਿਸ ਕੇ ਵਿਨੋਦ ਚੰਦਰਨ ਦੀ ਬੈਂਚ ਨੇ ਇਸ ਨਿਯੁਕਤੀ ਨੂੰ ਸਹੀ ਠਹਿਰਾਉਣ ਵਾਲੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਦੇ ਸਤੰਬਰ 2024 ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ।
ਬੈਂਚ ਨੇ ਕਿਹਾ ਕਿ ਇਹ ਨਿਯੁਕਤੀ ਪ੍ਰਕਿਰਿਆ ਮਨਮਰਜ਼ੀ ਵਾਲੇ ਢੰਗ ਨਾਲ ਚਲਾਈ ਗਈ, ਜਿਸ ਵਿੱਚ ਨਿਯਮਾਂ ਤੇ ਕਾਨੂੂੰਨ ਨੂੰ ਤਾਕ ’ਤੇ ਰੱਖਿਆ ਗਿਆ। ਸੂਬਾ ਸਰਕਾਰ ਕੋਲ ਇਸ ਨੂੰ ਜਾਇਜ਼ ਠਹਿਰਾਉਣ ਦਾ ਕੋਈ ਢੁੱਕਵਾਂ ਕਾਰਨ ਨਹੀਂ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਯੂਜੀਸੀ ਦੇ ਨਿਯਮਾਂ ਅਨੁਸਾਰ ਨਿਯੁਕਤੀ ਪ੍ਰਕਿਰਿਆ ਨੂੰ ਛੇ ਮਹੀਨਿਆਂ ਅੰਦਰ ਨਵੇਂ ਸਿਰੇ ਤੋਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਹਾਲਾਂਕਿ, ਪੰਜਾਬ ਸਰਕਾਰ ਨੇ ਦਲੀਲ ਦਿੱਤੀ ਕਿ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਪ੍ਰੋਫੈਸਰਾਂ ਦੀ ਕਾਫ਼ੀ ਘਾਟ ਹੈ, ਇਸ ਲਈ ਭਰਤੀ ਰੱਦ ਨਾ ਕੀਤਾ ਜਾਵੇ। ਬੈਂਚ ਨੇ ਆਪਣੇ ਆਦੇਸ਼ ਵਿੱਚ ਕਿਹਾ ਕਿ ਕਾਲਜਾਂ ਵਿੱਚ ਭਰਤੀ ਲਈ ਯੂਜੀਸੀ ਦੇ ਨਿਯਮਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ। ਇਸ ਲਈ ਨਵੇਂ ਸਿਰੇ ਤੋਂ ਕੀਤੀ ਜਾਣ ਵਾਲੀ ਭਰਤੀ ਵਿੱਚ ਯੂਜੀਸੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਸਾਲ 2021 ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਇਸ ਭਰਤੀ ਨੂੰ ਰੱਦ ਕਰ ਦਿੱਤਾ ਸੀ। ਹਾਲਾਂਕਿ, ਮਾਮਲੇ ਸਬੰਧੀ ਦਾਇਰ ਕੀਤੀ ਅਪੀਲ ’ਤੇ ਸੁਣਵਾਈ ਕਰਦਿਆਂ ਇਸੇ ਹਾਈ ਕੋਰਟ ਦੇ ਡਬਲ ਬੈਂਚ ਨੇ ਸਤੰਬਰ 2024 ਵਿੱਚ ਭਰਤੀ ਨੂੰ ਜਾਇਜ਼ ਠਹਿਰਾ ਦਿੱਤਾ ਸੀ। ਕੁੱਝ ਉਮੀਦਵਾਰਾਂ ਨੇ ਨਿਯੁਕਤੀ ਪ੍ਰਕਿਰਿਆ ਵਿੱਚ ਬੇਨੇਮੀਆਂ ਦਾ ਦੋਸ਼ ਲਾਉਂਦਿਆਂ ਇਸ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਸਾਲ 2021 ਵਿੱਚ ਹਾਈ ਕੋਰਟ ਦੇ ਸਿੰਗਲ ਬੈਂਚ ਵੱਲੋਂ ਭਰਤੀ ਨੂੰ ਰੱਦ ਕੀਤੇ ਜਾਣ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ 609 ਜਣਿਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ। ਇਸ ਵਿੱਚੋਂ 135 ਜਣਿਆਂ ਨੂੰ ਹੀ ਪੋਸਟਿੰਗ ਮਿਲੀ ਸੀ। ਬਾਕੀ 484 ਜਣਿਆਂ ਨੂੰ ਉਸ ਸਮੇਂ ਸਟੇਸ਼ਨ ਅਲਾਟ ਨਹੀਂ ਹੋਏ ਸਨ।