ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 19 ਅਕਤੂਬਰ
ਇਥੇ ਪਾਣੀ ਵਾਲੀ ਟੈਂਕੀ ’ਤੇ 7 ਦਿਨਾਂ ਤੋਂ ਮਰਨ ਵਰਤ ’ਤੇ ਡਟੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਆਪਣਾ ਸੰਘਰਸ਼ ਸਮਾਪਤ ਕਰ ਦਿੱਤਾ ਹੈ। ਮਰਨ ਵਰਤ ਦੀ ਸਮਾਪਤੀ ਮਗਰੋਂ ਸਾਥੀ ਬੇਰੁਜ਼ਗਾਰ ਅਧਿਆਪਕਾਂ ਅਤੇ ਪ੍ਰਸ਼ਾਸਨ ਨੇ ਸੁਰਿੰਦਰਪਾਲ ਨੂੰ ਟੈਂਕੀ ਤੋਂ ਹੇਠਾਂ ਉਤਾਰ ਲਿਆ ਹੈ। ਉਪਰੰਤ ਉਸ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਕੁਲਦੀਪ ਚਹਿਲ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਭਰੋਸਾ ਦਿੱਤਾ ਜਾ ਰਿਹਾ ਸੀ ਕਿ 20 ਅਕਤੂਬਰ ਨੂੰ ਪੇਸ਼ੀ ਮੌਕੇ ਸਰਕਾਰ ਵੱਲੋਂ 2364 ਈਟੀਟੀ ਅਸਾਮੀਆਂ ਦੀ ਭਰਤੀ ਬਹਾਲ ਕਰਾਉਣ ਲਈ ਅਦਾਲਤ ਵਿਚ ਹਲਫ਼ਨਾਮਾ ਦਾਇਰ ਕਰ ਦਿੱਤਾ ਜਾਵੇਗਾ। ਅੱਜ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੀ ਮਾਮਲਾ ਹੱਲ ਕਰਨ ਦਾ ਭਰੋਸਾ ਦਿੰਦਿਆਂ ਦੇਰ ਸ਼ਾਮ ਤਹਿਸੀਲਦਾਰ ਨੂੰ ਸਿਵਲ ਹਸਪਤਾਲ ਕੰਪਲੈਕਸ ਵਿੱਚ ਟੈਂਕੀ ਵਾਲੇ ਸਥਾਨ ’ਤੇ ਭੇਜਿਆ। ਉਨ੍ਹਾਂ ਦੱਸਿਆ ਕਿ ਹਲਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਦੇਰ ਸ਼ਾਮ ਕਰੀਬ ਸਾਢੇ ਸੱਤ ਵਜੇ ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ ਨੂੰ ਟੈਂਕੀ ਤੋਂ ਹੇਠਾਂ ਉਤਾਰ ਲਿਆ ਹੈ।