ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 1 ਜਨਵਰੀ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢੇ ਸੰਘਰਸ਼ ਦੇ 100 ਦਿਨ ਪੂਰੇ ਹੋਣ ’ਤੇ ਅੱਜ ਭਾਜਪਾ ਦੇ ਕੌਮੀ ਆਗੂ ਤਰੁਣ ਚੁੱਘ ਦੇ ਘਰ ਅਤੇ ਟ੍ਰਿਲੀਅਮ ਮਾਲ ਅੱਗੇ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਗਿਆ।
ਜਥੇਬੰਦੀ ਦੇ ਫ਼ੈਸਲੇ ਤਹਿਤ ਅੱਜ ਨਵੇਂ ਵਰ੍ਹੇ ਦੀ ਸ਼ੁਰੂਆਤ ਧਰਨਿਆਂ ਅਤੇ ਮੁਜ਼ਾਹਿਰਆਂ ਨਾਲ ਕੀਤੀ ਗਈ। ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਸਬੰਧੀ ਜਥੇਬੰਦੀ ਦੇ ਕਾਰਕੁਨ ਮਾਰਚ ਕਰਦਿਆਂ ਭਾਜਪਾ ਆਗੂ ਤਰੁਣ ਚੁੱਘ ਦੇ ਘਰ ਨੇੜੇ ਪੁੱਜੇ, ਜਿਥੇ ਪੁਲੀਸ ਨੇ ਪਹਿਲਾਂ ਹੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਕਿਸਾਨਾਂ ਨੇ ਘਰ ਦੇ ਨੇੜੇ ਪਾਰਕ ਕੋਲ ਧਰਨਾ ਦਿੱਤਾ, ਜੋ ਸ਼ਾਮ ਵੇਲੇ ਸਮਾਪਤ ਹੋਇਆ। ਇਸ ਧਰਨੇ ਨੂੰ ਜਥੇਬੰਦੀ ਦੇ ਆਗੂ ਗੁਰਲਾਲ ਸਿੰਘ ਪੰਡੋਰੀ, ਗੁਰਬਚਨ ਸਿੰਘ ਚੱਬਾ, ਜਰਮਨਜੀਤ ਸਿੰਘ, ਲਖਵਿੰਦਰ ਸਿੰਘ ਵਰਿਆਮ ਨੰਗਲ ਤੇ ਹੋਰਨਾਂ ਨੇ ਸੰਬੋਧਨ ਕੀਤਾ। ਮੁਜ਼ਾਹਰਾਕਾਰੀਆਂ ਵਿੱਚ ਕਿਸਾਨ, ਮਜ਼ਦੂਰ, ਬੀਬੀਆਂ ਤੇ ਨੌਜਵਾਨ ਸ਼ਾਮਲ ਸਨ, ਜਿਨ੍ਹਾਂ ਨੇ ਝੰਡੇ ਚੁੱਕੇ ਹੋਏ ਸਨ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਵਾਲੀਆਂ ਤਖਤੀਆਂ ਚੁੱਕੀਆਂ ਹੋਈਆਂ ਸਨ। ਇਸ ਮੌਕੇ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਬੁਲਾਰਿਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਕਾਲੇ ਕਾਨੂੰਨ ਲਾਗੂ ਕਰਕੇ ਦੇਸ਼ ਦੀ ਮੰਡੀ ਅਤੇ ਬਾਜ਼ਾਰ ਨੂੰ ਪੂੰਜੀਪਤੀਆਂ ਹਵਾਲੇ ਕਰ ਰਹੀ ਹੈ। ਇਹ ਖੇਤੀ ਕਾਨੂੰਨ ਨਾ ਸਿਰਫ਼ ਕਿਸਾਨਾਂ, ਸਗੋਂ ਆਮ ਲੋਕਾਂ ਦੇ ਵੀ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਪੂੰਜੀਪਤੀਆਂ ਦੇ ਆਉਣ ਮਗਰੋਂ ਆਮ ਵਸਤਾਂ ਦੀਆਂ ਕੀਮਤਾਂ ਅਸਮਾਨ ਛੂਹਣਗੀਆਂ ਅਤੇ ਮਹਿੰਗਾਈ ਵਧੇਗੀ। ਪੂੰਜੀਪਤੀਆਂ ਵੱਲੋਂ ਬਣਾਏ ਗਏ ਵੱਡੇ-ਵੱਡੇ ਸਾਇਲੋ ਵਿੱਚ ਕਿਸਾਨਾਂ ਤੋਂ ਸਸਤੇ ਭਾਅ ਖਰੀਦਿਆ ਅਨਾਜ ਰੱਖਿਆ ਜਾਵੇਗਾ, ਜੋ ਬਾਅਦ ਵਿੱਚ ਮਹਿੰਗੇ ਭਾਅ ਵੇਚਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲਾਗੂ ਕੀਤੇ ਜਾ ਰਹੇ ਖੇਤੀ ਕਾਨੂੰਨ ਅਮਰੀਕਾ ਅਤੇ ਯੂਰਪ ਵਰਗੇ ਵਿਕਸਤ ਮੁਲਕਾਂ ਵਿੱਚ ਅਸਫ਼ਲ ਸਾਬਤ ਹੋ ਚੁੱਕੇ ਹਨ ਪਰ ਮੋਦੀ ਸਰਕਾਰ ਇਸ ਫੇਲ੍ਹ ਹੋਏ ਮਾਡਲ ਨੂੰ ਧੱਕੇ ਨਾਲ ਦੇਸ਼ ’ਚ ਲਾਗੂ ਕਰਨਾ ਚਾਹੁੰਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਸੰਘਰਸ਼ ਖੇਤੀ ਕਾਨੂੰਨਾਂ ਦੀ ਵਾਪਸੀ ਤਕ ਜਾਰੀ ਰਹੇਗਾ। ਬੁਲਾਰਿਆਂ ਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਧਰਨੇ ਵਿੱਚ ਚਰਨ ਸਿੰਘ ਕਲੇਰ, ਅਜੀਤ ਸਿੰਘ ਠੱਠੀਆਂ, ਸੰਤੋਖ ਸਿੰਘ ਬੁਤਾਲਾ, ਬਲਦੇਵ ਸਿੰਘ ਸਮੇਤ ਹੋਰ ਕਿਸਾਨ ਆਗੂ ਤੇ ਕਾਰਕੁਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਦੱਸਣਯੋਗ ਹੈ ਕਿ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਕਿਸਾਨਾਂ ਦਾ ਧਰਨਾ ਨਿਰੰਤਰ ਜਾਰੀ ਹੈ।
ਸਿੰਘੂ ਹੱਦ ’ਤੇ ਪਹੁੰਚੇ ਬਸਪਾ ਵਰਕਰਾਂ ਵੱਲੋਂ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ
ਜਲੰਧਰ (ਪਾਲ ਸਿੰਘ ਨੌਲੀ): ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅਤੇ ਜਨਰਲ ਸਕੱਤਰ ਬਲਵਿੰਦਰ ਕੁਮਾਰ ਦੀ ਅਗਵਾਈ ਹੇਠ ਅੱਜ ਦਿੱਲੀ ਦੇ ਸਿੰਘੂ ਹੱਦ ’ਤੇ ਪਹੁੰਚੇ ਪਾਰਟੀ ਵਰਕਰਾਂ ਵੱਲੋਂ ‘ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ’ ਅਤੇ ‘ਜੈ ਭੀਮ’ ਦੇ ਨਾਅਰੇ ਲਾਏ ਗਾਏ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਗੜ੍ਹੀ ਨੇ ਕਿਹਾ ਕਿ ਦੇਸ਼ ਵਿੱਚ 2014 ਤੋਂ ਬਾਅਦ ਗਰੀਬ ਲੋਕਾਂ ’ਤੇ ਜ਼ੁਲਮ ਵਧਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਖੇਤੀ ਦੇ ਕਾਲੇ ਕਾਨੂੰਨ ਲਿਆ ਕੇ ਸਾਬਤ ਕਰ ਦਿੱਤਾ ਹੈ ਕਿ ਉਹ ਸਿਰਫ ਕਾਰਪੋਰੇਟ ਘਰਾਣਿਆਂ ਲਈ ਹੀ ਨੀਤੀਆਂ ਬਣਾ ਰਹੇ ਹਨ। ਕਿਸਾਨ-ਮਜ਼ਦੂਰ ਏਕਤਾ ਦੀ ਮਜ਼ਬੂਤੀ ਲਈ ਉਹ ਪੰਜਾਬ ਤੋਂ ਦਲਿਤਾਂ, ਪੱਛੜੇ ਵਰਗ ਨਾਲ ਸਬੰਧਤ ਤੇ ਗਰੀਬ ਮਜ਼ਦੂਰਾਂ ਨੂੰ ਨਾਲ ਲੈ ਕੇ ਤੁਰੇ ਹਨ। ਉਨ੍ਹਾਂ ਕਿਹਾ ਕਿ ਬਸਪਾ ਦੇ ਵਰਕਰ ਕਿਸੇ ਰਾਜਨੀਤੀ ਦੇ ਲੱਗ ਲਬਿੇੜ ਤੋਂ ਬਿਨਾਂ ਕਿਸਾਨਾਂ ਨਾਲ ਖੜ੍ਹੇ ਹਨ। ਇਸ ਮੌਕੇ ਸੂਬਾ ਜਨਰਲ ਸਕੱਤਰ ਡਾ. ਨਛੱਤਰ ਪਾਲ, ਰਾਜਾ ਰਾਜਿੰਦਰ ਸਿੰਘ, ਅਜੀਤ ਸਿੰਘ ਭੈਣੀ, ਬਲਦੇਵ ਸਿੰਘ ਮਹਿਰਾ, ਰਾਮ ਸਿੰਘ ਗੋਗੀ ਹਾਜ਼ਰ ਸਨ।
ਕਿਸਾਨਾਂ ਵੱਲੋਂ ਸਾਬਕਾ ਸੰਸਦੀ ਸਕੱਤਰ ਦੀ ਕੋਠੀ ਦਾ ਘਿਰਾਓ
ਦਸੂਹਾ (ਭਗਵਾਨ ਦਾਸ ਸੰਦਲ): ਇਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਦੇ ਨਿਰਦੇਸ਼ਾਂ ਤਹਿਤ ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਭਾਜਪਾ ਦੀ ਸਾਬਕਾ ਹਲਕਾ ਵਿਧਾਇਕਾ ਅਤੇ ਸਾਬਕਾ ਸੰਸਦੀ ਸਕੱਤਰ ਬੀਬੀ ਸੁਖਜੀਤ ਕੌਰ ਸ਼ਾਹੀ ਦੀ ਕੋਠੀ ਦਾ ਘਿਰਾਓ ਕੀਤਾ। ਇਸ ਮੌਕੇ ਕਿਸਾਨ ਆਗੂ ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ, ਨਿਸ਼ਾਨ ਸਿੰਘ ਅਤੇ ਤਰਸੇਮ ਸਿੰਘ ਨੇ ਕੇਂਦਰ ’ਤੇ ਅੜੀਅਲ ਵਤੀਰਾ ਅਪਣਾਉਣ ਦਾ ਦੋਸ਼ ਲਾਉਂਦਿਆਂ ਮੰਗ ਕੀਤੀ ਕਿ ਖੇਤੀ ਨਾਲ ਸਬੰਧਤ ਕਾਨੂੰਨਾਂ ਤੋਂ ਇਲਾਵਾ ਬਿਜਲੀ ਐਕਟ-2020, ਪਰਾਲੀ ਸਬੰਧੀ ਆਰਡੀਨੈਂਸ ਸਿਰੇ ਤੋਂ ਖਾਰਜ ਕੀਤੇ ਜਾਣ। ਉਨ੍ਹਾਂ ਕੇਂਦਰ ਸਰਕਾਰ ਤੋਂ ਕਥਿਤ ਝੂਠੇ ਕੇਸਾਂ ਵਿੱਚ ਜੇਲ੍ਹਾਂ ਅੰਦਰ ਡੱਕੇ ਬੁੱਧੀਜੀਵੀਆਂ, ਲੇਖਕਾਂ ਅਤੇ ਪੱਤਰਕਾਰਾਂ ਦੀ ਬਿਨਾਂ ਸ਼ਰਤ ਰਿਹਾਈ ਦੀ ਵੀ ਮੰਗ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।