DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਐੱਸਵਾਈਐੱਲ ਮਾਮਲਾ: ਪੰਜਾਬ ਤੇ ਹਰਿਆਣਾ ਵਿਚਾਲੇ ਵਾਰਤਾ 9 ਨੂੰ

ਚੌਥੇ ਗੇੜ ਦੀ ਮੀਟਿੰਗ ’ਚ ਦੋਵੇਂ ਸੂਬਿਆਂ ਦੇ ਮੁੱਖ ਮੰਤਰੀ ਕਰਨਗੇ ਗੱਲਬਾਤ
  • fb
  • twitter
  • whatsapp
  • whatsapp
Advertisement

ਚਰਨਜੀਤ ਭੁੱਲਰ

ਚੰਡੀਗੜ੍ਹ, 3 ਜੁਲਾਈ

Advertisement

ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੀ ਉਸਾਰੀ ਦੇ ਮੁੱਦੇ ’ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦਰਮਿਆਨ ਕੇਂਦਰ ਸਰਕਾਰ ਦੀ ਅਗਵਾਈ ਹੇਠ ਵਿਚੋਲਗੀ ਵਾਰਤਾ 9 ਜੁਲਾਈ ਨੂੰ ਦਿੱਲੀ ਵਿਖੇ ਹੋਵੇਗੀ। ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਇਸ ਮਾਮਲੇ ’ਤੇ ਇਹ ਚੌਥੀ ਗੇੜ ਦੀ ਗੱਲਬਾਤ ਹੋਵੇਗੀ ਜਿਸ ’ਚ ਕੇਂਦਰ ਸਾਲਸ ਦੀ ਭੂਮਿਕਾ ਨਿਭਾ ਰਿਹਾ ਹੈ। ਸੁਪਰੀਮ ਕੋਰਟ ’ਚ 13 ਅਗਸਤ ਨੂੰ ਐੱਸਵਾਈਐੱਲ ਦੇ ਮੁੱਦੇ ’ਤੇ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਕੇਂਦਰ ਦੋਵੇਂ ਸੂਬਿਆਂ ਦਰਮਿਆਨ ਗੱਲਬਾਤ ਅੱਗੇ ਵਧਾ ਰਿਹਾ ਹੈ।

ਕੇਂਦਰੀ ਜਲ ਸ਼ਕਤੀ ਮੰਤਰਾਲੇ ਵੱਲੋਂ ਐੱਸਵਾਈਐੱਲ ਦੇ ਮਾਮਲੇ ’ਤੇ ਦੋਵੇਂ ਸੂਬਿਆਂ ’ਚ ਆਮ ਸਹਿਮਤੀ ਬਣਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਮੀਟਿੰਗ ਦੀ ਪ੍ਰਗਤੀ ਰਿਪੋਰਟ ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਅਗਲੀ ਸੁਣਵਾਈ ’ਤੇ ਪੇਸ਼ ਕੀਤੀ ਜਾਵੇਗੀ। ਕੇਂਦਰੀ ਜਲ ਸ਼ਕਤੀ ਮੰਤਰਾਲੇ ਦੇ ਸਕੱਤਰ ਦੇਬਾਸ੍ਰੀ ਮੁਖਰਜੀ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੂੰ ਮੀਟਿੰਗ ਦੀ ਸੂਚਨਾ ਭੇਜੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਹਰਿਆਣਾ ਦੇ ਹਮਰੁਤਬਾ ਨਾਇਬ ਸਿੰਘ ਸੈਣੀ 9 ਜੁਲਾਈ ਨੂੰ ਚਾਰ ਵਜੇ ਦਿੱਲੀ ਵਿਖੇ ਮੀਟਿੰਗ ਕਰਨਗੇ।

ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਪਹਿਲਾਂ ਇਹ ਮੀਟਿੰਗ 8 ਜੁਲਾਈ ਨੂੰ ਹੋਣੀ ਸੀ ਪ੍ਰੰਤੂ ਪੰਜਾਬ ਸਰਕਾਰ ਨੇ ਮੀਟਿੰਗ ਕਿਸੇ ਹੋਰ ਦਿਨ ਤੈਅ ਕਰਨ ਦੀ ਅਪੀਲ ਕੀਤੀ ਸੀ। ਕੇਂਦਰ ਸਰਕਾਰ ਨੇ ਹੁਣ ਇਹ ਮੀਟਿੰਗ 9 ਜੁਲਾਈ ਨੂੰ ਰੱਖ ਲਈ ਹੈ। ਦੋਵੇਂ ਸੂਬਿਆਂ ਦਰਮਿਆਨ ਪਿਛਲੀਆਂ ਤਿੰਨ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ’ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਕਾਰ ਪਹਿਲੀ ਮੀਟਿੰਗ 18 ਅਗਸਤ, 2020 ਅਤੇ ਦੂਜੀ ਮੀਟਿੰਗ 14 ਅਕਤੂਬਰ, 2022 ਨੂੰ ਚੰਡੀਗੜ੍ਹ ਵਿਖੇ ਹੋਈ ਸੀ। ਤਤਕਾਲੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ਹੇਠ ਤੀਜੀ ਮੀਟਿੰਗ ਦਿੱਲੀ ’ਚ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦਰਮਿਆਨ 4 ਜਨਵਰੀ, 2023 ਨੂੰ ਹੋਈ ਸੀ। ਸੁਪਰੀਮ ਕੋਰਟ ਨੇ ਮਈ ’ਚ ਪੰਜਾਬ ਅਤੇ ਹਰਿਆਣਾ ਨੂੰ ਇਹ ਮੁੱਦਾ ਸੁਲਝਾਉਣ ਲਈ ਕੇਂਦਰ ਨਾਲ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਸਨ ਅਤੇ ਕੇਂਦਰ ਨੂੰ ਇਸ ਮਾਮਲੇ ’ਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਸੀ। ਪੰਜਾਬ ਸਰਕਾਰ ਨੇ ਇਸ ਮੀਟਿੰਗ ਦੀ ਤਿਆਰੀ ਵਿੱਢ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਪਿਛਲੀ ਮੀਟਿੰਗ ’ਚ ਆਪਣਾ ਸਟੈਂਡ ਸਪੱਸ਼ਟ ਕਰ ਚੁੱਕੇ ਹਨ ਕਿ ਸੂਬੇ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਫ਼ਾਲਤੂ ਨਹੀਂ ਹੈ ਜਿਸ ਕਰਕੇ ਉਹ ਸਤਲੁਜ ਯਮੁਨਾ ਲਿੰਕ ਨਹਿਰ ਨਹੀਂ ਬਣਾ ਸਕਦੇ ਹਨ। ਉਨ੍ਹਾਂ ਇਹ ਸੁਝਾਅ ਵੀ ਪੇਸ਼ ਕੀਤਾ ਸੀ ਕਿ ਐੱਸਵਾਈਐੱਲ ਦੀ ਥਾਂ ’ਤੇ ਵਾਈਐੱਸਐੱਲ (ਯਮੁਨਾ ਸਤਲੁਜ ਲਿੰਕ) ਨਹਿਰ ਬਣਾਈ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਨਹਿਰ ਦੀ ਉਸਾਰੀ ਲਈ ਪਾਣੀ ਅਤੇ ਜ਼ਮੀਨ ਦੀ ਉਪਲੱਬਧਤਾ ਨਾ ਹੋਣ ਦਾ ਵੀ ਹਵਾਲਾ ਦਿੱਤਾ ਸੀ। ਨੀਤੀ ਆਯੋਗ ਦੀ ਪਿਛਲੀ ਮੀਟਿੰਗ ’ਚ ਵੀ ਯਮੁਨਾ ਦੇ ਪਾਣੀਆਂ ’ਚੋਂ ਪੰਜਾਬ ਨੇ ਆਪਣੇ ਹਿੱਸੇ ਦੀ ਮੰਗ ਕੀਤੀ ਸੀ। ਦੱਸਣਯੋਗ ਹੈ ਕਿ 214 ਕਿਲੋਮੀਟਰ ਲੰਬੀ ਸਤਲੁਜ ਯਮੁਨਾ ਲਿੰਕ ਨਹਿਰ ਦਾ 92 ਕਿਲੋਮੀਟਰ ਹਿੱਸਾ ਹਰਿਆਣਾ ਵਿੱਚ ਪੈਂਦਾ ਹੈ ਜਿਸ ਦੀ ਉਸਾਰੀ ਹੋ ਚੁੱਕੀ ਹੈ ਅਤੇ ਪੰਜਾਬ ਵਿੱਚ ਪੈਂਦੇ 122 ਕਿਲੋਮੀਟਰ ਦੇ ਹਿੱਸੇ ਦੀ ਉਸਾਰੀ ਲਟਕੀ ਹੋਈ ਹੈ। ਸੁਪਰੀਮ ਕੋਰਟ ਨੇ ਜਨਵਰੀ 2002 ਵਿੱਚ ਹਰਿਆਣਾ ਦੇ ਹੱਕ ਵਿੱਚ ਫ਼ੈਸਲਾ ਦਿੰਦਿਆਂ ਪੰਜਾਬ ਨੂੰ ਪਾਣੀਆਂ ਦੇ ਸਮਝੌਤੇ ਮੁਤਾਬਕ ਨਹਿਰ ਬਣਾਉਣ ਲਈ ਕਿਹਾ ਸੀ। ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਸਾਲ 2004 ਵਿੱਚ 1981 ਦੇ ਸਮਝੌਤੇ ਨੂੰ ਕਾਨੂੰਨ ਪਾਸ ਕਰਕੇ ਰੱਦ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਇਸ ਕਾਨੂੰਨ ਨੂੰ ਸਾਲ 2016 ਵਿੱਚ ਰੱਦ ਕਰ ਦਿੱਤਾ ਸੀ ਅਤੇ 30 ਨਵੰਬਰ, 2016 ਨੂੰ ਐੱਸਵਾਈਐੱਲ ਦੇ ਪੰਜਾਬ ਵਿਚਲੇ ਹਿੱਸੇ ਨੂੰ ਸਟੇਟਸ ਕੋ ਕਰ ਦਿੱਤਾ ਸੀ। ਦੱਸਣਯੋਗ ਹੈ ਕਿ ਪੰਜਾਬ ਦੇ 76.5 ਫ਼ੀਸਦੀ ਬਲਾਕਾਂ ਦਾ ਜ਼ਮੀਨੀ ਪਾਣੀ ਬਹੁਤ ਹੇਠਾਂ ਜਾ ਚੁੱਕਾ ਹੈ ਜਦੋਂ ਕਿ ਹਰਿਆਣਾ ਵਿੱਚ ਸਿਰਫ਼ 61.5 ਫ਼ੀਸਦ ਬਲਾਕਾਂ ਵਿੱਚ ਪਾਣੀ ਦਾ ਪੱਧਰ ਹੇਠਾਂ ਗਿਆ ਹੈ। ਪੰਜਾਬ ਸਰਕਾਰ ਅਨੁਸਾਰ ਰਾਵੀ ਬਿਆਸ ਦਰਿਆਵਾਂ ਦੇ ਸਰਪਲੱਸ ਪਾਣੀਆਂ ਦੀ ਉਪਲੱਬਧਤਾ 17.17 ਐੱਮਏਐੱਫ ਤੋਂ ਘੱਟ ਕੇ 12.93 ਐੱਮਏਐੱਫ ਰਹਿ ਗਈ ਹੈ।

ਐੱਸਵਾਈਐੱਲ ਦੀ ਉਸਾਰੀ ਦਾ ਮੁੱਢ 1981 ਦੇ ਸਮਝੌਤੇ ਨਾਲ ਬੱਝਿਆ

ਪਿਛੋਕੜ ’ਤੇ ਝਾਤ ਮਾਰੀਏ ਤਾਂ ਇਸ ਸਮੱਸਿਆ ਦੀ ਜੜ੍ਹ 31 ਦਸੰਬਰ, 1981 ਦੇ ਸਮਝੌਤੇ ’ਚ ਹੈ ਜਿਸ ਤਹਿਤ ਐੱਸਵਾਈਐੱਲ ਦੀ ਉਸਾਰੀ ਦੀ ਗੱਲ ਸ਼ੁਰੂ ਹੋਈ ਸੀ। 1982 ਵਿਚ ਨਹਿਰ ਦੀ ਉਸਾਰੀ ਸ਼ੁਰੂ ਹੋਈ ਸੀ ਜੋ 1990 ਵਿਚ ਬੰਦ ਹੋ ਗਈ ਸੀ। ਹਰਿਆਣਾ ਨੇ 1996 ਵਿਚ ਪਟੀਸ਼ਨ ਦਾਇਰ ਕੀਤੀ ਸੀ ਅਤੇ 15 ਜਨਵਰੀ, 2002 ਵਿਚ ਸੁਪਰੀਮ ਕੋਰਟ ਨੇ ਨਹਿਰ ਦੀ ਉਸਾਰੀ ਇੱਕ ਸਾਲ ਵਿਚ ਮੁਕੰਮਲ ਕਰਨ ਵਾਸਤੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਸੀ। ਸੁਪਰੀਮ ਕੋਰਟ ਨੇ ਸਾਲ 2004 ਵਿਚ ਕੇਂਦਰ ਨੂੰ ਨਿਰਦੇਸ਼ ਦਿੱਤੇ ਸਨ ਕਿ ਜੇ ਪੰਜਾਬ ਨਹਿਰ ਦੀ ਉਸਾਰੀ ਨਹੀਂ ਕਰਦਾ ਹੈ ਤਾਂ ਕੇਂਦਰੀ ਏਜੰਸੀ ਨਹਿਰ ਦੀ ਉਸਾਰੀ ਦਾ ਕੰਮ ਆਪਣੇ ਹੱਥਾਂ ਵਿੱਚ ਲਵੇ। ਕੈਪਟਨ ਸਰਕਾਰ ਨੇ 2004 ਵਿਚ ਪਾਣੀਆਂ ਦੇ ਸਮਝੌਤੇ ਹੀ ਰੱਦ ਕਰ ਦਿੱਤੇ ਸਨ ਅਤੇ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ 2016 ਵਿਚ ਨਹਿਰ ਲਈ ਐਕੁਆਇਰ ਜ਼ਮੀਨ ਨੂੰ ਡੀਨੋਟੀਫਾਈ ਕਰ ਦਿੱਤਾ ਸੀ।

Advertisement
×