ਆਤਿਸ਼ ਗੁਪਤਾ
ਮੁੱਖ ਅੰਸ਼
- ਸੁਪਰੀਮ ਕੋਰਟ ਨੇ ਮਸਲੇ ਦਾ ਦੋਸਤਾਨਾ ਢੰਗ ਨਾਲ ਹੱਲ ਕੱਢਣ ਦੇ ਦਿੱਤੇ ਸੀ ਨਿਰਦੇਸ਼
ਚੰਡੀਗੜ੍ਹ, 11 ਅਕਤੂਬਰ
ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੇ ਮਸਲੇ ਦਾ ਹੱਲ ਲੱਭਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 14 ਅਕਤੂਬਰ ਨੂੰ ਸਵੇਰੇ 11.30 ਵਜੇ ਮੀਟਿੰਗ ਕਰਨਗੇ। ਇਹ ਗੱਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਚੰਡੀਗੜ੍ਹ ਸਥਿਤ ਹਰਿਆਣਾ ਸਿਵਲ ਸਕੱਤਰੇਤ ਵਿੱਚ ਨਵੇਂ ਬਣਾਏ ਪ੍ਰੈੱਸ ਰੂਮ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕੇਂਦਰ ਦਾ ਕੋਈ ਮੰਤਰੀ ਜਾਂ ਅਧਿਕਾਰੀ ਹਾਜ਼ਰ ਨਹੀਂ ਹੋਵੇਗਾ, ਸਿਰਫ਼ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਮੀਟਿੰਗ ਕਰਕੇ ਐੱਸਵਾਈਐੱਲ ਨਹਿਰ ਮਸਲੇ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਨਗੇ।
ਦੱਸਣਯੋਗ ਹੈ ਕਿ ਪਿਛਲੇ ਮਹੀਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਸੀ ਕਿ ਐੱਸਵਾਈਐੱਲ ਦਾ ਪਾਣੀ ਹਰਿਆਣਾ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਉਨ੍ਹਾਂ ਨੂੰ ਪੰਜਾਬ ਤੋਂ ਪਾਣੀ ਨਹੀਂ ਮਿਲ ਰਿਹਾ ਹੈ ਅਤੇ ਦੂਜੇ ਪਾਸੇ ਦਿੱਲੀ ਉਨ੍ਹਾਂ ਤੋਂ ਹੋਰ ਪਾਣੀ ਦੀ ਮੰਗ ਕਰ ਰਿਹਾ ਹੈ। ਇਸ ਮੁੱਦੇ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਸਮਾਂ-ਸੀਮਾ ਤੈਅ ਕਰਨੀ ਬਹੁਤ ਜ਼ਰੂਰੀ ਹੈ। ਦੂਜੇ ਪਾਸੇ ਪੰਜਾਬ ਰਾਵੀ-ਬਿਆਸ ਦਰਿਆਵਾਂ ਦੇ ਪਾਣੀਆਂ ਦੀ ਮਾਤਰਾ ਦੇ ਮੁੜ ਮੁਲਾਂਕਣ ਦੀ ਮੰਗ ਕਰ ਰਿਹਾ ਹੈ। ਗੌਰਤਲਬ ਹੈ ਕਿ 6 ਸਤੰਬਰ ਨੂੰ ਸੁਪਰੀਮ ਕੋਰਟ ਵਿੱਚ ਐੱਸਵਾਈਐੱਲ ਨਹਿਰ ਮਸਲੇ ’ਤੇ ਸੁਣਵਾਈ ਦੌਰਾਨ ਜਸਟਿਸ ਸੰਜੈ ਕਿਸ਼ਨ ਕੌਲ ਦੀ ਅਗਵਾਈ ਹੇਠਲੇ ਬੈਂਚ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਬੈਠ ਕੇ ਦੋਸਤਾਨਾ ਢੰਗ ਨਾਲ ਇਸ ਮਸਲੇ ਦਾ ਹੱਲ ਲੱਭਣ ਦੀ ਹਦਾਇਤ ਕੀਤੀ ਸੀ। ਸੁਪਰੀਮ ਕੋਰਟ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਕਾਰ ਮੀਟਿੰਗ ਕਰਵਾਉਣ ਦੀ ਹਦਾਇਤ ਕਰਦਿਆਂ ਚਾਰ ਮਹੀਨਿਆਂ ਅੰਦਰ ਪ੍ਰਗਤੀ ਰਿਪੋਰਟ ਦੇਣ ਦੀ ਮੰਗ ਕੀਤੀ ਸੀ। ਬੈਂਚ ਨੇ ਐੱਸਵਾਈਐੱਲ ਮਾਮਲੇ ਦੀ ਅਗਲੀ ਸੁਣਵਾਈ 19 ਜਨਵਰੀ 2023 ’ਤੇ ਪਾਈ ਹੋਈ ਹੈ।
ਆਪਣਾ ਪੱਖ ਜ਼ੋਰਦਾਰ ਢੰਗ ਨਾਲ ਰੱਖਾਂਗੇ: ਭਗਵੰਤ ਮਾਨ
ਚੰਡੀਗੜ੍ਹ (ਟਨਸ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਐੱਸਵਾਈਐੱਲ ਦੇ ਮਸਲੇ ’ਤੇ ਹੋਣ ਵਾਲੀ ਮੀਟਿੰਗ ਵਿੱਚ ਸੂਬਾ ਸਰਕਾਰ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਸਬੰਧੀ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰੇਗੀ। ਸ੍ਰੀ ਮਾਨ ਨੇ ਕਿਹਾ ਕਿ ਇਹ ਮੀਟਿੰਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਹੋ ਰਹੀ ਹੈ। ਮੀਟਿੰਗ ਵਿੱਚ ਸੂਬੇ ਦੇ ਹਿੱਤਾਂ ਦੀ ਪੂਰੀ ਤਰ੍ਹਾਂ ਰਾਖੀ ਕੀਤੀ ਜਾਵੇਗੀ ਅਤੇ ਸੂਬਾ ਸਰਕਾਰ ਇਸ ਮੁੱਦੇ ’ਤੇ ਪੰਜਾਬ ਦਾ ਪੱਖ ਜ਼ੋਰਦਾਰ ਢੰਗ ਨਾਲ ਰੱਖੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂ ਅਜਿਹੀਆਂ ਮਹੱਤਵਪੂਰਨ ਮੀਟਿੰਗਾਂ ਤੋਂ ਬਚਦੇ ਰਹੇ ਹਨ ਪਰ ਉਹ ਮੀਟਿੰਗ ਵਿੱਚ ਪੂਰੀ ਤਿਆਰੀ ਨਾਲ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੇ ਨਤੀਜਿਆਂ ਬਾਰੇ ਕੋਈ ਸਿੱਟਾ ਕੱਢਣਾ ਜਲਦਬਾਜ਼ੀ ਹੋਵੇਗੀ।
ਐੱਸਵਾਈਐੱਲ ਸਾਡਾ ਹੱਕ: ਖੱਟਰ
ਪੰਚਕੂਲਾ (ਪੱਤਰ ਪ੍ਰੇਰਕ): ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਐੱਸਵਾਈਐੱਲ ’ਤੇ ਹਰਿਆਣਾ ਵਾਸੀਆਂ ਦਾ ਹੱਕ ਹੈ ਅਤੇ ਇਹ ਉਨ੍ਹਾਂ ਨੂੰ ਜ਼ਰੂਰ ਮਿਲੇਗਾ। ਮੁੱਖ ਮੰਤਰੀ ਨੇ ਮੀਡੀਆ ਸੈਂਟਰ ਦੇ ਨਵੀਨੀਕਰਨ ਦੇ ਕੰਮ ਦੇ ਉਦਘਾਟਨ ਮਗਰੋਂ ਕਿਹਾ ਕਿ ਹਰਿਆਣਾ ਲਈ ਐੱਸਵਾਈਐੱਲ ਦਾ ਪਾਣੀ ਜ਼ਰੂਰੀ ਹੈ।ਇਸ ਮਾਮਲੇ ਵਿੱਚ ਸਮਾਂ ਸੀਮਾ ਤੈਅ ਹੋਣੀ ਚਾਹੀਦੀ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਉਪਲੱਭਧਤਾ ਯਕੀਨੀ ਹੋ ਸਕੇ।