ਚਰਨਜੀਤ ਭੁੱਲਰ
ਚੰਡੀਗੜ੍ਹ, 19 ਅਪਰੈਲ
‘ਆਪ’ ਦੇ ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਵੱਲੋਂ ਅੱਜ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੇ ਮੁੱਦੇ ’ਤੇ ਹਰਿਆਣਾ ਦੇ ਪੱਖ ਵਿੱਚ ਲਏ ਸਟੈਂਡ ਮਗਰੋਂ ਪੰਜਾਬ ਵਿੱਚ ਮੁੜ ਸਿਆਸਤ ਗਰਮਾ ਗਈ ਹੈ। ਪ੍ਰਮੁੱਖ ਵਿਰੋਧੀ ਸਿਆਸੀ ਧਿਰਾਂ ਨੇ ਇਸ ਮੁੱਦੇ ’ਤੇ ਪੰਜਾਬ ਦੀ ‘ਆਪ’ ਸਰਕਾਰ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਨੇ ਅੱਜ ਕਿਹਾ ਕਿ ਐੱਸਵਾਈਐੱਲ ਨਹਿਰ ਦਾ ਪਾਣੀ ਹਰਿਆਣਾ ਦੇ ਪਿੰਡ-ਪਿੰਡ ਪੁੱਜੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਣੀਆਂ ’ਤੇ ਹਰਿਆਣਾ ਦਾ ਹੱਕ ਹੈ। ਉਧਰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਅਜੇ ਤੱਕ ਸੁਸ਼ੀਲ ਕੁਮਾਰ ਦੇ ਦਾਅਵੇ ’ਤੇ ਕੋਈ ਪ੍ਰਤੀਕਰਮ ਨਹੀਂ ਦਿੱਤਾ ਹੈ। ਪੰਜਾਬ ਦੀ ‘ਆਪ’ ਸਰਕਾਰ ਵੀ ਫਿਲਹਾਲ ਚੁੱਪ ਹੈ। ਦੂਸਰੇ ਪਾਸੇ ਵਿਰੋਧੀ ਧਿਰਾਂ ਦੇ ਹੱਥ ਭਖਦਾ ਮੁੱਦਾ ਲੱਗ ਗਿਆ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਵਾਲ ਕੀਤਾ ਕਿ ‘ਆਪ’ ਪੰਜਾਬ ਦੇ ਰਾਜ ਸਭਾ ਮੈਂਬਰ ਹੁਣ ਆਪਣੇ ਸਾਥੀ ਡਾ. ਸੁਸ਼ੀਲ ਕੁਮਾਰ ਦੇ ਐੱਸਵਾਈਐੱਲ ਦੇ ਮੁੱਦੇ ’ਤੇ ਦਿੱਤੇ ਬਿਆਨ ਬਾਰੇ ਚੁੱਪ ਕਿਉਂ ਹਨ? ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਆਗੂਆਂ ਨੂੰ ਇਸ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ‘ਆਪ’ ਇੰਚਾਰਜ ਸੁਸ਼ੀਲ ਕੁਮਾਰ ਦਾ ਉਪਰੋਕਤ ਬਿਆਨ ‘ਆਪ’ ਤੇ ਭਾਜਪਾ ਵਿਚ ਫਿਕਸ ਮੈਚ ਵੱਲ ਇਸ਼ਾਰਾ ਕਰਦਾ ਹੈ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਤਾਂ ਪਹਿਲੀ ਅਪਰੈਲ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਇਸ ਬਾਰੇ ਚੌਕਸ ਕਰ ਦਿੱਤਾ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਹਰਿਆਣਾ ਦੇ ਅਗਲਾ ਕਾਨੂੰਨੀ ਰਾਹ ਅਖਤਿਆਰ ਕੀਤੇ ਜਾਣ ਦੇ ਪੈਂਤੜੇ ’ਤੇ ‘ਆਪ’ ਨੂੰ ਘੇਰਿਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ‘ਦੁਸ਼ਮਣ ਦਰਵਾਜ਼ੇ ’ਤੇ ਖੜ੍ਹਾ ਹੈ, ਮੁੱਖ ਮੰਤਰੀ ਜੀ, ਤੁਹਾਡੀ ਕੀ ਤਿਆਰੀ ਹੈ, ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈ ਕੇ ਕਾਨੂੰਨੀ ਲੜਾਈ ਲੜੋ। ਮੁੱਖ ਮੰਤਰੀ ਜੀ, ਚੁੱਪ ਧਾਰ ਕੇ ਸਥਿਤੀ ਵੱਲ ਵੇਖ ਰਹੇ ਹੋ ਜਾਂ ਫਿਰ ਦਿੱਲੀਓਂ ਫੁਰਮਾਨ ਉਡੀਕ ਰਹੇ ਹੋ।’’ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਪੰਜਾਬ ਦਾ ਹੱਕ ਹੈ ਅਤੇ ਇੱਕ ਬੂੰਦ ਪਾਣੀ ਹਰਿਆਣਾ ਜਾਂ ਦਿੱਲੀ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਨੇ ਵੀ ਡਾ. ਸੁਸ਼ੀਲ ਕੁਮਾਰ ਦੇ ਬਿਆਨ ’ਤੇ ਉਂਗਲ ਚੁੱਕੀ ਹੈ। ਸਾਬਕਾ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਆਪਣਾ ਪੱਖ ਸਪਸ਼ਟ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਦੇ ਪਾਣੀਆਂ ਦਾ ਮਸਲਾ ਬੜਾ ਗੰਭੀਰ ਹੈ।
ਸਾਜ਼ਿਸ਼ ਸਫ਼ਲ ਨਹੀਂ ਹੋਣ ਦੇਵਾਂਗੇ: ਅਕਾਲੀ ਦਲ
ਚੰਡੀਗੜ੍ਹ (ਦਵਿੰਦਰ ਪਾਲ): ਦਿੱਲੀ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਤੇ ਹਰਿਆਣਾ ਮਾਮਲਿਆਂ ਦੇ ਇੰਚਾਰਜ ਸੁਸ਼ੀਲ ਗੁਪਤਾ ਵੱਲੋਂ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਨੂੰ ਦੇਣ ਦੇ ਮੁੱਦੇ ’ਤੇ ਦਿੱਤੇ ਬਿਆਨ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਪਸ਼ਟੀਕਰਨ ਮੰਗਿਆ ਹੈ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਕਦੇ ਵੀ ਇਸ ਸਾਜ਼ਿਸ਼ ਨੂੰ ਸਫ਼ਲ ਨਹੀਂ ਹੋਣ ਦੇੇਵੇਗਾ। ਉਨ੍ਹਾਂ ਕਿਹਾ, ‘‘ਸਾਡੇ ਦਰਿਆਈ ਪਾਣੀ, ਸਾਡੀ ਜੀਵਨ ਰੇਖਾ ਹਨ। ਅਸੀਂ ਹਮੇਸ਼ਾ ਇਹ ਕਹਿੰਦੇ ਆਏ ਹਾਂ ਕਿ ਪੰਜਾਬ ਕੋਲ ਦੇਣ ਲਈ ਇਕ ਬੂੰਦ ਵੀ ਪਾਣੀ ਫਾਲਤੂ ਨਹੀਂ ਹੈ। ਸੂਬੇ ਦੇ 138 ਵਿੱਚੋਂ 109 ਜ਼ੋਨਾਂ ਵਿੱਚ ਜ਼ਮੀਨ ਹੇਠਲਾ ਪਾਣੀ ਘਟਣ ਨਾਲ ਇਨ੍ਹਾਂ ਨੂੰ ਰੈੱਡ ਜ਼ੋਨ ਐਲਾਨਿਆ ਜਾ ਚੁੱਕਾ ਹੈ ਤੇ ਸਾਡੀਆਂ ਆਪਣੀਆਂ ਜ਼ਮੀਨਾਂ ਵਾਸਤੇ ਪਾਣੀ ਦੀ ਘਾਟ ਹੈ।’’ ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪਹਿਲਾਂ ਵੀ ਸੂਬੇ ਦੇ ਦਰਿਆਈ ਪਾਣੀਆਂ ਦੀ ਰਾਖੀ ਵਾਸਤੇ ਸੰਘਰਸ਼ਾਂ ਦੀ ਅਗਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਐੱਮਪੀ ਨੇ ਐੱਸਵਾਈਐੈੱਲ ਨਹਿਰ ਬਾਰੇ ਆਪਣੀ ਪਾਰਟੀ ਦਾ ਸਟੈਂਡ ਹੀ ਦੁਹਰਾਇਆ ਹੈ। ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਪੰਜਾਬ ਦਾ ਦਰਿਆਈ ਪਾਣੀ ਹਰਿਆਣਾ ਨੂੰ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਸ ਸਬੰਧ ਵਿੱਚ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕੀਤਾ ਸੀ। ਉਨ੍ਹਾਂ ਕਿਹਾ ਕਿ ਸੁਸ਼ੀਲ ਗੁਪਤਾ ਦੇ ਤਾਜ਼ਾ ਐਲਾਨ ਤੋਂ ਸਪਸ਼ਟ ਹੈ ਕਿ ਆਮ ਆਦਮੀ ਪਾਰਟੀ ਦਰਿਆਈ ਪਾਣੀਆਂ ਦੇ ਮਾਮਲੇ ’ਤੇ ਪੰਜਾਬ ਵਿਰੋਧੀ ਸਟੈਂਡ ਲੈ ਰਹੀ ਹੈ ਅਤੇ ਇਹ ਪੰਜਾਬ ਦੇ ਪਾਣੀ ਹਰਿਆਣਾ ਤੇ ਦਿੱਲੀ ਨੂੰ ਦੇਣਾ ਚਾਹੁੰਦੀ ਹੈ।