ਪੱਤਰ ਪ੍ਰੇਰਕ
ਲਹਿਰਾਗਾਗਾ, 14 ਜੂਨ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇੱਥੋਂ ਦੀ ਰਾਮੀ ਵਾਲੀ ਖੂਹੀ ’ਤੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬੰਦੀ ਸਿੰਘਾਂ ਨਾਲ ਹਮਦਰਦੀ ਹੈ ਤਾਂ ਉਹ ਪ੍ਰਧਾਨਗੀ ਕਿਸੇ ਬੰਦੀ ਸਿੰਘ ਨੂੰ ਦੇਣ, ਦਮਦਮੀ ਟਕਸਾਲ ਦਾ ਮੁਖੀ ਵੀ ਕਿਸੇ ਬੰਦੀ ਸਿੰਘ ਨੂੰ ਬਣਾਉਣ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਪ੍ਰਧਾਨਗੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਸੌਂਪਣ, ਨਹੀਂ ਤਾਂ ਸੰਗਰੂਰ ਲੋਕ ਸਭਾ ਹਲਕੇ ਦੀ 23 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਵਿਚ ਲੋਕਾਂ ਨੂੰ ਗੁੰਮਰਾਹ ਨਾ ਕਰਨ।
ਉਨ੍ਹਾਂ ਬਾਦਲ ਪਰਿਵਾਰ ’ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਪੰਥ ਦੇ ਨਾਮ ਉੱਪਰ ਰਾਜਨੀਤੀ ਕੀਤੀ ਅਤੇ ਪੰਥ ਦਾ ਵੱਡਾ ਨੁਕਸਾਨ ਕੀਤਾ ਹੈ। ਉਨ੍ਹਾਂ ਭਗਵੰਤ ਮਾਨ ਦੀ ਸਰਕਾਰ ਨੂੰ ਨਿੰਦਦਿਆਂ ਕਿਹਾ ਕਿ ਅੱਜ ਹਰ ਪਾਸੇ ਉਨ੍ਹਾਂ ਦੀ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਸਾਹਮਣੇ ਆ ਰਹੀ ਹੈ। ਨਿੱਤ ਦਿਨ ਲੁੱਟਾਂ ਖੋਹਾਂ, ਡਾਕੇ ਅਤੇ ਦਿਨ ਦਿਹਾੜੇ ਹੋ ਰਹੇ ਕਤਲ ਇਸ ਸਰਕਾਰ ਦੀ ਨਾਕਾਮੀ ਦਰਸਾ ਰਹੇ ਹਨ। ਸਿਮਰਨਜੀਤ ਸਿੰਘ ਮਾਨ ਨੇ ਸਿੱਧੂ ਮੂਸੇਵਾਲਾ ਦੇ ਕਤਲ ਲਈ ਸੂਬੇ ਦੀ ‘ਆਪ’ ਸਰਕਾਰ ਤੇ ਕੇਂਦਰ ਸਰਕਾਰ ਨੂੰ ਬਰਾਬਰ ਦਾ ਦੋਸ਼ੀ ਠਹਿਰਾਇਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਬਾਲਟੀ ਦੇ ਚੋਣ ਨਿਸ਼ਾਨ ਦਾ ਬਟਨ ਦਬਾ ਕੇ ਉਨ੍ਹਾਂ ਨੂੰ ਸੰਸਦ ਵਿਚ ਭੇਜਣ।