ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਸਤੰਬਰ
ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਦੀ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ੍ਰੀ ਹਿੱਤ ਰਾਜੌਰੀ ਗਾਰਡਨ ਵਿੱਚ ਰਹਿੰਦੇ ਸਨ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਅਵਤਾਰ ਸਿੰਘ ਹਿੱਤ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਅਵਤਾਰ ਸਿੰਘ ਨਾਲ ਆਪਣੀ ਤਸਵੀਰ ਸਾਂਝੀ ਕਰਦਿਆਂ ਟਵਿੱਟਰ ’ਤੇ ਲਿਖਿਆ, ‘ਸੀਨੀਅਰ ਅਕਾਲੀ ਆਗੂ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਅਕਾਲੀ ਦਲ ਦੀ ਤਰਫ਼ੋਂ ਮੈਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ। ਹਿੱਤ ਸਾਹਿਬ ਨੂੰ ਪੰਥ ਅਤੇ ਪਾਰਟੀ ਲਈ ਉਨ੍ਹਾਂ ਦੇ ਯੋਗਦਾਨ ਲਈ ਯਾਦ ਕੀਤਾ ਜਾਵੇਗਾ।’ ਆਸਟਰੇਲੀਆ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੀਤਪਾਲ ਸਿੰਘ ਕਪੂਰ, ਹਰਮਨਜੀਤ ਸਿੰਘ ਤੇ ਹੋਰ ਆਗੂਆਂ ਨੇ ਸ੍ਰੀ ਹਿੱਤ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ। 80 ਸਾਲ ਦੇ ਹਿੱਤ ਦਾ ਜਨਮ ਪੰਜਾਬ ਵਿੱਚ ਸੁਲਤਾਨਪੁਰ ਲੋਧੀ ਨੇੜੇ ਪਿੰਡ ਮੈਰੀਪੁਰ (ਜ਼ਿਲ੍ਹਾ ਕਪੂਰਥਲਾ) ਵਿੱਚ ਹੋਇਆ ਸੀ। ਉਹ ਆਪਣੇ ਘਰ ਵਿੱਚ ਹੀ ਸਨ ਕਿ ਦਿਲ ਦਾ ਦੌਰਾ ਪੈ ਗਿਆ।
ਅੰਮ੍ਰਿਤਸਰ (ਟਨਸ): ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣੇ ’ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਦਿੱਲੀ ਕਮੇਟੀ ਦਾ ਮੁੱਖ ਦਫ਼ਤਰ ਇੱਕ ਦਿਨ ਲਈ ਬੰਦ
ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਕ ਰੋਜ਼ਾ ਸੋਗ ਦਾ ਐਲਾਨ ਕੀਤਾ ਹੈ। ਗੁਰਦੁਆਰਾ ਰਕਾਬ ਗੰਜ ਸਾਹਿਬ ਵਿਚ ਸਥਿਤ ਕਮੇਟੀ ਦਾ ਮੁੱਖ ਦਫ਼ਤਰ ਬੰਦ ਰੱਖਣ ਸਣੇ ਅੱਜ ਦੇ ਕਈ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਉਨ੍ਹਾਂ ਦਾ ਸਸਕਾਰ ਸ਼ਾਮ 5.30 ਵਜੇ ਬੇਰੀ ਵਾਲਾ ਬਾਗ, ਕੱਚਾ ਤਿਹਾੜ, ਸੁਭਾਸ਼ ਨਗਰ ਵਿੱਚ ਕਰ ਦਿੱਤਾ ਗਿਆ।