ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਮਾਰਚ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਅੱਜ ਇੱਥੇ ਪੰਜਾਬ ਵਿਧਾਨ ਸਭਾ ਚੋਣ ਨਤੀਜਿਆਂ ਦਾ ਵਿਸ਼ਲੇਸ਼ਣ ਕਰਨ ਲਈ ਮੀਟਿੰਗ ਹੋਈ। ਸ੍ਰੀ ਢੀਂਡਸਾ ਨੇ ਚੋਣਾਂ ਦੌਰਾਨ ਦਿਨ-ਰਾਤ ਮਿਹਨਤ ਕਰਨ ਵਾਲੇ ਪਾਰਟੀ ਦੇ ਉਮੀਦਵਾਰਾਂ, ਵਰਕਰਾਂ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਸ੍ਰੀ ਢੀਂਡਸਾ ਨੇ ਚੋਣ ਨਤੀਜਿਆਂ ਦੇ ਮੱਦੇਨਜ਼ਰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਪਾਰਟੀ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ, ਪਰ ਪਾਰਟੀ ਦੇ ਸੀਨੀਅਰ ਅਹੁਦੇਦਾਰਾਂ ਨੇ ਉਨ੍ਹਾਂ ਦੀ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟਾਉਂਦਿਆਂ ਅਸਤੀਫ਼ਾ ਨਾ ਦੇਣ ਲਈ ਕਿਹਾ। ਸ੍ਰੀ ਢੀਂਡਸਾ ਨੇ ਦਬਾਅ ਪਾਇਆ, ਜਿਸ ਮਗਰੋਂ ਪੰਜ ਮੈਂਬਰੀ ਕਮੇਟੀ ਬਣਾਈ ਗਈ, ਜੋ ਵਿਚਾਰ ਕਰਕੇ ਫੈ਼ਸਲਾ ਕਰੇਗੀ।