ਕਸਬਾ ਮੁੱਦਕੀ ਦੇ ਨਜ਼ਦੀਕ ਕੌਮੀ ਮਾਰਗ 'ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ।
ਮ੍ਰਿਤਕਾਂ ਦੀ ਪਛਾਣ ਗੁਰਸੇਵਕ ਸਿੰਘ ਉਰਫ਼ ਸੋਨਾ (35) ਪੁੱਤਰ ਮੱਖਣ ਸਿੰਘ ਤੇ ਜਗਜੀਤ ਸਿੰਘ ਉਰਫ਼ ਸੋਨੀ (31) ਪੁੱਤਰ ਮਲਕੀਤ ਸਿੰਘ ਵਾਸੀ ਆਨ ਪਿੰਡ ਲੋਹਾਮ ਥਾਣਾ ਘੱਲ ਖ਼ੁਰਦ ਵਜੋਂ ਹੋਈ ਹੈ। ਗੁਰਸੇਵਕ ਸਿੰਘ ਸ਼ਾਦੀਸ਼ੁਦਾ ਸੀ ਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ ਏਅਰ ਕੰਡੀਸ਼ਨਰ ਮੁਰੰਮਤ ਦਾ ਕੰਮ ਕਰਦੇ ਸਨ। ਇਹ ਘਟਨਾ ਸ਼ਾਮ ਕਰੀਬ 6 ਵਜੇ ਵਾਪਰੀ। ਘਟਨਾ ਸਮੇਂ ਦੋਨੋਂ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਫ਼ਰੀਦਕੋਟ ਵਾਲੇ ਪਾਸੇ ਤੋਂ ਮੁੱਦਕੀ ਨੂੰ ਆ ਰਹੇ ਸਨ। ਰਾਧਾ ਸੁਆਮੀ ਸਤਿਸੰਗ ਘਰ ਦੇ ਨਜ਼ਦੀਕ ਪਿੱਛੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਦੋਨੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਸਵਾਰਾਂ ਦੇ ਵੀ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਮੈਡੀਕਲ ਕਾਲਜ ਫ਼ਰੀਦਕੋਟ ਭੇਜਿਆ ਗਿਆ ਹੈ।
ਦੋਨੋਂ ਵਾਹਨ ਵੀ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਮੌਕੇ 'ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਤੇ ਥਾਣਾ ਘੱਲ ਖ਼ੁਰਦ ਦੀ ਟੀਮ ਨੇ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲੀਸ ਵੱਲੋਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

