ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਟੈਂਕਰ ਹਾਦਸਾ: ਮੰਡਿਆਲਾ ਵਾਸੀਆਂ ਵੱਲੋਂ ਸੜਕ ਜਾਮ

ਅੱਗ ਲੱਗਣ ਕਾਰਨ ਲੋਕਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ
ਪਿੰਡ ਮੰਡਿਆਲਾ ’ਚ ਹਾਦਸੇ ਮਗਰੋਂ ਦੁਕਾਨਾਂ ਵਿੱਚ ਸੜਿਆ ਹੋਇਆ ਸਾਮਾਨ। -ਫੋਟੋ: ਮਲਕੀਅਤ ਸਿੰਘ
Advertisement

ਸ਼ੁੱਕਰਵਾਰ ਰਾਤ ਹੁਸ਼ਿਆਰਪੁਰ-ਜਲੰਧਰ ਸੜਕ ’ਤੇ ਮੰਡਿਆਲਾ ਵਿੱਚ ਗੈਸ ਦਾ ਟੈਂਕਰ ਫਟਣ ਨਾਲ ਅੱਗ ਲੱਗ ਗਈ ਸੀ। ਇਸ ਕਾਰਨ ਇਲਾਕੇ ਦੇ ਲੋਕਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ। ਅੱਗ ਲੱਗਣ ਕਾਰਨ ਕਈ ਘਰ ਤੇ ਦੁਕਾਨਾਂ ਸੜ ਗਈਆਂ।

ਇਸ ਹਾਦਸੇ ’ਚ ਦੋ ਜਣਿਆਂ ਦੀ ਮੌਤ ਹੋ ਗਈ ਸੀ ਤੇ 21 ਵਿਅਕਤੀ ਬੁਰੀ ਤਰ੍ਹਾਂ ਝੁਲਸ ਗਏ ਸਨ। ਇਨ੍ਹਾਂ ’ਚ ਬੱਚੇ ਤੇ ਔਰਤਾਂ ਵੀ ਸ਼ਾਮਲ ਹਨ। ਸਬੰਧਤ ਐੱਲਪੀਜੀ ਪਲਾਂਟ ਦੇ ਅਧਿਕਾਰੀਆਂ ਵੱਲੋਂ ਹਾਦਸੇ ਤੋਂ ਬਾਅਦ ਕਿਸੇ ਕਿਸਮ ਦੀ ਮਦਦ ਨਾ ਕਰਨ ਅਤੇ ਮੁਆਵਜ਼ੇ ਦੀ ਮੰਗ ਲਈ ਪਿੰਡ ਵਾਸੀਆਂ ਨੇ ਸਵੇਰੇ ਮੁੱਖ ਸੜਕ ’ਤੇ ਜਾਮ ਲਗਾ ਦਿੱਤਾ। ਉਨ੍ਹਾਂ ਕਿਹਾ ਕਿ ਲੰਬੇ ਅਰਸੇ ਤੋਂ ਇਲਾਕੇ ਵਿੱਚ ਤੇਲ ਦੀ ਕਾਲਾਬਾਜ਼ਾਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਰਾਤ ਵੀ ਜਿਸ ਟੈਂਕਰ ਨੂੰ ਅੱਗ ਲੱਗੀ, ਉਹ ਐੱਲਪੀਜੀ ਪਲਾਂਟ ਤੋਂ ਨਿਕਲਣ ਤੋਂ ਕੁਝ ਦੇਰ ਬਾਅਦ ਦੂਜੇ ਪਾਸੇ ਨੂੰ ਚੱਲ ਪਿਆ ਜਿਸ ਤੋਂ ਲੱਗਦਾ ਹੈ ਕਿ ਇਹ ਟੈਂਕਰ ਵੀ ਕਾਲਾਬਾਜ਼ਾਰੀ ਲਈ ਜਾ ਰਿਹਾ ਸੀ। ਸਰਪੰਚ ਸੁਖਵੰਤ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਨਾਲ ਪਿੰਡ ਵਾਸੀਆਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਸਿਵਲ ਤੇ ਪੁਲੀਸ ਅਧਿਕਾਰੀਆਂ ਦੇ ਭਰੋਸੇ ਤੋਂ ਬਾਅਦ ਲਗਪਗ ਤਿੰਨ ਘੰਟਿਆਂ ਮਗਰੋਂ ਲੋਕਾਂ ਨੇ ਧਰਨਾ ਚੁੱਕਿਆ।

Advertisement

ਐੱਸਡੀਐੱਮ ਗੁਰਸਿਮਰਨਜੀਤ ਕੌਰ ਅਤੇ ਐੱਸਪੀ ਮੇਦਰ ਸਿੰਘ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਉੱਚ ਅਧਿਕਾਰੀਆਂ ਕੋਲ ਭੇਜੀਆਂ ਜਾਣਗੀਆਂ। ਐੱਸਐੱਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਪੁਲੀਸ ਨੇ ਟੈਂਕਰ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਤੋਂ ਇਲਾਵਾ ਦੋ ਜਣਿਆਂ ਖ਼ਿਲਾਫ਼ ਐੱਫਆਈਆਰ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਹੈ। ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਹਾਦਸੇ ਦੀ ਜਾਂਚ ਕਰਵਾਈ ਜਾਵੇਗੀ।

ਜਲੰਧਰ (ਹਤਿੰਦਰ ਮਹਿਤਾ): ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਵਿਧਾਇਕ ਪਰਗਟ ਸਿੰਘ ਮੰਡਿਆਲਾ ਗਏ ਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਤੇ ਮਰੀਜ਼ਾਂ ਦਾ ਹਾਲ ਵੀ ਪੁੱਛਿਆ। ਪਰਗਟ ਸਿੰਘ ਨੇ ਸਰਕਾਰ ਨਕਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਦਿੰਦੀ ਹੈ, ਪਰ ਇਸ ਹਾਦਸੇ ਵਿੱਚ ਮਰਨ ਵਾਲਿਆਂ ਨੂੰ ਸਿਰਫ਼ ਦੋ ਲੱਖ ਰੁਪਏ ਦਾ ਮੁਆਵਜ਼ਾ ਐਲਾਨ ਕਰਨਾ ਲੋਕਾਂ ਨਾਲ ਮਜ਼ਾਕ ਹੈ। ਉਨ੍ਹਾਂ ਨਾਲ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਐਡਵੋਕੇਟ ਹਰਨੀਤ ਸਿੰਘ ਲਾਲੀ ਆਦਿ ਮੌਜੂਦ ਸਨ।

ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਦੇਣ ਦਾ ਐਲਾਨ

ਚੰਡੀਗੜ੍ਹ (ਆਤਿਸ਼ ਗੁਪਤਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰ ਲਈ ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਵਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਜ਼ਖ਼ਮੀਆਂ ਦੇ ਛੇਤੀ ਸਿਹਤਯਾਬ ਹੋਣ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਘਟਨਾ ’ਤੇ ਅਫ਼ਸੋਸ ਜ਼ਾਹਰ ਕਰਦਿਆਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਨੇ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਦੇਵੇ ਸਰਕਾਰ: ਵੜਿੰਗ

ਹੁਸ਼ਿਆਰਪੁਰ (ਜਗਜੀਤ ਸਿੰਘ): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਸਿਵਲ ਹਸਪਤਾਲ ਹੁਸ਼ਿਆਰਪੁਰ ਪੁੱਜ ਕੇ ਮੰਡਿਆਲਾ ਗੈਸ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਮਿਲੇ ਅਤੇ ਜ਼ਖ਼ਮੀਆਂ ਦਾ ਹਾਲ ਜਾਣਿਆ। ਉਨ੍ਹਾਂ ਜ਼ਖਮੀਆਂ ਦੇ ਇਲਾਜ ਲਈ ਕਾਂਗਰਸ ਵੱਲੋਂ 1.10 ਲੱਖ ਰੁਪਏ ਦੀ ਰਕਮ ਦਿੱਤੀ। ਇਸ ਮੌਕੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, ਜ਼ਿਲ੍ਹਾ ਪ੍ਰਧਾਨ ਅਰੁਣ ਕੁਮਾਰ ਮਿੱਕੀ ਡੋਗਰਾ ਅਤੇ ਸਾਬਕਾ ਵਿਧਾਇਕ ਪਵਨ ਕੁਮਾਰ ਆਦਿ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਲਈ ਇੱਕ ਕਰੋੜ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨੁਕਸਾਨੇ ਮਕਾਨ ਵੀ ਸਰਕਾਰ ਬਣਾ ਕੇ ਦੇਵੇ।

Advertisement