ਨਰਮੇ ਹੇਠ 1.25 ਲੱਖ ਹੈਕਟੇਅਰ ਰਕਬਾ ਲਿਆਉਣ ਦਾ ਟੀਚਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਮਈ
ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ’ਚ ਨਰਮੇ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ ਮਾਲਵਾ ਖੇਤਰ ਦੇ ਅੱਠ ਜ਼ਿਲ੍ਹਿਆਂ ਦੇ ਮੁੱਖ ਖੇਤੀ ਅਫ਼ਸਰਾਂ ਨੂੰ ਕਿਸਾਨਾਂ ਨੂੰ ਨਰਮੇ ਦੀ ਖੇਤੀ ਦੀਆਂ ਆਧੁਨਿਕ ਤਕਨੀਕਾਂ ਬਾਰੇ ਸਿਖਲਾਈ ਅਤੇ ਸੇਧ ਦੇਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਕੀਟਾਂ ਦੀ ਰੋਕਥਾਮ ਸਬੰਧੀ ਯਤਨਾਂ ਦੀ ਸਖ਼ਤੀ ਨਾਲ ਪਾਲਣਾ ਅਤੇ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ ਹੈ। ਸ੍ਰੀ ਖੁੱਡੀਆਂ ਨੇ ਅੱਜ ਮਾਲਵਾ ਖੇਤਰ ਦੇ ਅੱਠ ਜ਼ਿਲ੍ਹੇ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਮੋਗਾ ਅਤੇ ਫਰੀਦਕੋਟ ਵਿੱਚ ਨਰਮੇ ਦੀ ਫਸਲ ਦੀ ਕਾਸ਼ਤ ਦੀ ਬਲਾਕ-ਵਾਰ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਸੀਜ਼ਨ ਵਿੱਚ ਨਰਮੇ ਦੀ ਕਾਸ਼ਤ ਹੇਠ 1.25 ਲੱਖ ਹੈਕਟੇਅਰ ਰਕਬਾ ਲਿਆਉਣ ਦਾ ਟੀਚਾ ਮਿੱਥਿਆ ਹੈ। ਸ੍ਰੀ ਖੁੱਡੀਆਂ ਨੇ ਕਿਹਾ ਕਿ ਸਰਕਾਰ ਨੇ ਨਰਮਾ ਉਤਪਾਦਕਾਂ ਲਈ ਲਾਗਤ ਖ਼ਰਚੇ ਨੂੰ ਘਟਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵੱਲੋਂ ਸਿਫ਼ਾਰਸ਼ ਕੀਤੇ ਨਰਮੇ ਦੇ ਬੀਟੀ ਕਾਟਨ ਹਾਈਬ੍ਰਿਡ ਬੀਜਾਂ ’ਤੇ 33 ਫ਼ੀਸਦ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ। ਖੇਤੀ ਮੰਤਰੀ ਨੇ ਨਰਮੇ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਪਿਛਲੇ ਸੀਜ਼ਨ ਦੀਆਂ ਨਰਮੇ-ਕਪਾਹ ਦੀਆਂ ਛਟੀਆਂ ਅਤੇ ਪਿੱਛੇ ਬਚੀ ਰਹਿੰਦ-ਖੂੰਹਦ ਦੇ ਪ੍ਰਬੰਧਨ ਅਤੇ ਖੇਤ ਦੀ ਸਫ਼ਾਈ ਦੀ ਸਥਿਤੀ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਚਿੱਟੀ ਮੱਖੀ ਦੇ ਪ੍ਰਬੰਧਨ ਲਈ ਨਰਮਾ ਪੱਟੀ ਵਿੱਚ ਨਦੀਨਾਂ ਦੇ ਖਾਤਮੇ ਸਬੰਧੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਮੁੱਖ ਖੇਤੀ ਅਫਸਰਾਂ ਨੂੰ ਕਿਹਾ ਕਿ ਉਹ ਰੂੰ ਮਿੱਲਾਂ ਵਿੱਚ ਗੁਲਾਬੀ ਸੁੰਡੀ ਦੀ ਨਿਗਰਾਨੀ ਅਤੇ ਮਿੱਲਾਂ ਵਿੱਚ ਗੁਲਾਬੀ ਸੁੰਡੀ ਦੇ ਲਾਰਵੇ ਦੀ ਰੋਕਥਾਮ ਲਈ ਨਰਮੇ ਦੇ ਸਟਾਕ ’ਤੇ ਕੀਟਨਾਸ਼ਕ ਦੇ ਛਿੜਕਾਅ ਨੂੰ ਯਕੀਨੀ ਬਣਾਉਣ।