ਅਮਰੀਕਾ ’ਚ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਗ਼ਲਤ: ਧਾਮੀ
ਸ਼੍ਰੋਮਣੀ ਕਮੇਟੀ ਨੇ ਅਮਰੀਕੀ ਦੂਤਘਰ ਨੂੰ ਪੱਤਰ ਲਿਖ ਕੇ ਇਤਰਾਜ਼ ਪ੍ਰਗਟਾਇਆ
ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵੱਲੋਂ ਐਕਸ ਰਾਹੀਂ ਸਾਹਮਣੇ ਆਏ ਇੱਕ ਪੋਸਟਰ ਵਿੱਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੇ ਨਵੀਂ ਦਿੱਲੀ ਸਥਿਤ ਦੂਤਘਰ ਨੂੰ ਪੱਤਰ ਲਿਖ ਕੇ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ਵੀ ਇਹ ਮਾਮਲਾ ਕੂਟਨੀਤਕ ਤੌਰ ’ਤੇ ਅਮਰੀਕਾ ਸਰਕਾਰ ਕੋਲ ਚੁੱਕਣ ਦੀ ਅਪੀਲ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅਮਰੀਕਾ ਦੇ ਵਿਕਾਸ ਅਤੇ ਆਰਥਿਕ ਤਰੱਕੀ ਵਿੱਚ ਪੰਜਾਬੀਆਂ ਨੇ ਆਪਣੀ ਮਿਹਨਤ, ਇਮਾਨਦਾਰੀ ਅਤੇ ਹੁਨਰ ਨਾਲ ਅਹਿਮ ਯੋਗਦਾਨ ਪਾਇਆ ਹੈ। ਟਰਾਂਸਪੋਰਟ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਿੱਖ ਤੇ ਪੰਜਾਬੀ ਆਪਣੀ ਮਿਹਨਤ ਨਾਲ ਅੱਗੇ ਵਧੇ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਪੋਸਟਰ ਵਿੱਚ ‘ਮਿਸਟਰ ਸਿੰਘ’ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰ ਕੇ ਪੰਜਾਬੀ ਅਤੇ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਣਾ ਨਸਲੀ ਅਤੇ ਭਾਈਚਾਰਕ ਪੱਖਪਾਤ ਵਾਲੀ ਸੋਚ ਨੂੰ ਦਰਸਾਉਂਦਾ ਹੈ। ਸ਼੍ੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਿਸੇ ਵੀ ਭਾਈਚਾਰੇ ਨੂੰ ਉਸ ਦੀ ਧਾਰਮਿਕ ਪਛਾਣ, ਨਾਮ ਜਾਂ ਪਹਿਰਾਵੇ ਦੇ ਆਧਾਰ ’ਤੇ ਨਿਸ਼ਾਨਾ ਬਣਾਉਣਾ ਸੱਭਿਅਕ ਸਮਾਜ ਦੀਆਂ ਕਦਰਾਂ-ਕੀਮਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਅਜਿਹਾ ਵਰਤਾਰਾ ਵੱਖ-ਵੱਖ ਭਾਈਚਾਰਿਆਂ ਦੀ ਆਪਸੀ ਸਾਂਝ ਅਤੇ ਮਿਲਵਰਤਣ ਲਈ ਵੀ ਖ਼ਤਰਾ ਹੈ।
ਧਾਮੀ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਨੂੰ ਇਕ ਅਕਾਲ ਪੁਰਖ ਨਾਲ ਜੋੜਨ ਵਾਲੇ ਸਰਬ ਸਾਂਝੇ ਅਤੇ ਪਾਵਨ ਗ੍ਰੰਥ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਗੁਰੂ ਸਾਹਿਬਾਨ ਤੋਂ ਇਲਾਵਾ ਵੱਖ-ਵੱਖ ਧਰਮਾਂ, ਵਰਗਾਂ ਨਾਲ ਸਬੰਧਤ ਭਗਤਾਂ ਦੀ ਬਾਣੀ ਦਰਜ ਹੈ, ਜੋ ਮਨੁੱਖ ਨੂੰ ਵੰਡੀਆਂ ਤੋਂ ਉੱਪਰ ਉੱਠ ਕੇ ਸਾਂਝੀਵਾਲਤਾ ਅਤੇ ਭਾਈਚਾਰਕ ਸਦਭਾਵਨਾ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪਹਿਲੇ ਪ੍ਰਕਾਸ਼ ਪੁਰਬ ਮੌਕੇ ਭਲਕੇ 12 ਸਤੰਬਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਖਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਜਾਵੇਗਾ।

