ਤਰਨਤਾਰਨ ਜ਼ਿਮਨੀ ਚੋਣ; ‘ਆਪ’ ਨੇ ਹਰਮੀਤ ਸੰਧੂ ਨੂੰ ਐਲਾਨਿਆ ਉਮੀਦਵਾਰ
Tarn Taran By Poll: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿਧਾਨ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਐਲਾਨਿਆ।
ਇਹ ਸੀਟ ਜੂਨ ਵਿੱਚ ‘ਆਪ’ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਖਾਲੀ ਹੋ ਗਈ ਸੀ। ਚੋਣ ਕਮਿਸ਼ਨ ਨੇ ਅਜੇ ਤੱਕ ਜ਼ਿਮਨੀ ਚੋਣ ਦੀ ਮਿਤੀ ਦਾ ਐਲਾਨ ਨਹੀਂ ਕੀਤਾ ਹੈ।
ਤਰਨ ਤਾਰਨ ਵਿੱਚ ਇੱਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਕਿ ਸੰਧੂ ਉਪ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ। ਮਾਨ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਲਈ ਇੱਕ ਪ੍ਰੋਜੈਕਟ ਦੇ ਉਦਘਾਟਨ ਲਈ ਤਰਨ ਤਾਰਨ ਵਿੱਚ ਸਨ।
ਸੰਧੂ ਤਰਨ ਤਾਰਨ ਸੀਟ ਤੋਂ ਤਿੰਨ ਵਾਰ ਵਿਧਾਇਕ ਰਹੇ ਹਨ। ਉਹ 2002 ਵਿੱਚ ਇੱਕ ਆਜ਼ਾਦ ਉਮੀਦਵਾਰ ਵਜੋਂ ਚੁਣੇ ਗਏ ਸਨ। ਸੰਧੂ 2007 ਅਤੇ 2012 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਦੁਬਾਰਾ ਚੁਣੇ ਗਏ ਸਨ। ਹਾਲਾਂਕਿ, ਉਹ 2017 ਅਤੇ 2022 ਵਿੱਚ ਹਾਰ ਗਏ ਸਨ। ਸੰਧੂ 16 ਜੁਲਾਈ ਨੂੰ 'ਆਪ' ਵਿੱਚ ਸ਼ਾਮਲ ਹੋਏ ਸਨ।