DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਤਰਨ ਤਾਰਨ ਜ਼ਿਮਨੀ ਚੋਣ: ਅਕਾਲੀ ਦਲ ਨੇ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨਿਆ

ਸੁਖਬੀਰ ਨੇ ‘ਆਪ’ ਅਤੇ ਕਾਂਗਰਸ ’ਤੇ ਕੀਤੇ ਸ਼ਬਦੀ ਵਾਰ; ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦੀ ਅਪੀਲ
  • fb
  • twitter
  • whatsapp
  • whatsapp
featured-img featured-img
ਰੈਲੀ ਮੌਕੇ ਮੰਚ ’ਤੇ ਮੌਜੂਦ ਸੁਖਬੀਰ ਬਾਦਲ, ਸੁਖਵਿੰਦਰ ਕੌਰ ਰੰਧਾਵਾ ਤੇ ਹੋਰ ਆਗੂ।
Advertisement
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ| ਸੁਖਬੀਰ ਨੇ ਇਹ ਐਲਾਨ ਪਾਰਟੀ ਦੇ ਪਹਿਲੇ ਪ੍ਰਧਾਨ ਸਰਮੁੱਖ ਸਿੰਘ ਝਬਾਲ ਦੇ ਜੱਦੀ ਪਿੰਡ ਝਬਾਲ ਦੀ ਦਾਣਾ ਮੰਡੀ ’ਚ ਕੀਤੇ ਗਏ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਕਾਰਨ ਇਹ ਸੀਟ ਖਾਲੀ ਹੋ ਗਈ ਸੀ ਜਿਸ ਲਈ ਹੁਣ ਜ਼ਿਮਨੀ ਚੋਣ ਕਰਵਾਈ ਜਾ ਰਹੀ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਲੋਕਾਂ ਨੂੰ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦੀ ਅਪੀਲ ਵੀ ਕੀਤੀ।

ਹਲਕੇ ਅੰਦਰ ‘ਆਜ਼ਾਦ ਗਰੁੱਪ’ ਦੇ ਨਾਂ ’ਤੇ ਸਿਆਸੀ ਗਤੀਵਿਧੀਆਂ ਕਰਦੇ ਆ ਰਹੇ ਗਰੁੱਪ ਵੱਲੋਂ ਬੀਬੀ ਸੁਖਵਿੰਦਰ ਕੌਰ ਨੂੰ ਕੁਝ ਦਿਨ ਪਹਿਲਾਂ ਹੀ ਆਪਣਾ ਆਗੂ ਚੁਣਿਆ ਗਿਆ ਸੀ, ਜਿਨ੍ਹਾਂ ਨੂੰ ਅੱਜ ਪਹਿਲਾਂ ਸੁਖਬੀਰ ਬਾਦਲ ਨੇ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਅਤੇ ਬਾਅਦ ਵਿੱਚ ਉਮੀਦਵਾਰ ਵੀ ਐਲਾਨ ਦਿੱਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਬਾਦਲ ਨੇ ਆਪਣੀਆਂ ਵਿਰੋਧੀ ਧਿਰਾਂ ਤੇ ਖ਼ਾਸ ਕਰਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ’ਤੇ ਸ਼ਬਦੀ ਵਾਰ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸਾਜ਼ਿਸ਼ ਤਹਿਤ ਸੋਸ਼ਲ ਮੀਡੀਆ ਰਾਹੀਂ ਅਕਾਲੀ ਦਲ ਨੂੰ ਬਦਨਾਮ ਕੀਤਾ ਹੈ| ਉਨ੍ਹਾਂ ‘ਆਪ’ ਨੂੰ ਬੇਅਦਬੀ ਦੀਆਂ ਘਟਨਾਵਾਂ ਦਾ ਕਸੂਰਵਾਰ ਦੱਸਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੂਬੇ ਦੇ ਕਿਸਾਨ ਨੂੰ ਲੁੱਟਣ ਲਈ ਚੰਡੀਗੜ੍ਹ, ਲੁਧਿਆਣਾ ਅਤੇ ਤਰਨ ਤਾਰਨ ਦੀ ਜ਼ਮੀਨ ਪੂਲਿੰਗ ਕੀਤੀ ਜਾ ਰਹੀ ਹੈ| ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਥਾਂ ’ਤੇ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਆਪਣੇ ਹਿੱਤਾਂ ਦੀ ਰਾਖੀ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ|

Advertisement

ਇਕੱਤਰਤਾ ਨੂੰ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਇਕਬਾਲ ਸਿੰਘ ਸੰਧੂ, ਗੁਰਬਚਨ ਸਿੰਘ ਕਰਮੂੰਵਾਲਾ, ਗੌਰਵ ਵਲਟੋਹਾ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਖਾਪਰਖੇੜੀ, ਸੁਰਜੀਤ ਸਿੰਘ ਪਹਿਲਵਾਨ, ਰਾਜਵਿੰਦਰ ਸਿੰਘ, ਰਣਬੀਰ ਸਿੰਘ ਰਾਣਾ ਲੋਪੋਕੇ ਅਤੇ ਗੁਰਸੇਵਕ ਸਿੰਘ ਸ਼ੇਖ ਨੇ ਵੀ ਸੰਬੋਧਨ ਕੀਤਾ|

Advertisement
×