ਤਰਨ ਤਾਰਨ ਵਾਸੀਆਂ ਨੇ ਵਿਰੋਧੀ ਨਕਾਰੇ: ਸਿਸੋਦੀਆ
‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਪਾਰਟੀ ਦਫ਼ਤਰ ਵਿਖੇ ਮੰਤਰੀਆਂ, ਵਿਧਾਇਕਾਂ ਅਤੇ ਵਾਲੰਟੀਅਰਾਂ ਨਾਲ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਸੱਤਾ ਵਿੱਚ ਨਾ ਹੋਣ ਦੇ ਬਾਵਜੂਦ ਹੰਕਾਰੀ ਬਿਆਨ ਦੇ ਕੇ ਪੰਜਾਬੀਆਂ ਦੀ ਚੇਤਨਾ ਨੂੰ ਚੁਣੌਤੀ ਦਿੱਤੀ।
ਪੰਜਾਬ ’ਆਪ’ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ (ਆਪ’ ਦੇ ਤਰਨਤਾਰਨ ਜ਼ਿਮਨੀ ਚੋਣ ਇੰਚਾਰਜ), ਹਰਦੀਪ ਸਿੰਘ ਮੁੰਡੀਆਂ ਅਤੇ ਬਰਿੰਦਰ ਗੋਇਲ ਦੇ ਨਾਲ ਵਿਰੋਧੀਆਂ ਨੂੰ ਇੱਕ ਸਖ਼ਤ ਸੰਦੇਸ਼ ਦਿੱਤਾ। ਅਮਨ ਅਰੋੜਾ ਨੇ ਕਿਹਾ ਕਿ ਤਰਨ ਤਾਰਨ ਦੇ ਲੋਕਾਂ ਵੱਲੋਂ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਮਾਨ ਸਰਕਾਰ ਵੱਲੋਂ ਕੀਤੇ ਗਏ ਕੰਮਾਂ ’ਤੇ ਸਿੱਧੀ ਮੋਹਰ ਲਾਈ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਨੇ ਆਪਣੀਆਂ ਜ਼ਮਾਨਤਾਂ ਗੁਆ ਦਿੱਤੀਆਂ ਜਿਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬੀਆਂ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਜਾਤੀ ਅਤੇ ਧਾਰਮਿਕ ਰਾਜਨੀਤੀ ਵਿੱਚ ਸ਼ਾਮਲ ਹੋ ਕੇ ਦਲਿਤਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ। ਲੋਕਾਂ ਨੇ ਉਨ੍ਹਾਂ ਨੂੰ ਕਰਾਰੀ ਹਾਰ ਦਿੱਤੀ ਹੈ।
ਭਾਜਪਾ, ਜਿਸ ਨੇ ਲਗਾਤਾਰ ਪੰਜਾਬ ਅਤੇ ਪੰਜਾਬੀਅਤ ’ਤੇ ਹਮਲਾ ਕੀਤਾ ਹੈ, ਨੂੰ ਤਰਨ ਤਾਰਨ ਦੇ ਲੋਕਾਂ ਨੇ ਸਪਸ਼ਟ ਰੂਪ ’ਚ ਰੱਦ ਕਰ ਦਿੱਤਾ ਹੈ।
