ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੱਲੋਂ ਪੰਥਕ ਧਿਰਾਂ ਨੂੰ ਇਕਜੁੱਟ ਹੋਣ ਦਾ ਸੱਦਾ !
ਸਰਕਾਰ ਅੰਮ੍ਰਿਤਪਾਲ ਨੂੰ ਲੋਕ ਸਭਾ ‘ਚ ਬੋਲਣ ਤੋਂ ਰੋਕ ਰਹੀ ਹੈ, ‘ਆਪ’ ਨੂੰ ਹਾਰ ਦਾ ਡਰ- ਤਰਸੇਮ ਸਿੰਘ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅੱਜ ਪੰਥਕ ਧਿਰਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੀ ਏਕਤਾ ਵਿੱਚ ਉਨ੍ਹਾਂ ਲੋਕਾਂ ਜਾਂ ਪਾਰਟੀਆਂ ਲਈ ਕੋਈ ਥਾਂ ਨਹੀਂ ਹੋਵੇਗੀ ਜੋ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਗਠਜੋੜ ਦੀਆਂ ਅਫ਼ਵਾਹਾਂ ਨੂੰ ਖਾਰਜ ਕਰਦਿਆਂ ਉਨ੍ਹਾਂ ਕਿਹਾ ਕਿ ਹਾਲੇ ਤੱਕ ਅਜਿਹੀ ਕੋਈ ਮੁਲਾਕਾਤ ਜਾਂ ਗੱਲਬਾਤ ਨਹੀਂ ਹੋਈ ਹੈ ਪਰ ਉਹ ਪੰਥ ਹਿਤੈਸ਼ੀ ਪਾਰਟੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰਨਗੇ ਤਾਂ ਜੋ ਸਿੱਖ ਕੌਮ ਦੀ ਆਵਾਜ਼ ਨੂੰ ਮਜ਼ਬੂਤ ਕੀਤਾ ਜਾ ਸਕੇ।
ਤਰਸੇਮ ਸਿੰਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਅੰਮ੍ਰਿਤਪਾਲ ਸਿੰਘ ਨੂੰ ਜਾਣਬੁੱਝ ਕੇ ਲੋਕ ਸਭਾ ਵਿੱਚ ਬੋਲਣ ਤੋਂ ਰੋਕ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਡਰ ਹੈ ਕਿ ਜੇਕਰ ਅੰਮ੍ਰਿਤਪਾਲ ਨੇ ਸੰਸਦ ਵਿੱਚ ਇੱਕ ਵਾਰ ਵੀ ਮੁੱਦੇ ਚੁੱਕ ਦਿੱਤੇ, ਤਾਂ ਆਉਣ ਵਾਲੀਆਂ ਚੋਣਾਂ ਵਿੱਚ ‘ਆਪ’ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਲਾਪਤਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਮੁੱਦੇ ’ਤੇ ਸ਼੍ਰੋਮਣੀ ਕਮੇਟੀ ਦੀ ਢਿੱਲੀ ਕਾਰਗੁਜ਼ਾਰੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਾਲੀਆ ਬਿਆਨਾਂ ਦੀ ਵੀ ਸਖ਼ਤ ਨਿਖੇਧੀ ਕੀਤੀ।

