ਅਧਿਆਪਕ ’ਤੇ ਵਿਦਿਆਰਥੀ ਦਾ ਜਿਨਸ਼ੀ ਸ਼ੋਸ਼ਣ ਦਾ ਦੋਸ਼
ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਦੇ ਅਧਿਆਪਕ ’ਤੇ ਵਿਦਿਆਰਥੀ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਲੱਗੇ ਹਨ। ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਰਾਜੇਸ਼ ਕੁਮਾਰ ਨੇ ਇਸ ਸਬੰਧੀ ਕੱਲ੍ਹ ਵਿਭਾਗ ਦੇ ਚੇਅਰਮੈਨ ਨੂੰ ਪੱਤਰ ਵੀ ਲਿਖਿਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ 19 ਸਤੰਬਰ ਨੂੰ ਥਾਣਾ ਖੇਮਕਰਨ ਮੁਖੀ ਸਬ-ਇੰਸਪੈਕਟਰ ਬਲਬੀਰ ਸਿੰਘ ਨੂੰ ਪੈਨ ਡਰਾਈਵ ਦਿੰਦਿਆਂ ਘਟਨਾ ਦੀ ਜਾਣਕਾਰੀ ਦਿੱਤੀ ਸੀ| ਇਸ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਮੁਖੀ ਨੇ ਅਧਿਆਪਕ ਨੂੰ ਸਕੂਲ ਮੁਖੀ ਦੀ ਹਾਜ਼ਰੀ ਵਿੱਚ ਸਕੂਲ ਤੋਂ ਗ੍ਰਿਫ਼ਤਾਰ ਕਰ ਲਿਆ ਸੀ| ਇਸ ਮਾਮਲੇ ਸਬੰਧੀ ਪੁਲੀਸ ਨੇ ਅਗਲੇਰੀ ਕਾਰਵਾਈ ਕਰਨ ਦੀ ਥਾਂ ਅਧਿਆਪਕ ਨੂੰ ਇਹ ਆਖ ਕੇ ਛੱਡ ਦਿੱਤਾ ਕਿ ਪੀੜਤ ਦੀ ਸ਼ਨਾਖ਼ਤ ਨਹੀਂ ਕੀਤੀ ਜਾ ਸਕੀ| ਇਸ ਉਪਰੰਤ ਅਧਿਆਪਕ ਨੇ ਮੁੜ ਤੋਂ ਸਕੂਲ ਆ ਕੇ ਆਪਣੀ ਹਾਜ਼ਰੀ ਲਗਵਾ ਲਈ| ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤਨਾਮ ਸਿੰਘ ਬਾਠ ਨੇ ਕਿਹਾ ਕਿ ਉਹ ਅੱਜ ਚੰਡੀਗੜ੍ਹ ਕਿਸੇ ਮੀਟਿੰਗ ਵਿੱਚ ਹਨ। ਉਨ੍ਹਾਂ ਨੂੰ ਇਸ ਮਾਮਲੇ ਦੀ ਜਾਣਕਾਰੀ ਨਹੀਂ ਹੈ| ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਰਾਜੇਸ਼ ਕੁਮਾਰ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਕਰਵਾਉਣ ਤੱਕ ਕੋਸ਼ਿਸ਼ ਜਾਰੀ ਰੱਖਣਗੇ| ਉਨ੍ਹਾਂ ਵਿਭਾਗ ਦੇ ਸੂਬਾ ਚੇਅਰਮੈਨ ਨੂੰ ਲਿਖੇ ਪੱਤਰ ਦੀ ਕਾਪੀ ਤਰਨ ਤਾਰਨ ਦੇ ਚੀਫ ਜੁਡੀਸ਼ਲ ਮੈਜਿਸਟਰੇਟ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਐੱਸ ਐੱਸ ਪੀ ਨੂੰ ਵੀ ਭੇਜ ਦਿੱਤੀ ਹੈ|
ਲਿਖਤੀ ਸ਼ਿਕਾਇਤ ਮਗਰੋਂ ਕੇਸ ਦਰਜ ਹੋਵੇਗਾ: ਥਾਣਾ ਮੁਖੀ
ਥਾਣਾ ਮੁਖੀ ਸਬ-ਇੰਸਪੈਕਟਰ ਬਲਬੀਰ ਸਿੰਘ ਨੇ ਕਿਹਾ ਕਿ ਇਸ ਸਬੰਧੀ ਪੁਲੀਸ ਦੇ ਰਿਕਾਰਡ ਵਿੱਚ ਵਟਸਐਪ ਦੀ ਵੀਡੀਓ ਦੇ ਆਧਾਰ ’ਤੇ ਡੀ ਡੀ ਆਰ ਦਰਜ ਕਰ ਲਈ ਗਈ ਹੈ। ਇਸ ਮਾਮਲੇ ਬਾਰੇ ਲਿਖਤੀ ਸ਼ਿਕਾਇਤ ਮਿਲਣ ’ਤੇ ਕੇਸ ਦਰਜ ਕੀਤਾ ਜਾਵੇਗਾ|