ਸੰਜੀਵ ਬੱਬੀ
ਚਮਕੌਰ ਸਾਹਿਬ, 5 ਅਗਸਤ
ਅਧਿਆਪਕਾਂ ਨੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੱਦੇ ’ਤੇ ਅੱਜ ਆਪਣੇ ਘਰਾਂ ’ਤੇ ਕਾਲੇ ਝੰਡੇ ਲਹਿਰਾ ਕੇ ਸਰਕਾਰੀ ਅਤੇ ਵਿਭਾਗੀ ਧੱਕੇਸ਼ਾਹੀ ਖਿਲਾਫ਼ ਸਰਕਾਰ ਨੂੰ ਵੰਗਾਰਿਆ। ਜੀਟੀਯੂ ਦੇ ਸੀਨੀਅਰ ਆਗੂਆਂ ਧਰਮਿੰਦਰ ਸਿੰਘ ਭੰਗੂ ਤੇ ਸਤੀਸ਼ ਕੁਮਾਰ ਨੇ ਜਿੱਥੇ ਘਰੋ-ਘਰੀਂ ਜਾ ਕੇ ਅਧਿਆਪਕਾਂ ਨੂੰ ਪ੍ਰੇਰਿਆ, ਉੱਥੇ ਅਜੋਕੇ ਹਾਲਾਤਾਂ ਬਾਰੇ ਵੀ ਜਾਣੂ ਕਰਵਾਇਆ। ਬਲਾਕ ਚਮਕੌਰ ਸਾਹਿਬ ਵਿੱਚ ਸੈਂਕੜੇ ਅਧਿਆਪਕਾਂ ਨੇ ਕਾਲੇ ਝੰਡੇ ਲਹਿਰਾ ਕੇ ਵੰਗਾਰ ਦਿਵਸ ਮਨਾਇਆ।
ਨੂਰਪੁਰ ਬੇਦੀ (ਬਲਵਿੰਦਰ ਰੈਤ): ਕੇਂਦਰ ਸਰਕਾਰ ਦੀਆਂ ਜਨਤਕ ਸਿੱਖਿਆਂ ਅਤੇ ਅਧਿਆਪਕ ਵਿਰੋਧੀ ਨੀਤੀਆਂ ਦਾ ਵਿਰੋਧ ਕਰਦਿਆਂ ਅਤੇ ਲੰਬੇ ਸਮੇਂ ਤੋਂ ਲਟਕਦੇ ਅਧਿਆਪਕ ਮਸਲੇ ਖ਼ਿਲਾਫ਼ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੱਦੇ ’ਤੇ ਅਧਿਆਪਕਾਂ ਨੇ ਪਰਿਵਾਰਾਂ ਸਮੇਤ ਅੱਜ ਆਪੋ-ਆਪਣੇ ਘਰਾਂ ਅੱਗੇ ਮੰਗਾਂ ਸਬੰਧੀ ਪੋਸਟਰ ਲ ਕੇ ਅਤੇ ਕਾਲੇ ਝੰਡੇ ਲਹਿਰਾ ਕੇ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਸਸਕੌਰ ਅਤੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਗਿੱਲ ਹਾਜ਼ਰ ਸਨ।
ਅਮਲੋਹ (ਰਾਮ ਸਰਨ ਸੂਦ): ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਜਨਤਕ ਸਿੱਖਿਆ ਅਤੇ ਅਧਿਆਪਕ ਵਿਰੋਧੀ ਨੀਤੀਆਂ ਦਾ ਵਿਰੋਧ ਕਰਦਿਆਂ ਅਤੇ ਲੰਬੇ ਸਮੇਂ ਤੋਂ ਲਟਕਦੇ ਅਧਿਆਪਕ ਮਸਲੇ ਹੱਲ ਨਾ ਹੋਣ ’ਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਅਧਿਆਪਕਾਂ ਨੇ ਅੱਜ ਪਰਿਵਾਰਾਂ ਸਣੇ ਘਰਾਂ ਅੱਗੇ ਮੰਗਾਂ ਦੇ ਪੋਸਟਰ ਲਾ ਕੇ ਅਤੇ ਛੱਤਾਂ ’ਤੇ ਕਾਲੇ ਝੰਡੇ ਲਹਿਰਾ ਕੇ ਨਾਅਰੇਬਾਜ਼ੀ ਕੀਤੀ। ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਰਾਜੇਸ਼ ਕੁਮਾਰ ਅਮਲੋਹ ਨੇ ਦੋਸ਼ ਲਾਇਆ ਕਿ ਕੋਵਿਡ-19 ਮਹਾਮਾਰੀ ਦੀ ਆੜ ਵਿੱਚ ਲਗਾਤਾਰ ਅਧਿਆਪਕਾਂ ਅਤੇ ਮੁਲਾਜ਼ਮਾਂ ਵਿਰੋਧੀ ਫ਼ੈਸਲੇ ਕੀਤੇ ਜਾ ਰਹੇ ਹਨ। ਡੇਢ ਸਾਲ ਬੀਤ ਜਾਣ ਦੇ ਬਾਵਜੂਦ ਪਟਿਆਲਾ ਸੰਘਰਸ਼ ਸਮੇਂ ਸਰਕਾਰ ਨਾਲ ਹੋਏ ਸਮਝੌਤਿਆਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਇਸ ਮੌਕੇ ਜਗਤਾਰ ਸਿੰਘ ਫੈਜ਼ੂਲਾਪੁਰ, ਅਮਰਜੀਤ ਸਿੰਘ, ਸਤਿੰਦਰ ਸਿੰਘ, ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਬਰਵਾਲੀ, ਨਾਜਰ ਸਿੰਘ, ਰਾਜਿੰਦਰ ਸਿੰਘ ਰਾਜਨ, ਦਲਬਾਰਾ ਸਿੰਘ, ਤੇਜਿੰਦਰ ਸਿੰਘ, ਗੁਰਮੀਤ ਸਿੰਘ, ਕਮਲਜੀਤ ਸਿੰਘ ਅਤੇ ਗੁਰਮੁੱਖ ਸਿੰਘ ਹਾਜ਼ਰ ਸਨ।
ਕੁਰਾਲੀ (ਮੇਹਰ ਸਿੰਘ): ਗੌਰਮਿੰਟ ਟੀਚਰਜ਼ ਯੂਨੀਅਨ ਨੇ ਅਧਿਆਪਕ ਅਤੇ ਮੁਲਾਜ਼ਮ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਅੱਜ ਇੱਥੇ ‘ਵੰਗਾਰ ਦਿਵਸ’ ਮਨਾਇਆ ਗਿਆ। ਅਧਿਆਪਕਾਂ ਨੇ ਆਪੋ-ਆਪਣੇ ਘਰਾਂ ’ਤੇ ਕਾਲੇ ਝੰਡੇ ਲਹਿਰਾ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਇਸ ਮੌਕੇ ਜੀਟੀਯੂ ਦੇ ਬਲਾਕ ਪ੍ਰਧਾਨ ਰਵਿੰਦਰ ਸਿੰਘ ਪੱਪੀ,ਜਥੇਬੰਦੀ ਦੇ ਸਾਬਕਾ ਸੂਬਾ ਪ੍ਰੈਸ ਸਕੱਤਰ ਹਰਨੇਕ ਸਿੰਘ ਮਾਵੀ ਹਾਜ਼ਰ ਸਨ।